ਚੰਡੀਗੜ੍ਹ: ਕੇਂਦਰੀ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ‘ਚ ਕੋਈ ਨਾ ਸੁਧਾਰ ਨਾ ਹੋਇਆ ਤਾਂ ਉਨ੍ਹਾਂ ਕੋਲ ਪੰਜਾਬ ਵਿਚਲੇ 8 ਹੋਰ ਸੜਕੀ ਪ੍ਰੋਜੈਕਟ ਰੱਦ ਕਰਨ ਤੋਂ ਬਿਨਾਂ ਕੋਈ ਰਾਹ ਨਹੀਂ ਬਚੇਗਾ।
ਉਨ੍ਹਾਂ 293 ਕਿਲੋਮੀਟਰ ਲੰਬਾਈ ਵਾਲੇ ਇਨ੍ਹਾਂ ਪ੍ਰੋਜੈਕਟਾਂ ਦੀ ਲਾਗਤ ਕੀਮਤ 14,288 ਕਰੋੜ ਰੁਪਏ ਦੱਸੀ ਹੈ। ਉਨ੍ਹਾਂ ਪੱਤਰ ‘ਚ ਲਿਖਿਆ ਹੈ ਕਿ 15 ਜੁਲਾਈ ਨੂੰ ਨਵੀਂ ਦਿੱਲੀ ‘ਚ ਹੋਈ ਮੀਟਿੰਗ ਵਿਚ ਸੂਬਾ ਸਰਕਾਰ ਨੂੰ ਪੂਰੇ ਹਾਲਾਤ ਤੋਂ ਜਾਣੂ ਕਰਾਇਆ ਗਿਆ ਸੀ ਜਿਨ੍ਹਾਂ ਬਾਰੇ ਪੰਜਾਬ ਨੇ ਅਮਨ ਕਾਨੂੰਨ ਦੀ ਸਥਿਤੀ ‘ਚ ਸੁਧਾਰ ਅਤੇ ਜ਼ਮੀਨ ਪ੍ਰਾਪਤੀ ਵਿਚਲੇ ਅੜਿੱਕੇ ਦੂਰ ਕਰਨ ਦਾ ਭਰੋਸਾ ਦਿੱਤਾ ਸੀ। ਗਡਕਰੀ ਨੇ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਇਸ ਪਾਸੇ ਕੋਈ ਕਦਮ ਨਹੀਂ ਚੁੱਕਿਆ ਬਲਕਿ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ।
ਗਡਕਰੀ ਨੇ ਦਿੱਲੀ-ਅੰਮ੍ਰਿਤਸਰ ਕਟੜਾ ਐਕਸਪ੍ਰੈੱਸਵੇਅ ਦੇ ਠੇਕੇਦਾਰਾਂ ਦੇ ਇੰਜੀਨੀਅਰਾਂ ਨਾਲ ਵਾਪਰੀਆਂ ਦੋ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਲੁਧਿਆਣਾ ਜ਼ਿਲ੍ਹੇ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਤਾਂ ਪੁਲਿਸ ਨੇ ਹਾਲੇ ਤੱਕ ਕੇਸ ਹੀ ਦਰਜ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਤੋਂ ਰੋਕੀਆਂ ਜਾਣ। ਉਨ੍ਹਾਂ ਕਿਹਾ ਕਿ ਕਈ ਅੜਿੱਕਿਆਂ ਕਰਕੇ ਸੜਕੀ ਪ੍ਰੋਜੈਕਟਾਂ ਵਾਸਤੇ ਜ਼ਮੀਨ ਐਕੁਆਇਰ ਦੇ ਮਸਲੇ ਲਟਕੇ ਹੋਏ ਹਨ ਜਿਸ ਕਾਰਨ ਠੇਕੇਦਾਰਾਂ ਵੱਲੋਂ ਕੌਮੀ ਸੜਕ ਅਥਾਰਿਟੀ ਕੋਲ ਕਲੇਮ ਪਾਏ ਜਾ ਰਹੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਨਿੱਜੀ ਦਖਲ ਦੇਣ ਵਾਸਤੇ ਕਿਹਾ ਹੈ।
ਕੇਂਦਰੀ ਮੰਤਰੀ ਨੇ ਉਨ੍ਹਾਂ ਇੰਜੀਨੀਅਰਾਂ ਦੀਆਂ ਤਸਵੀਰਾਂ ਵੀ ਭੇਜੀਆਂ ਹਨ ਜਿਨ੍ਹਾਂ ‘ਤੇ ਹਮਲੇ ਹੋਏ ਹਨ। ਚੇਤੇ ਰਹੇ ਕਿ ਕੇਂਦਰ ਸਰਕਾਰ ਪਹਿਲਾਂ ਹੀ 3263 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟ ਰੱਦ ਕਰ ਚੁੱਕੀ ਹੈ। ਜੇ ਅੜਿੱਕੇ ਨਾ ਦੂਰ ਹੋਏ ਤਾਂ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨਾਂ ਵਿਚ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਸਨ ਤਾਂ ਜੋ ਇਹ ਅੜਿੱਕੇ ਦੂਰ ਕੀਤੇ ਜਾ ਸਕਣ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨੇ ਮਸਲੇ ਹੱਲ ਕਰਨ ਲਈ ਕਮਾਨ ਆਪਣੇ ਹੱਥ ਵਿਚ ਲੈ ਲਈ ਹੈ ਅਤੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਭਗਵੰਤ ਦੀ ਅਣਗਹਿਲੀ ਕਾਰਨ ਇਹ ਹਾਲਾਤ ਬਣੇ: ਸੁਖਬੀਰ
ਚੰਡਗਿੜ੍ਹ: ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਪੱਤਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਲਈ ਜ਼ਮੀਨ ਐਕੁਆਇਰ ਕਰਨ ਪ੍ਰਤੀ ਜਾਣ ਬੁੱਝ ਕੇ ਅਣਗਹਿਲੀ ਵਰਤ ਕੇ ਪੰਜਾਬ ਦੇ ਵਿਕਾਸ ਨਾਲ ਸਮਝੌਤਾ ਕੀਤਾ ਹੈ। ਇਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ।