ਐਮਰਜੈਂਸੀ ਵਿਵਾਦ: ਸ਼ਹੀਦਾਂ ਦੀ ਨਕਲ ਬਰਦਾਸ਼ਤ ਨਹੀਂ: ਜਥੇਦਾਰ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਫਿਲਮ ‘ਐਮਰਜੈਂਸੀ` ਵਿਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਗ਼ਲਤ ਰੂਪ ਵਿਚ ਦਿਖਾ ਕੇ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫਿਲਮਾਂ ਵਿਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਤੁਰਤ ‘ਐਮਰਜੈਂਸੀ` ਫਿਲਮ ਵਿਚਲੇ ਇਤਰਾਜ਼ਯੋਗ ਅਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾਂ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਸਿੱਟਿਆਂ ਲਈ ਸਿੱਧੇ ਤੌਰ `ਤੇ ਸਰਕਾਰ ਜ਼ਿੰਮੇਵਾਰ ਹੋਵੇਗੀ।
ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਹੈ ਕਿ ਫਿਲਮ ‘ਐਮਰਜੈਂਸੀ` ਵਿਚ ਸਿੱਖਾਂ ਦਾ ਮਾੜਾ ਅਕਸ ਪੇਸ਼ ਕਰਦੇ ਦ੍ਰਿਸ਼ਾਂ ਕਾਰਨ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਅਤੇ ਸਮਾਜ ਵਿਚ ਬੇਚੈਨੀ ਪੈਦਾ ਹੋਣ ਦੇ ਆਸਾਰ ਹਨ, ਇਸ ਲਈ ਇਨ੍ਹਾਂ ਨੂੰ ਫਿਲਮ ਵਿਚੋਂ ਤੁਰਤ ਹਟਾਇਆ ਜਾਵੇ। ਉਹ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸਨ।
ਇਸ ਤੋਂ ਪਹਿਲਾਂ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਫਿਲਮ ‘ਤੇ ਇਤਰਾਜ਼ ਜ਼ਾਹਿਰ ਕਰ ਚੁੱਕੇ ਹਨ। ਸਰਬਜੀਤ ਸਿੰਘ ਖ਼ਾਲਸਾ ਇੰਦਰਾ ਗਾਂਧੀ ਨੂੰ ਕਤਲ ਕਰਨ ਵਾਲੇ ਬੇਅੰਤ ਸਿੰਘ ਦੇ ਪੁੱਤਰ ਹਨ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਜੇ ਦੇਸ਼ ਭਗਤ ਸਿੱਖ ਕੌਮ, ਜਿਸ ਨੇ ਭਾਰਤ ਨੂੰ ਆਜ਼ਾਦੀ ਲੈ ਕੇ ਦਿੱਤੀ ਅਤੇ ਦੇਸ਼ ਦੇ ਅਨਾਜ ਭੰਡਾਰ ਭਰੇ, ਦਾ ਮਾੜਾ ਅਕਸ ਪੇਸ਼ ਕੀਤਾ ਗਿਆ ਤਾਂ ਇਹ ਮੰਨਿਆ ਜਾਵੇਗਾ ਕਿ ਅਜਿਹਾ ਝੂਠਾ ਪ੍ਰਾਪੇਗੰਡਾ ਫੈਲਾਉਣ ਵਿਚ ਕੇਂਦਰ ਸਰਕਾਰ ਦਾ ਵੀ ਹੱਥ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੰਗਨਾ ਰਣੌਤ ਨੇ ਪਹਿਲਾਂ ਵੀ ਕਿਸਾਨੀ ਸੰਘਰਸ਼ ਵਿਚ ਭਾਗ ਲੈਣ ਵਾਲੀਆਂ ਸਿੱਖ ਮਾਵਾਂ ਪ੍ਰਤੀ ਮੰਦੀ ਸ਼ਬਦਾਵਲੀ ਵਰਤੀ ਸੀ। ਉਨ੍ਹਾਂ ਕਿਹਾ ਕਿ ਫਿਲਮ ਐਮਰਜੈਂਸੀ ਵਿਚ ਸਿੱਖਾਂ ਦੇ ਕਈ ਕਿਰਦਾਰ ਪੇਸ਼ ਕੀਤੇ ਗਏ ਹਨ।
ਚੰਗਾ ਹੁੰਦਾ ਕਿ ਫਿਲਮ ਦੇ ਨਿਰਮਾਤਾ ਫਿਲਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿਖਾਉਂਦੇ ਅਤੇ ਸਿੱਖ ਕੌਮ ਦੀ ਸਹਿਮਤੀ ਵੀ ਲੈਂਦੇ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਲਿਖਤੀ ਨੋਟੀਫਿਕੇਸ਼ਨ ਦੇ ਬਾਵਜੂਦ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦਾ ਵਿਰੋਧ ਕੀਤਾ। ਉਨ੍ਹਾਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਦੇ ਸਮੇਂ ਵਿਚ ਵਾਰ-ਵਾਰ ਤਬਦੀਲੀ ਕਰਨ ਦੀ ਵੀ ਨਿਖੇਧੀ ਕੀਤੀ।
ਸਿੱਖਾਂ ਦੀ ਕਿਰਦਾਰਕੁਸ਼ੀ ਲਈ ਬਣਾਈ ਫਿਲਮ ਨੂੰ ਬਰਦਾਸ਼ਤ ਨਹੀਂ ਕਰਾਂਗੇ: ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੈਂਸੀ` ਉੱਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਦਾਕਾਰਾ ਕੰਗਨਾ ਰਣੌਤ ਨੇ ਜਾਣ-ਬੁੱਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਇਹ ਫਿਲਮ ਬਣਾਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦੇ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਬਿਰਤਾਂਤ ਸਿਰਜ ਕੇ ਕੌਮ ਦਾ ਨਿਰਾਦਰ ਕਰਨ ਦੀ ਇਹ ਘਟੀਆ ਹਰਕਤ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਿਆ ਹੈ ਜਦਕਿ ਕੰਗਨਾ ਰਣੌਤ ਦੀ ਇਸ ਫਿਲਮ ਰਾਹੀਂ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਝੀ ਹਰਕਤ ਕੀਤੀ ਜਾ ਰਹੀ ਹੈ।