ਸੁਖਬੀਰ ਨੂੰ ਪ੍ਰਧਾਨਗੀ ਤੋਂ ਲਾਹੁਣ ਦੀ ਮੰਗ ਭਖੀ

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਤਹਿਤ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਉਸ ਨੂੰ ਪ੍ਰਧਾਨਗੀ ਦੀ ਕੁਰਸੀ ਤੋਂ ਲਾਂਭੇ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ।

ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਨੂੰ ਪੰਥਕ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਕਰਨ ਦਾ ਕੋਈ ਹੱਕ ਨਹੀਂ। ਪੰਜ ਸਿੰਘ ਸਾਹਿਬਾਨ ਅਤੇ ਅਕਾਲ ਤਖਤ ਦੇ ਫੈਸਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਹੁਣ ਪੰਥ ਦੇ ਆਗੂ ਨਹੀਂ ਰਹੇ, ਇਸ ਲਈ ਉਨ੍ਹਾਂ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਲਾਂਭੇ ਕਰਨਾ ਜ਼ਰੂਰੀ ਹੈ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਖਬੀਰ ਨੂੰ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਤੁਰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ ਨੇ ਜੋ ਗੁਨਾਹ ਅਤੇ ਗਲਤੀਆਂ ਕੀਤੀਆਂ ਸਨ, ਉਸ ਨਾਲ ਮਰਿਆਦਾ ਨੂੰ ਢਾਹ ਲੱਗੀ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਹੋਇਆ ਸੀ। ਇਸੇ ਦੌਰਾਨ ਸਿੱਖ ਯੂਥ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੁਖਬੀਰ ਸਿੰਘ ਬਾਦਲ ਬਾਰੇ ਅਕਾਲ ਤਖ਼ਤ ਤੋਂ ਦਿੱਤੇ ਫ਼ੈਸਲੇ ਬਾਰੇ ਕਿਹਾ ਕਿ ਇਸ ਮਾਮਲੇ ਵਿਚ ਜਥੇਦਾਰਾਂ ਦੀ ਪਰਖ ਦੀ ਘੜੀ ਅਜੇ ਵੀ ਬਾਕੀ ਹੈ। ਸੁਖਬੀਰ ਸਿੰਘ ਬਾਦਲ ਨੂੰ ਉਸ ਵੱਲੋਂ ਕੀਤੇ ਗੁਨਾਹ ਤੇ ਗਲਤੀਆਂ ਆਦਿ ਵਾਸਤੇ ਖਾਲਸਾ ਪੰਥ ਵਿਚੋਂ ਤੁਰੰਤ ਖਾਰਜ ਕੀਤਾ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਅਜਿਹਾ ਗੁਨਾਹ ਨਾ ਕਰ ਸਕੇ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਖ-ਵੱਖ ਮਾਮਲਿਆਂ ਵਿਚ ਦੋਸ਼ੀ ਮੰਨਦਿਆਂ ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਜ਼ਾ ਹੋਣੀ ਅਜੇ ਬਾਕੀ ਹੈ ਪਰ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦਾ ਫੈਸਲਾ ਸਿੱਖ ਕੌਮ ਦੇ ਹਿੱਤ ਵਿਚ ਹੈ। ਦੱਸ ਦਈਏ ਕਿ ਫੈਸਲਾ ਸੁਣਾਉਂਦੇ ਹੋਏ ਸਿੰਘ ਸਾਹਿਬਾਨ ਨੇ ਆਖਿਆ ਹੈ ਕਿ ਅਕਾਲੀ ਸਰਕਾਰ ਵਿਚ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਈ ਅਜਿਹੇ ਫੈਸਲੇ ਕੀਤੇ ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਹੈ। ਅਕਾਲੀ ਦਲ ਦੀ ਹਾਲਤ ਕਮਜ਼ੋਰ ਹੋਈ ਹੈ ਅਤੇ ਸਿੱਖਾਂ ਦੇ ਹਿੱਤਾਂ ਨੂੰ ਨੁਕਸਾਨ ਪੁੱਜਿਆ ਹੈ। ਇਸ ਲਈ ਸੁਖਬੀਰ ਬਾਦਲ ਨੂੰ ਉਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ, ਜਦੋਂ ਤੱਕ ਉਹ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਅਤੇ ਪੰਜ ਸਿੰਘ ਸਾਹਿਬਾਨ ਤੇ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ।