ਅੰਮ੍ਰਿਤਸਰ: ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਭਾਰੀ ਮੀਂਹ ਦੇ ਬਾਵਜੂਦ ਹਾਕੀ ਖਿਡਾਰੀਆਂ ਦਾ ਹਵਾਈ ਅੱਡੇ ਅਤੇ ਹਰਿਮੰਦਰ ਸਾਹਿਬ ਵਿਚ ਨਿੱਘਾ ਸਵਾਗਤ ਕੀਤਾ ਗਿਆ।
ਇਥੇ ਪੁੱਜੇ ਓਲੰਪਿਕ ਖਿਡਾਰੀਆਂ ਵਿਚ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ, ਉਪ ਕਪਤਾਨ ਹਾਰਦਿਕ ਸਿੰਘ, ਸਾਬਕਾ ਕਪਤਾਨ ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਜਰਮਨਪ੍ਰੀਤ ਸਿੰਘ ਬੱਲ, ਸੁਖਜੀਤ ਸਿੰਘ ਅਤੇ ਜੁਗਰਾਜ ਸਿੰਘ ਸ਼ਾਮਲ ਸਨ।
ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖਿਡਾਰੀਆਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਖਿਡਾਰੀਆਂ ਦੀ ਜਿੱਤ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਗ਼ਮਾ ਜਿੱਤਣਾ ਵੱਡੀ ਪ੍ਰਾਪਤੀ ਹੈ। ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਨੇ ਲੰਮੇ ਅਰਸੇ ਤੋਂ ਬਾਅਦ ਪੰਜਾਬ ਦੇ ਹਾਕੀ ਨਾਲ ਸਬੰਧਤ ਇਤਿਹਾਸ ਨੂੰ ਦੁਹਰਾਇਆ ਹੈ। ਉਨ੍ਹਾਂ ਨੇ ਹਾਕੀ ਖਿਡਾਰੀਆਂ ਨੂੰ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਧਾਰਮਿਕ ਪੁਸਤਕਾਂ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਹਾਕੀ ਖਿਡਾਰੀਆਂ ਦਾ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆਂ ਕਿਹਾ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੇਤੂ ਟੀਮ ਦੇ ਹਰ ਪੰਜਾਬੀ ਖਿਡਾਰੀ ਨੂੰ ਇਕ-ਇਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰ ਚੁੱਕੇ ਹਨ। ਇਸੇ ਤਰ੍ਹਾਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਹਾਕੀ ਖਿਡਾਰੀਆਂ ‘ਤੇ ਸਦਾ ਮਾਣ ਰਹੇਗਾ।
ਇਸੇ ਦੌਰਾਨ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਪੈਰਿਸ ਓਲੰਪਿਕ ‘ਚ ਕਾਂਸੀ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਨੂੰ ਇੱਥੇ ਸਨਮਾਨਿਤ ਕਰਦਿਆਂ ਉਨ੍ਹਾਂ ਦ੍ਰਿੜ੍ਹਤਾ ਅਤੇ ਬੇਮਿਸਾਲ ਜਜ਼ਬੇ ਦੀ ਸ਼ਲਾਘਾ ਕੀਤੀ। ਮਾਂਡਵੀਆ ਨੇ ਟੀਮ ਨੂੰ ਕਿਹਾ, “ਤੁਸੀਂ ਭਾਰਤ ਦਾ ਮਾਣ ਵਧਾਇਆ ਹੈ ਅਤੇ ਲੱਖਾਂ ਨੌਜਵਾਨ ਖਿਡਾਰੀਆਂ ਨੂੰ ਆਪਣੇ ਸੁਪਨੇ ਪੂਰੇ ਕਰਨ ਪ੍ਰੇਰਿਆ ਹੈ।” ਉਨ੍ਹਾਂ ਨੇ ਖਿਡਾਰਆਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਨੂੰ ਸਲਾਹੁੰਦਿਆਂ ਆਖਿਆ ਕਿ ਆਲਮੀ ਪੱਧਰ ‘ਤੇ ਉਨ੍ਹਾਂ ਦੇ ਬਿਹਤਰੀਨ ਪ੍ਰਦਰਸ਼ਨ ਨੇ ਭਾਰਤ ਦਾ ਮਾਣ ਵਧਾਇਆ ਹੈ।”
ਫਾਈਨਲ ਮੈਚ ਖੇਡਣਾ ਚਾਹੁੰਦੇ ਸੀ ਪਰ ਕਾਂਸੇ ਤੋਂ ਵੀ ਖੁਸ਼: ਮਨਪ੍ਰੀਤ ਸਿੰਘ
ਨਵੀਂ ਦਿੱਲੀ: ਭਾਰਤੀ ਹਾਕੀ ਟੀਮ ਦੇ ਸੀਨੀਅਰ ਖਿਡਾਰੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਓਲੰਪਿਕ ‘ਚ ਸੋਨਾ ਨਾ ਜਿੱਤ ਸਕਣਾ ਨਿਰਾਸ਼ਾਜਨਕ ਸੀ ਪਰ ਲਗਾਤਾਰ ਦੂਜੀ ਵਾਰ ਕਾਂਸੇ ਦਾ ਤਗ਼ਮਾ ਜਿੱਤਣਾ ਵੀ ਮਾੜੀ ਗੱਲ ਨਹੀਂ ਹੈ। ਅੱਠ ਵਾਰ ਦੀ ਓਲੰਪਿਕ ਚੈਂਪੀਅਨ ਭਾਰਤੀ ਟੀਮ ਨੇ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਭਾਰਤ ਨੇ ਓਲੰਪਿਕ ‘ਚ ਆਖਰੀ ਵਾਰ ਸੋਨ ਤਗ਼ਮਾ 1980 ‘ਚ ਜਿੱਤਿਆ ਸੀ।