ਬੇਅਦਬੀ ਮਾਮਲਾ: ਸੁਪਰੀਮ ਕੋਰਟ ਵੱਲੋਂ ਰਾਮ ਰਹੀਮ ਨੂੰ ਵੱਡਾ ਝਟਕਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2015 ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕੇਸਾਂ ਵਿਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖਿਲਾਫ਼ ਮੁਕੱਦਮੇ ਦੀ ਕਾਰਵਾਈ ਲਈ ਰਾਹ ਪੱਧਰਾ ਕਰ ਦਿੱਤਾ ਹੈ। ਜਸਟਿਸ ਬੀ.ਆਰ. ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਹੇਠਲੀ ਅਦਾਲਤ ਵਿਚ ਮੁਕੱਦਮਾ ਚਲਾਉਣ ‘ਤੇ ਲਾਈ ਰੋਕ ਹਟਾਉਂਦਿਆਂ ਰਾਮ ਰਹੀਮ ਨੂੰ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਹੈ। ਸੁਪਰੀਮ ਕੋਰਟ ਨੇ ਉਪਰੋਕਤ ਹੁਕਮ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਕੀਤੇ ਹਨ।

ਇਸ ਮਾਮਲੇ ‘ਤੇ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਪੇਸ਼ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ‘ਤੇ ਰੋਕ ਲਾਉਣ ਦੀ ਮੰਗ ਕੀਤੀ ਸੀ, ਜਿਸ ਵਿਚ ਫ਼ਰੀਦਕੋਟ ਦੇ ਬਾਜਾਖ਼ਾਨਾ ਪੁਲਿਸ ਥਾਣੇ ਵਿਚ ਦਰਜ ਤਿੰਨ ਕੇਸਾਂ ਵਿਚ ਕਾਰਵਾਈ ਉੱਤੇ ਰੋਕ ਲਾ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਕੋਰਟ ਨੇ ਫਰਵਰੀ 2023 ਵਿਚ ਇਨ੍ਹਾਂ ਕੇਸਾਂ ਵਿਚ ਰਾਮ ਰਹੀਮ ਤੇ ਉਸ ਦੇ ਪੈਰੋਕਾਰਾਂ ਖਿਲਾਫ਼ ਮੁਕੱਦਮੇ ਦੀ ਕਾਰਵਾਈ ਨੂੰ ਫ਼ਰੀਦਕੋਟ ਦੀ ਕੋਰਟ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਸੀ। ਉਧਰ, ਰਾਮ ਰਹੀਮ ਨੇ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰਦੇ ਹੋਏ ਸੀ.ਬੀ.ਆਈ. ਤੋਂ ਕੇਸ ਵਾਪਸ ਲੈਣ ਦੇ ਸੂਬਾ ਸਰਕਾਰ ਦੇ ਸਤੰਬਰ 2018 ਦੇ ਨੋਟੀਫਿਕੇਸ਼ਨ ਦੀ ਵੈਧਤਾ ਨੂੰ ਚੁਣੌਤੀ ਦਿੰਦੇ ਹੋਏ ਕੇਂਦਰੀ ਜਾਂਚ ਏਜੰਸੀ ਨੂੰ ਮਾਮਲੇ ਦੀ ਪੜਤਾਲ ਸਬੰਧੀ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਫੈਸਲੇ ਲਈ ਇਸ ਸਾਲ 11 ਮਾਰਚ ਨੂੰ ਕਈ ਸਵਾਲ ਵਡੇਰੇ ਬੈਂਚ ਹਵਾਲੇ ਕਰਦਿਆਂ ਕਿਹਾ ਸੀ, ‘‘ਕਿਉਂਕਿ ਇਨ੍ਹਾਂ ਮਸਲਿਆਂ ਨੂੰ ਵੱਡੇ ਬੈਂਚ ਦੇ ਵਿਚਾਰ ਲਈ ਭੇਜਿਆ ਜਾ ਰਿਹਾ ਹੈ, ਇਸ ਲਈ ਨਿਆਂ ਨੂੰ ਸੰਤੁਲਿਤ ਕਰਨ ਲਈ ਇਕ ਅੰਤਰਿਮ ਨਿਰਦੇਸ਼ ਜਾਰੀ ਕਰਨਾ ਵਾਜਬ ਸਮਝਿਆ ਜਾਂਦਾ ਹੈ। ਇਸ ਲਈ ਉਪਰੋਕਤ ਬੇਅਦਬੀ ਦੇ ਕੇਸਾਂ ਵਿਚ ਪਟੀਸ਼ਨਰ (ਗੁਰਮੀਤ ਰਾਮ ਰਹੀਮ ਸਿੰਘ) ਵਿਰੁੱਧ ਹੇਠਲੀ ਅਦਾਲਤ ਵਿਚ ਅਗਲੇਰੀ ਕਾਰਵਾਈ ਅਗਲੇ ਹੁਕਮਾਂ ਤੱਕ ਰੁਕੀ ਰਹੇਗੀ।“ ਹਾਈ ਕੋਰਟ ਨੇ ਇਹ ਮਾਮਲਾ ਵਡੇਰੇ ਬੈਂਚ ਦੇ ਹਵਾਲੇ ਕਰ ਦਿੱਤਾ ਸੀ ਤਾਂ ਕਿ ਇਹ ਫੈਸਲਾ ਕੀਤਾ ਜਾ ਸਕੇ ਕਿ ਸੂਬਾ ਸਰਕਾਰ ਵੱਲੋਂ ਸੀਬੀਆਈ ਜਾਂਚ ਲਈ ਦਿੱਤੀ ਸਹਿਮਤੀ ਨੂੰ ਬਾਅਦ ਵਿਚ ਵਾਪਸ ਲਿਆ ਜਾ ਸਕਦਾ ਹੈ ਜਾਂ ਨਹੀਂ।“
ਦੱਸ ਦਈਏ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚ 1 ਜੂਨ 2015 ਨੂੰ ਕੁਝ ਅਣਪਛਾਤਿਆਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਨੂੰ ਚੋਰੀ ਕਰ ਲਿਆ। ਉਪਰੰਤ 24 ਸਤੰਬਰ ਨੂੰ ਚੋਰੀ ਕੀਤੀ ਗਈ ਗੁਰੂ ਗ੍ਰੰਥ ਸਾਹਿਬ ਦੀ ਬੀੜ ਦੇ ਅੰਗ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਦੀਆਂ ਗਲੀਆਂ ਵਿਚ ਖਿਲਾਰੇ ਗਏ। ਇਸ ਤੋਂ ਬਾਅਦ 12 ਅਕਤੂਬਰ ਨੂੰ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਪਿੰਡ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਇਤਰਾਜ਼ਯੋਗ ਪੋਸਟਰ ਲਾਏ ਗਏ। ਪੁਲਿਸ ਨੇ ਇਸ ਮਾਮਲੇ ਵਿਚ ਬੇਅਦਬੀ ਦੇ ਇਲਜ਼ਾਮ ਤਹਿਤ ਤਿੰਨ ਪਰਚੇ ਦਰਜ ਕੀਤੇ, ਜਿਸ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਸੱਤ ਡੇਰਾ ਪ੍ਰੇਮੀਆਂ ਨੂੰ ਮੁਲਜ਼ਮ ਬਣਾਇਆ ਗਿਆ।