ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਤਹਿਤ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫ਼ੈਸਲਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਦੀ ਫਸੀਲ ਤੋਂ ਸੰਗਤ ਦੇ ਸਾਹਮਣੇ ਸੁਣਾਇਆ।

ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਿਚ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਈ ਅਜਿਹੇ ਫੈਸਲੇ ਲਏ, ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਕਮਜ਼ੋਰ ਹੋਈ ਹੈ ਅਤੇ ਸਿੱਖ ਹਿੱਤਾਂ ਨੂੰ ਨੁਕਸਾਨ ਪੁੱਜਿਆ ਹੈ। ਇਸ ਲਈ ਸੁਖਬੀਰ ਬਾਦਲ ਨੂੰ ਉਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ, ਜਦੋਂ ਤੱਕ ਉਹ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਅਤੇ ਪੰਜ ਸਿੰਘ ਸਾਹਿਬਾਨ ਤੇ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ। ਜਥੇਦਾਰ ਨੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਇਸ ਮਾਮਲੇ ਵਿਚ 15 ਦਿਨਾਂ ਵਿਚ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਪਟਨਾ ਸਾਹਿਬ ਤੋਂ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਹਰਿਮੰਦਰ ਸਾਹਿਬ ਤੋਂ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲ ਤਖਤ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ ਸਰਕਾਰ ਵੇਲੇ ਦੇ ਸਿੱਖ ਮੰਤਰੀਆਂ ਨੂੰ ਜੋ ਆਦੇਸ਼ ਦਿੱਤੇ ਗਏ ਹਨ, ਉਹ ਸਿਰ ਮੱਥੇ ਪ੍ਰਵਾਨ ਹਨ ਅਤੇ ਉਨ੍ਹਾਂ ਨੂੰ ਅਕਾਲ ਤਖ਼ਤ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੂਰਾ ਕੀਤਾ ਜਾਵੇਗਾ। ਅਕਾਲੀ ਦਲ ਦੇ ਨਾਰਾਜ਼ ਧੜੇ ਨੇ ਅਕਾਲ ਤਖ਼ਤ ਵਿਖੇ ਸ਼ਿਕਾਇਤ ਪੱਤਰ ਦੇ ਕੇ ਦੋਸ਼ ਲਾਇਆ ਸੀ ਕਿ ਅਕਾਲੀ ਸਰਕਾਰ ਵੇਲੇ ਕਈ ਭੁੱਲਾਂ ਚੁੱਕਾਂ ਹੋਈਆਂ ਹਨ, ਜਿਸ ਕਾਰਨ ਪਾਰਟੀ ਨੂੰ ਵੱਡਾ ਨੁਕਸਾਨ ਹੋਇਆ ਅਤੇ ਇਨ੍ਹਾਂ ਭੁੱਲਾਂ ਅਤੇ ਗਲਤੀਆਂ ਲਈ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵਿਚ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁੱਚਾ ਸਿੰਘ ਛੋਟੇਪੁਰ ਸਣੇ ਹੋਰ ਸ਼ਾਮਲ ਹਨ। ਆਗੂਆਂ ਨੇ ਇਕ ਜੁਲਾਈ ਨੂੰ ਅਕਾਲ ਤਖ਼ਤ ਵਿਖੇ ਪੱਤਰ ਦੇ ਕੇ ਦੋਸ਼ ਲਾਇਆ ਸੀ ਕਿ ਅਕਾਲੀ ਸਰਕਾਰ ਵੇਲੇ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਣ ਵਾਲੇ ਡੇਰਾ ਸਿਰਸਾ ਦੇ ਮੁਖੀ ਖ਼ਿਲਾਫ਼ ਕੇਸ ਦਰਜ ਹੋਇਆ ਸੀ ਪਰ ਅਕਾਲੀ ਸਰਕਾਰ ਨੇ ਉਸ ਕੇਸ ਨੂੰ ਵਾਪਸ ਲੈ ਲਿਆ। ਇਸੇ ਤਰ੍ਹਾਂ 2015 ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਅਕਾਲੀ ਸਰਕਾਰ ਦੋਸ਼ੀਆਂ ਖ਼ਿਲਾਫ਼ ਠੋਸ ਕਾਰਵਾਈ ਕਰਨ ‘ਚ ਅਸਫ਼ਲ ਰਹੀ। ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਲਈ ਸਿਆਸੀ ਪ੍ਰਭਾਵ ਦੀ ਵਰਤੋਂ ਕੀਤੀ ਗਈ ਅਤੇ ਇਸ ਫ਼ੈਸਲੇ ਨੂੰ ਜਾਇਜ਼ ਠਹਿਰਾਉਣ ਵਾਸਤੇ ਸ਼੍ਰੋਮਣੀ ਕਮੇਟੀ ਰਾਹੀਂ ਗੁਰੂ ਦੀ ਗੋਲਕ ਦੇ 90 ਲੱਖ ਰੁਪਏ ਇਸ਼ਤਿਹਾਰਾਂ ਦੇ ਰੂਪ ਵਿਚ ਵਰਤੇ ਗਏ। ਇਸ ਪੱਤਰ ਦੇ ਆਧਾਰ ‘ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਸਪੱਸ਼ਟੀਕਰਨ ਮੰਗਿਆ ਸੀ। ਇਸ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਸੀ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਸਪੱਸ਼ਟੀਕਰਨ ਦਿੱਤਾ ਸੀ।
ਅਕਾਲ ਤਖ਼ਤ ‘ਤੇ ਖਿਮਾ ਯਾਚਨਾ ਦਾ ਪੱਤਰ ਸੌਂਪਿਆ
ਅੰਮ੍ਰਿਤਸਰ: ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਨਿਮਾਣੇ ਸਿੱਖ ਵਜੋਂ ਖਿਮਾ ਯਾਚਨਾ ਸਬੰਧੀ ਪੱਤਰ ਦਿੱਤਾ। ਇਸ ਦੌਰਾਨ ਤਤਕਾਲੀ ਅਕਾਲੀ ਸਰਕਾਰ ਦੇ ਚਾਰ ਮੰਤਰੀਆਂ ਨੇ ਵੀ ਅਕਾਲ ਤਖ਼ਤ ‘ਤੇ ਆਪੋ-ਆਪਣਾ ਸਪੱਸ਼ਟੀਕਰਨ ਪੱਤਰ ਸੌਂਪਿਆ। ਉਂਝ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਵਿਚ ਸ਼ਾਮਲ ਰਹੇ ਲਗਪਗ ਡੇਢ ਦਰਜਨ ਸਿੱਖ ਆਗੂਆਂ ਨੂੰ ਸਪੱਸ਼ਟੀਕਰਨ ਦੇਣ ਸਬੰਧੀ ਪੱਤਰ ਭੇਜੇ ਹਨ।
ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦਾ ਸਵਾਗਤ
ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਖ-ਵੱਖ ਮਾਮਲਿਆਂ ਵਿਚ ਦੋਸ਼ੀ ਮੰਨਦਿਆਂ ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਜ਼ਾ ਹੋਣੀ ਅਜੇ ਬਾਕੀ ਹੈ ਪਰ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ ਲਿਆ ਗਿਆ ਇਹ ਫੈਸਲਾ ਸਿੱਖ ਕੌਮ ਦੇ ਹਿੱਤ ਵਿਚ ਹੈ।