ਹੁਣ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਖਿਲਾਫ ਸ਼ਿਕਾਇਤ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵਿਚ ਪੈਦਾ ਹੋਇਆ ਅੰਦਰੂਨੀ ਸੰਕਟ ਲਗਾਤਾਰ ਵਧ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਖ਼ਿਲਾਫ਼ ਵੀ ਅਕਾਲ ਤਖ਼ਤ ਵਿਖੇ ਸ਼ਿਕਾਇਤ ਦਿੱਤੀ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਹ ਸ਼ਿਕਾਇਤ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇ ਕੇ, ਹਰਦੇਵ ਸਿੰਘ ਰੋਗਲਾ, ਰਾਮਪਾਲ ਸਿੰਘ ਬਹਿਣੀਵਾਲ ਤੇ ਹੋਰਾਂ ਵੱਲੋਂ ਸਾਂਝੇ ਤੌਰ ਉਤੇ ਕੀਤੀ ਗਈ ਹੈ। ਅਕਾਲ ਤਖ਼ਤ ਦੇ ਸਕੱਤਰੇਤ ਵਿਚ ਸੌਂਪੀ ਸ਼ਿਕਾਇਤ ਵਿਚ ਉਨ੍ਹਾਂ ਦੋਸ਼ ਲਾਇਆ ਕਿ ਬਲਵਿੰਦਰ ਸਿੰਘ ਭੂੰਦੜ ਨੇ ਅਕਾਲ ਤਖ਼ਤ ਦੇ ਹੁਕਮਨਾਮੇ ਦੇ ਖ਼ਿਲਾਫ਼ ਜਾ ਕੇ ਆਪਣੇ ਘਰ ਵਿਚ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਆਗੂਆਂ ਨਾਲ ਮੀਟਿੰਗ ਕੀਤੀ ਸੀ ਜਿਸ ਵਿਚ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਸਨ। ਉਨ੍ਹਾਂ ਦਾਅਵਾ ਕੀਤਾ ਕਿ 2014 ਵਿਚ ਅਕਾਲ ਤਖ਼ਤ ਦੇ ਹੁਕਮਨਾਮੇ ਖ਼ਿਲਾਫ਼ ਉਨ੍ਹਾਂ ਦੇ ਘਰ ਮੀਟਿੰਗ ਹੋਈ ਸੀ ਜਿਸ ਵਿਚ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਤਿੰਨ ਆਗੂ ਸ਼ਾਮਲ ਹੋਏ ਸਨ। ਇਹ ਮੀਟਿੰਗ ਪਹਿਲਾਂ ਵੀ ਚਰਚਾ ਵਿਚ ਰਹੀ ਹੈ ਅਤੇ ਇਸ ਦਾ ਜ਼ਿਕਰ ਅਖ਼ਬਾਰਾਂ ਵਿਚ ਵੀ ਹੋਇਆ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਨ ਵਾਲਾ ਪੰਥ ਦੀ ਨੁਮਾਇੰਦਾ ਜਥੇਬੰਦੀ ਦਾ ਕਾਰਜਕਾਰੀ ਪ੍ਰਧਾਨ ਨਹੀਂ ਬਣ ਸਕਦਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਹੀ ਅਕਾਲ ਤਖਤ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ।