‘ਐਮਰਜੈਂਸੀ` ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੈਂਸੀ` ਫਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਨੋਟਿਸ ਵਿਚ ਕੰਗਨਾ ਰਣੌਤ ਸਮੇਤ ਫਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਫਿਲਮ ਦਾ ਮਾਮਲਾ ਧਿਆਨ ਵਿਚ ਆਉਂਦਿਆਂ ਹੀ ਸਿੱਖ ਸੰਸਥਾ ਵੱਲੋਂ ਇਸ ਦੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਫਿਲਮ ਉਤੇ ਸਭ ਤੋਂ ਪਹਿਲਾਂ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਉਤੇ ਰੋਕ ਲਗਾਉਣ ਲਈ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਫਿਲਮ ਸੈਂਸਰ ਬੋਰਡ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖੇ ਗਏ ਸਨ।
ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਹੁਣ ਕੰਗਨਾ ਰਣੌਤ ਸਮੇਤ ਇਸ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨਟਿਸ ਭੇਜਿਆ ਗਿਆ ਹੈ। ਫਿਲਮ ਦੇ ਟ੍ਰੇਲਰ ਤੋਂ ਬਾਅਦ ਕਈ ਸਿੱਖ ਵਿਰੋਧੀ ਦ੍ਰਿਸ਼ ਸਾਹਮਣੇ ਆਏ ਸਨ ਜਿਨ੍ਹਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਫਿਲਮ ਵਿਚ 1984 ਦੇ ਘੱਲੂਘਾਰੇ ਦੇ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਸਮੇਤ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ ਅਤੇ ਗਲਤ ਪ੍ਰਾਪੇਗੰਡਾ ਦੇ ਆਧਾਰ ‘ਤੇ ਸਿੱਖਾਂ ਨੂੰ ਦਹਿਸ਼ਤਗਰਦ ਅਤੇ ਵੱਖਵਾਦੀਆਂ ਦੇ ਰੂਪ ਵਿਚ ਦਿਖਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ ਜੋ ਸੱਚਾਈ ਤੋਂ ਕੋਹਾਂ ਦੂਰ ਹੈ।
ਉਨ੍ਹਾਂ ਕਿਹਾ ਕਿ ਫਿਲਮ ਦਾ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਸਿੱਖ ਸੰਗਤ ਅੰਦਰ ਭਾਰੀ ਰੋਸ ਹੈ ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਜੇ ਕੰਗਨਾ ਰਣੌਤ ਤੇ ਫਿਲਮ ਨਿਰਮਾਤਾਵਾਂ ਵੱਲੋਂ ਸਿੱਖ ਵਿਰੋਧੀ ਦ੍ਰਿਸ਼ ਨਾ ਕੱਟੇ ਗਏ ਤਾਂ ਉਨ੍ਹਾਂ ਖਿਲਾਫ਼ ਹਰ ਪੱਧਰ ਉਤੇ ਕਾਨੂੰਨੀ ਕਾਰਵਾਈ ਅੱਗੇ ਵਧਾਉਣ ਦੇ ਨਾਲ-ਨਾਲ ਸਖ਼ਤ ਵਿਰੋਧ ਕੀਤਾ ਜਾਵੇਗਾ।