ਅੰਮ੍ਰਿਤਸਰ: ਮੌਜੂਦਾ ਬਦਲੇ ਸਿਆਸੀ ਹਾਲਾਤ ਅਤੇ ਵਾਪਰੇ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਣ ਵਾਲੇ ਆਮ ਇਜਲਾਸ ਵਿਚ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਵਿਚ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਕੋਲ ਭਾਵੇਂ ਬਹੁਮਤ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਉਮੀਦਵਾਰ ਐਲਾਨਿਆ ਗਿਆ ਹੈ। ਅਕਾਲੀ ਸੁਧਾਰ ਲਹਿਰ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਨਾਉਣ ਦਾ ਫੈਸਲਾ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਹੈ।
ਬੀਬੀ ਜਗੀਰ ਕੌਰ 2022 ਵਿਚ ਹੋਏ ਜਨਰਲ ਇਜਲਾਸ ਵਿਚ ਵੀ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਮੈਦਾਨ ਵਿਚ ਸਨ ਅਤੇ ਉਨ੍ਹਾਂ ਦੇ ਹੱਕ ਵਿਚ 40 ਤੋਂ ਵੱਧ ਉਮੀਦਵਾਰਾਂ ਨੇ ਵੋਟ ਪਾਈ ਸੀ। ਹੁਣ ਹਾਲਾਤ ਹੋਰ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰ ਰਿਹਾ ਹੈ। ਅਕਾਲੀ ਦਲ ਦੇ ਨਾਰਾਜ਼ ਧੜੇ ਨੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਂ ਦਾ ਵੱਖਰਾ ਧੜਾ ਬਣਾ ਲਿਆ ਹੈ। ਇਸੇ ਸੰਕਟ ਕਾਰਨ ਸ੍ਰੀ ਅਕਾਲ ਤਖ਼ਤ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਇਸ ਤੋਂ ਇਲਾਵਾ ਹਾਲ ਹੀ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਿਚਾਲੇ ਹੋਏ ਵਿਵਾਦ ਨੇ ਅਕਾਲੀ ਦਲ ਲਈ ਹੋਰ ਵੱਡਾ ਸੰਕਟ ਪੈਦਾ ਕੀਤਾ ਹੈ। ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਵਿਚ ਕੁੱਲ 185 ਮੈਂਬਰਾਂ ਵਿਚੋਂ ਦੋ ਦਰਜਨ ਤੋਂ ਵੱਧ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ।
ਹਰਿਆਣਾ ਵਿਚ ਵੱਖਰੀ ਕਮੇਟੀ ਬਣਨ ਮਗਰੋਂ ਹਰਿਆਣਾ ਨਾਲ ਸਬੰਧਤ ਮੈਂਬਰ ਵੀ ਵੱਖ ਹੋ ਚੁੱਕੇ ਹਨ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ। ਜਥੇਦਾਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਚਾਲੇ ਵਿਵਾਦ ਵਿਚ ਭਾਵੇਂ ਉਨ੍ਹਾਂ ਹਾਲ ਦੀ ਘੜੀ ਹਾਲਾਤ ਨੂੰ ਸਾਂਭ ਲਿਆ ਹੈ ਪਰ ਜਥੇਦਾਰਾਂ ਵਿਚ ਨਾਰਾਜ਼ਗੀ ਅਜੇ ਜਾਰੀ ਹੈ। ਸਿੱਖ ਸਿਆਸੀ ਮਾਹਿਰਾਂ ਮੁਤਾਬਿਕ ਇਸ ਵੇਲੇ ਦੀ ਇਹ ਸ਼ਾਂਤੀ ਆਉਣ ਵਾਲੇ ਤੂਫਾਨ ਦਾ ਸੰਕੇਤ ਹੈ।
ਵਿਦਵਾਨਾਂ ਕੋਲੋਂ ਰਾਇ ਮਗਰੋਂ ਸੁਖਬੀਰ ਖਿਲਾਫ ਹੋਵੇਗੀ ਕਾਰਵਾਈ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਰੋਧੀ ਧੜੇ ਦੇ ਆਗੂਆਂ ਖ਼ਿਲਾਫ਼ ਅਕਾਲ ਤਖ਼ਤ ਵੱਲੋਂ ਹੋਣ ਵਾਲੀ ਕਾਰਵਾਈ ਫਿਲਹਾਲ ਪਛੜ ਗਈ ਹੈ। ਹੁਣ ਇਸ ਸਬੰਧੀ ਅਗਲਾ ਕੋਈ ਵੀ ਫੈਸਲਾ ਸਿੰਘ ਸਾਹਿਬਾਨ ਵੱਲੋਂ ਪੰਥਕ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦਾ ਇਕੱਠ ਸੱਦ ਕੇ ਉਨ੍ਹਾਂ ਦੀ ਰਾਇ ਲੈਣ ਮਗਰੋਂ ਕੀਤਾ ਜਾਵੇਗਾ। ਇਹ ਖੁਲਾਸਾ ਇੱਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਉਨ੍ਹਾਂ ਨਾਲ ਮੌਜੂਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਬਾਹਰੀ ਤਾਕਤ ਦਾ ਕੋਈ ਪ੍ਰਭਾਵ ਨਹੀਂ ਹੈ। ਅਜਿਹੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਸਿੱਖ ਵਿਦਵਾਨਾਂ ਦੀ ਮੀਟਿੰਗ ਸੱਦ ਕੇ ਰਾਇ ਲਈ ਜਾਵੇਗੀ। ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਮਾਮਲਾ ਵਿਚਾਰ ਕੇ ਕਾਰਵਾਈ ਕੀਤੀ ਜਾਵੇਗੀ ।