ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ 20 ਮਹੀਨਿਆਂ ਤੋਂ ਪੰਜਾਬ ਤੇ ਚੰਡੀਗੜ੍ਹ ਦੀ ਹੱਦ ‘ਤੇ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚਾ ਨੇ ਪਹਿਲੀ ਅਕਤੂਬਰ ਨੂੰ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਇਹ ਐਲਾਨ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਆਗੂਆਂ ਨੇ ਕਿਹਾ ਕਿ 30-30 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਤੇ ਨਾ ਹੀ ਨਿਯਮਾਂ ਅਨੁਸਾਰ ਪੈਰੋਲ ਦਿੱਤੀ ਜਾ ਰਹੀ ਹੈ। ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅਮਰੀਕਾ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖਾਂ ਵੱਲੋਂ ਵਿਰੋਧ ਕੀਤਾ ਗਿਆ ਹੈ, ਜੇ ਕੇਂਦਰ ਸਰਕਾਰ ਨੇ ਕੌਮੀ ਇਨਸਾਫ਼ ਮੋਰਚਾ ਦੀਆਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਦੌਰਾਨ ਦੁਨੀਆ ਭਰ ਵਿੱਚ ਸਿੱਖਾਂ ਵੱਲੋਂ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ।
ਇਨਸਾਫ਼ ਮੋਰਚੇ ਦੇ ਕਨਵੀਨਰ ਨੇ ਕਿਹਾ ਕਿ ਮੁੱਖ ਮੰਤਰੀ ਤੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹਿਲੀ ਅਕਤੂਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵੱਡਾ ਜਥਾ ਚੰਡੀਗੜ੍ਹ ਰਵਾਨਾ ਹੋਵੇਗਾ। ਇਸ ਜਥੇ ਵੱਲੋਂ ਮੁੱਖ ਮੰਤਰੀ ਤੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਕੌਮੀ ਇਨਸਾਫ਼ ਮੋਰਚਾ ਕੇਂਦਰ ਅਤੇ ਸੂਬੇ ਸਰਕਾਰ ਦੀਆਂ ਗੱਲਾਂ ਵਿਚ ਨਹੀਂ ਆਵੇਗਾ।