ਸੁਖਬੀਰ ਧੜੇ ਨੇ ਅਕਾਲੀ ਦਲ ਦੇ ਸਰਪ੍ਰਸਤ ਨੂੰ ਹੀ ਪਾਰਟੀ `ਚੋਂ ਬਾਹਰ ਕੱਢਿਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਹ ਫੈਸਲਾ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜ਼ਾਰ ਸਿੰਘ ਰਣੀਕੇ ਵੀ ਮੌਜੂਦ ਸਨ। ਕਮੇਟੀ ਨੇ ਢੀਂਡਸਾ ‘ਤੇ ਪਾਰਟੀ ਨੂੰ ਕਮਜ਼ੋਰ ਕਰਨ ਅਤੇ ਵੰਡਣ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਲਾਏ ਹਨ।
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਆਪਣੇ ਅਹੁਦੇ ਦੀ ਮਰਿਆਦਾ ਕਾਇਮ ਨਹੀਂ ਰੱਖ ਸਕੇ।

ਇਧਰ, ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਕੱਢਣ ਦਾ ਫ਼ੈਸਲਾ ਗੈਰ-ਸੰਵਿਧਾਨਿਕ ਅਤੇ ਰਵਾਇਤਾਂ ਤੋਂ ਉਲਟ ਕਰਾਰ ਦਿੱਤਾ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਲਦੇਵ ਸਿੰਘ ਮਾਨ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਰੱਖੜਾ ਅਤੇ ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਪਾਰਟੀ ਦੇ ਸੰਵਿਧਾਨ ‘ਚ ਸਿਰਫ਼ ਵਰਕਿੰਗ ਕਮੇਟੀ ਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਤੋਂ ਬਿਨਾਂ ਕਿਸੇ ਹੋਰ ਕਮੇਟੀ ਦੀ ਵਿਵਸਥਾ ਹੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਦੋਂ ਕਥਿਤ ਅਨੁਸ਼ਾਸਨੀ ਕਮੇਟੀ ਖ਼ੁਦ ਹੀ ਗੈਰ-ਸੰਵਿਧਾਨਕ ਹੈ ਤਾਂ ਉਸ ਵੱਲੋਂ ਲਿਆ ਗਿਆ ਫ਼ੈਸਲਾ ਸੰਵਿਧਾਨਕ ਕਿਵੇਂ ਹੋ ਸਕਦਾ ਹੈ? ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ ਪਾਰਟੀ ਦੇ ‘ਸਰਪਲੱਸ` ਹੋ ਚੁੱਕੇ ਆਗੂ ਨੂੰ ‘ਸਰਪ੍ਰਸਤ` ਦਾ ਆਨਰੇਰੀ ਅਹੁਦਾ ਦੇਣ ਦੇ ਦਿੱਤੇ ਤਰਕ ਨੂੰ ਥੋਥਾ ਕਰਾਰ ਦਿੰਦਿਆਂ ਅਕਾਲੀ ਆਗੂਆਂ ਨੇ ਪੁੱਛਿਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸਰਪ੍ਰਸਤ ਬਣਾਉਣ ਤੋਂ ਬਾਅਦ ਵੀ ਮੁੱਖ ਮੰਤਰੀ ਕਿਉਂ ਬਣਾ ਕੇ ਰੱਖਿਆ ਗਿਆ ਸੀ ਅਤੇ ਉਹ ਲਗਭਗ 15 ਸਾਲ ਪਾਰਟੀ ਦੇ ਸਰਪ੍ਰਸਤ ਵਜੋਂ ਅਸਲ ਮੁਖੀ ਕਿਵੇਂ ਬਣੇ ਰਹੇ ਸਨ?
‘ਡੇਰਾ ਮੁਖੀ ਖਿਲਾਫ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਮਿਲੇ’
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਮੰਗ ਕੀਤੀ ਕਿ ‘ਆਪ` ਸਰਕਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਦੀ ਤੁਰਤ ਪ੍ਰਵਾਨਗੀ ਦੇਵੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਹੁਕਮ ਦੇਣ ਲਈ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤਰ੍ਹਾਂ ਪਰਦੀਪ ਕਲੇਰ ਖ਼ਿਲਾਫ਼ ਦਰਜ ਦੋ ਪੈਂਡਿੰਗ ਕੇਸਾਂ ਵਿਚ ਉਸ ਦੀ ਗ੍ਰਿਫ਼ਤਾਰੀ ਕੀਤੀ ਜਾਵੇ। ਪਰਮਬੰਸ ਸਿੰਘ ਰੋਮਾਣਾ ਨੇ ਇੱਥੇ ਪ੍ਰੈੱਸ ਕਾਨਫ਼ਰੰਸ `ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੱਸਣ ਕਿ ਕਿਸ ਸੌਦੇ ਤਹਿਤ ਉਹ ਪਿਛਲੇ ਦੋ ਤੋਂ ਵੱਧ ਸਾਲਾਂ ਤੋਂ ਰਾਮ ਰਹੀਮ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਲਟਕਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੀ ਪਿਛਲੀ ਕਾਂਗਰਸ ਸਰਕਾਰ ਦੇ ਰਾਹ ਚੱਲ ਰਹੇ ਹਨ।