ਮੁੱਖ ਮੰਤਰੀ ਵੱਲੋਂ ਪਾਣੀ ਸੰਕਟ ਦੇ ਟਾਕਰੇ ਲਈ ਅੰਦੋਲਨ ਵਿੱਢਣ ਦਾ ਸੱਦਾ

ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਵਿਚ ਪੈਦਾ ਹੋਏ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਅੰਦੋਲਨ ਸ਼ੁਰੂ ਕਰਨਾ ਪਵੇਗਾ।

‘ਆਪ` ਸਰਕਾਰ ਨੇ ਇਸ `ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਰਾਣੀਆਂ ਨਹਿਰਾਂ, ਨਾਲਿਆਂ ਤੇ ਸਹਾਇਕ ਨਦੀਆਂ ਆਦਿ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ‘ਆਪ` ਸਰਕਾਰ ਨੇ ਸੂਬੇ ਵਿਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਪੰਜਾਬੀਆਂ ਨੂੰ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ `ਤੇ ਚੱਲਦਿਆਂ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੀ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਪ੍ਰਦੂਸ਼ਣ ਰੋਕਣਾ ਗੰਭੀਰ ਚੁਣੌਤੀ ਹੈ, ਜਿਸ ਕਰਕੇ ਹਰ ਪੰਜਾਬੀ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਵਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕੌਮੀ ਆਜ਼ਾਦੀ ਸੰਘਰਸ਼ ਵਿਚ ਪਾਏ ਪੰਜਾਬੀਆਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਦੀ ਸੁਰੱਖਿਆ ਲਈ ਵੀ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਕੀਮਤ ਤਾਰਨੀ ਪਾਈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭੀ ਹੋਈ ਹੈ। ਹੁਣ ਤੱਕ 14,381 ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ ਅਤੇ 10,393 ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ।
ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿਚ ਨਹਿਰੀ ਪਾਣੀ ਦੇ ਢਾਂਚੇ ਦੀ ਕਾਇਆ ਕਲਪ ਕਰਨ ਵੱਲ ਸਭ ਤੋਂ ਵੱਧ ਧਿਆਨ ਦਿੱਤਾ ਹੈ। ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ਵਿਚ ਆਈ ਸੀ, ਉਦੋਂ ਸਿਰਫ਼ 21 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾਂਦਾ ਸੀ। ਹੁਣ 72 ਫੀਸਦ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰ ਕਲਾਂ ਵਿਚ 206 ਮੈਗਾਵਾਟ ਦੀ ਸਮਰੱਥਾ ਵਾਲੇ ਡੈਮ ਦੀ ਸਥਾਪਨਾ ਕੀਤੀ ਜਾ ਰਹੀ ਹੈ। ਆਉਂਦੇ ਦਿਨਾਂ ਵਿਚ ਇਹ ਡੈਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।