ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ `ਚ ਤਾਇਨਾਤ ਗੰਨਮੈਨਾਂ ਵਿਚਾਲੇ ਝੜਪ

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਸੁਰੱਖਿਆ ਵਿਚ ਤਾਇਨਾਤ ਗੰਨਮੈਨਾਂ ਦਰਮਿਆਨ ਦੇਰ ਰਾਤ ਹੋਈ ਤਕਰਾਰ ਖੂਨੀ ਝੜਪ ਵਿਚ ਬਦਲ ਗਈ, ਜਿਸ ਵਿਚ ਗੰਨਮੈਨ ਗੁਰਦੀਪ ਸਿੰਘ ਜ਼ਖ਼ਮੀ ਹੋ ਗਿਆ। ਉਸ ਨੂੰ ਇੱਥੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਸ ਦੇ ਪਿਤਾ ਬਲਕੌਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੁਰੱਖਿਆ ਮੁਹੱਈਆ ਕਰਵਾਈ ਹੈ, ਜਿਸ ਵਿਚ ਕਮਾਂਡੋ ਦੇ ਅੱਧੀ ਦਰਜਨ ਤੋਂ ਵੱਧ ਜਵਾਨ ਤਾਇਨਾਤ ਹਨ। ਇਨ੍ਹਾਂ ਵਿਚੋਂ ਕਈ ਗੰਨਮੈਨ ਰਾਤ ਨੂੰ ਸਿੱਧੂ ਮੂਸੇਵਾਲਾ ਦੀ ਹਵੇਲੀ ਵਿਚ ਤਾਇਨਾਤ ਰਹਿੰਦੇ ਹਨ। ਜਾਣਕਾਰੀ ਮੁਤਾਬਕ ਰਾਤ ਗੰਨਮੈਨਾਂ ਵਿਚ ਡਿਊਟੀ ਨੂੰ ਲੈ ਕੇ ਤਕਰਾਰ ਹੋ ਗਈ, ਜੋ ਹੱਥੋਪਾਈ ਵਿਚ ਬਦਲ ਗਈ। ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ-ਦੂਜੇ ‘ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿਚ ਗੰਨਮੈਨ ਗੁਰਦੀਪ ਸਿੰਘ ਜ਼ਖ਼ਮੀ ਹੋ ਗਿਆ। ਉਸ ਨੂੰ ਰਾਤ ਨੂੰ ਹੀ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਉਸ ਦੇ ਸਿਰ ‘ਚ ਕਈ ਟਾਂਕੇ ਲੱਗੇ ਹਨ। ਥਾਣਾ ਸਦਰ ਮਾਨਸਾ ਦੇ ਐਸ.ਐਚ.ਓ. ਗੁਰਬੀਰ ਸਿੰਘ ਨੇ ਹਸਪਤਾਲ ਪਹੁੰਚ ਕੇ ਉਸ ਤੋਂ ਘਟਨਾ ਬਾਰੇ ਜਾਣਕਾਰੀ ਲਈ ਅਤੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ। ਮਾਨਸਾ ਦੇ ਡੀ.ਐਸ.ਪੀ. ਗੁਰਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਆਪਸੀ ਰੰਜਿਸ਼ ਕਾਰਨ ਇਹ ਝਗੜਾ ਹੋਇਆ। ਕਸੂਰਵਾਰ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ।