ਅਕਾਲ ਤਖਤ ਸਾਹਿਬ ਉਤੇ ਸੁਖਬੀਰ ਖਿਲਾਫ ਸ਼ਿਕਾਇਤਾਂ ਦਾ ਸਿਲਸਲਾ ਜਾਰੀ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਅਕਾਲ ਤਖ਼ਤ ‘ਤੇ ਵਿਚਾਰ ਅਧੀਨ ਮਾਮਲੇ ਵਿਚ ਸਿਆਸੀ ਆਗੂਆਂ ਤੋਂ ਬਾਅਦ ਹੁਣ ਆਮ ਆਦਮੀ ਵੀ ਅਕਾਲੀ ਦਲ ਦੀ ਸਰਕਾਰ ਖ਼ਿਲਾਫ਼ ਸ਼ਿਕਾਇਤਾਂ ਲੈ ਕੇ ਪੁੱਜ ਰਹੇ ਹਨ।

ਅਕਾਲ ਤਖ਼ਤ ਵਿਖੇ ਪਟਵਾਰੀ ਯੂਨੀਅਨ ਦਾ ਸਾਬਕਾ ਪ੍ਰਧਾਨ ਅਕਾਲੀ ਸਰਕਾਰ ਦੇ ਖ਼ਿਲਾਫ਼ ਸ਼ਿਕਾਇਤ ਲੈ ਕੇ ਪੁੱਜਾ ਹੈ, ਜਿਸ ਨੇ ਉਸ ਨਾਲ ਹੋਈ ਵਧੀਕੀ ਦੇ ਮਾਮਲੇ ਵਿਚ ਉਸ ਵੇਲੇ ਦੇ ਕੈਬਨਿਟ ਮੰਤਰੀਆਂ ਅਤੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਪਰਮਜੀਤ ਸਿੰਘ ਸਰਨਾ, ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਲੁਧਿਆਣਾ ਤੋਂ ਹੋਰ ਵਿਅਕਤੀ ਵੀ ਅਕਾਲ ਤਖਤ ਵਿਖੇ ਸ਼ਿਕਾਇਤ ਪੱਤਰ ਦੇ ਚੁੱਕੇ ਹਨ।
ਮੋਹਨ ਸਿੰਘ ਭੇਡਪੁਰ ਨੇ ਦੱਸਿਆ ਕਿ ਉਹ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਦਾ ਸਾਬਕਾ ਪ੍ਰਧਾਨ ਹੈ। ਉਸ ਦੇ ਨਾਲ 2012 ਵਿਚ ਵਧੀਕੀ ਹੋਈ ਸੀ। ਉਸ ਵੇਲੇ ਦੇ ਐਸ.ਐਸ.ਪੀ. ਵਿਜੀਲੈਂਸ ਵੱਲੋਂ ਆਪਣੇ ਦੂਜੇ ਸਾਥੀ ਐਸ.ਐਸ.ਪੀ. ਵਿਜੀਲੈਂਸ ਨਾਲ ਮਿਲ ਕੇ ਉਸ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ, ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਗਈ, ਉਸ ਦੇ ਕਕਾਰ ਉਤਰਵਾਏ ਗਏ ਅਤੇ ਉਸ ਨੂੰ ਨੰਗਾ ਕਰਕੇ ਵੀਡੀਓ ਬਣਾਈ ਗਈ। ਉਹ ਅੰਮ੍ਰਿਤਧਾਰੀ ਹੈ ਅਤੇ ਉਸ ਨੇ ਇਸ ਸਬੰਧੀ ਅਕਾਲ ਤਖ਼ਤ ਵਿਖੇ ਸ਼ਿਕਾਇਤ ਕੀਤੀ ਸੀ, ਜਿਸ ਦੀ 2013 ਵਿਚ ਜਾਂਚ ਕੀਤੀ ਕਰਵਾਈ ਗਈ। ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਗਈ ਸੀ ਕਿ ਦੋਸ਼ੀ ਪੁਲਿਸ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਸਬੰਧਤ ਪੁਲਿਸ ਅਧਿਕਾਰੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਉਸ ਵੇਲੇ ਦੇ ਉਪ ਮੁੱਖ ਮੰਤਰੀ ਨੇ ਕਾਰਵਾਈ ਕਰਨ ਦੀ ਥਾਂ ਉਸ ਨੂੰ ਇਕ ਹੋਰ ਜ਼ਿਲ੍ਹੇ ਦਾ ਐਸ.ਐਸ.ਪੀ. ਲਾ ਦਿੱਤਾ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ਪੱਤਰ ਸਕੱਤਰੇਤ ਵਿਖੇ ਦਿੱਤਾ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਸੰਕਟ ਸਬੰਧੀ ਅਕਾਲ ਤਖਤ ਵਿਖੇ ਵਿਚਾਰ ਅਧੀਨ ਮਾਮਲੇ ‘ਚ ਪੰਜ ਸਿੰਘ ਸਾਹਿਬਾਨ ਵੱਲੋਂ ਅਕਾਲੀ ਸਰਕਾਰ ਵੇਲੇ ਹੋਏ ਗਲਤ ਫ਼ੈਸਲੇ ਅਤੇ ਭੁੱਲਾਂ ਚੁੱਕਾਂ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਅਤੇ 15 ਦਿਨਾਂ ਵਿਚ 17 ਸਿੱਖ ਕੈਬਨਿਟ ਮੰਤਰੀਆਂ ਵੱਲੋਂ ਸਪੱਸ਼ਟੀਕਰਨ ਮੰਗੇ ਗਏ ਸਨ। ਇਸ ਮਾਮਲੇ ਵਿਚ ਹੁਣ ਤੱਕ ਲਗਭਗ ਸਾਰੇ ਹੀ ਕੈਬਨਿਟ ਮੰਤਰੀਆਂ ਨੇ ਆਪੋ-ਆਪਣੇ ਸਪੱਸ਼ਟੀਕਰਨ ਸੌਂਪ ਦਿੱਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣਾ ਖਿਮਾ ਯਾਚਨਾ ਪੱਤਰ ਸੌਂਪ ਚੁੱਕੇ ਹਨ।
ਇਸ ਮਾਮਲੇ ਵਿਚ ਹੁਣ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਇਸ ਅਗਲਾ ਫ਼ੈਸਲਾ ਲਿਆ ਜਾਣਾ ਹੈ। ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕਰ ਰਹੀਆਂ ਹਨ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇ।
ਸਰਨਾ ਵੱਲੋਂ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਪੰਥ ਖ਼ਿਲਾਫ਼ ਕਾਰਵਾਈਆਂ ਕਰਨ ਵਾਲੇ ਅਕਾਲੀ ਆਗੂਆਂ ਨੂੰ ਤਲਬ ਕੀਤਾ ਜਾਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਰਨਾ ਨੇ ਕਿਹਾ ਕਿ ਉਨ੍ਹਾਂ ਨੇ ੰਜਥੇਦਾਰ ਨਾਲ ਮੁਲਾਕਾਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਕਟ ਅਤੇ ਪਾਰਟੀ ਦੀ ਹੋਂਦ ਬਚਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਉਨ੍ਹਾਂ ਸਾਰੇ ਸਾਬਕਾ ਅਕਾਲੀ ਆਗੂਆਂ ਨੂੰ ਵੀ ਤਲਬ ਕਰਨ ਜਿਨ੍ਹਾਂ ਨੇ ਸਿੱਖ ਪੰਥ ਵਿਰੋਧੀ ਕਾਰਵਾਈਆਂ ਕੀਤੀਆਂ ਕੀਤੀਆਂ ਹਨ।
ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸਪਸ਼ਟੀਕਰਨ ਸੌਂਪਿਆ
ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਇਸ ਮੌਕੇ ਸ੍ਰੀ ਕੈਰੋਂ ਨੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਅਤੇ ਅਕਾਲ ਤਖ਼ਤ ਸਕੱਤਰੇਤ ਵਿਚ ਲਿਖ਼ਤੀ ਰੂਪ ਵਿਚ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਚਲੇ ਗਏ। ਪੱਟੀ ਹਲਕੇ ਤੋਂ ਪੰਜਾਬ ਵਿਧਾਨ ਸਭਾ ਵਿਚ ਚਾਰ ਵਾਰ ਵਿਧਾਇਕ ਰਹਿ ਚੁੱਕੇ ਸ੍ਰੀ ਕੈਰੋਂ ਨੇ ਸਾਲ 2007 ਤੋਂ 2017 ਦੌਰਾਨ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਆਬਕਾਰੀ ਅਤੇ ਕਰ, ਖੁਰਾਕ ਅਤੇ ਆਈ.ਟੀ. ਵਿਭਾਗਾਂ ਦੇ ਮੰਤਰੀ ਵਜੋਂ ਸੇਵਾ ਨਿਭਾਈ ਸੀ।