ਅਕਾਲ ਤਖਤ ਸਾਹਿਬ ਦਾ ਸਲਾਹਕਾਰ ਬੋਰਡ ਬਣੇਗਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਵਿਚ ਅਹਿਮ ਮਤਾ ਪਾਸ ਕਰਦਿਆਂ ਅਕਾਲ ਤਖ਼ਤ ਸਾਹਿਬ ‘ਤੇ ਪੁੱਜਦੇ ਮਾਮਲਿਆਂ ਦੇ ਸਰਲੀਕਰਨ ਲਈ 11 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਇਸ ਫ਼ੈਸਲੇ ਨੂੰ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਸਰਕਾਰ ਤੋਂ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ‘ ਉੱਤੇ ਰੋਕ ਲਾਉਣ

ਅਤੇ ਕੈਨੇਡਾ ਵਿਚ ਸਿੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਏ ਜਾਣ ਕਾਰਨ ਉਥੇ ਵਸਦੇ ਸਿੱਖਾਂ ਅੰਦਰ ਅਸੁਰੱਖਿਆ ਦੀ ਭਾਵਨਾ ‘ਤੇ ਚਿੰਤਾ ਪ੍ਰਗਟ ਕਰਦਿਆਂ ਭਾਰਤ ਅਤੇ ਕੈਨੇਡਾ ਦੀ ਸਰਕਾਰ ਨੂੰ ਇਕ-ਦੂਜੇ ਦਾ ਸਹਿਯੋਗ ਕਰਕੇ ਸੱਚ ਸਾਹਮਣੇ ਲਿਆਉਣ ਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਯਤਨ ਕਰਨ ਲਈ ਵੀ ਅਪੀਲ ਕੀਤੀ ਗਈ।
ਇਸ ਦੌਰਾਨ ਮਤੇ ਪਾਸ ਕਰਕੇ ਸਿੱਖਾਂ ਵਿਰੁੱਧ ਸੋਸ਼ਲ ਮੀਡੀਆ ਜ਼ਰੀਏ ਹੋ ਰਹੇ ਹਮਲਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਸਿੱਖਾਂ ਵਿਰੁੱਧ ਹੁੰਦੇ ਨਫ਼ਰਤੀ ਪ੍ਰਚਾਰ ਨੂੰ ਹਰ ਪੱਧਰ ‘ਤੇ ਰੋਕਣ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪ੍ਰਕਿਰਿਆ ਸਰਲ ਕਰਨ, ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਪੈਰੋਕਾਰਾਂ ਤੇ ਹੋਰ ਮੁਲਜ਼ਮਾਂ ਦੀ ਗ੍ਰਿਫਤਾਰੀ, ਫ਼ਿਲਮਾਂ ਤੇ ਸੀਰੀਅਲਾਂ ਵਿਚ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਦਿਖਾਉਣ ਦੇ ਰੁਝਾਨ ਤੁਰਤ ਰੋਕਣ, ਸਿੱਖਾਂ ਪ੍ਰਤੀ ਨਕਾਰਾਤਮਕ ਪ੍ਰਦਰਸ਼ਨ ਰੋਕਣ ਲਈ ਫ਼ਿਲਮ ਸੈਂਸਰ ਬੋਰਡ ਵਿਚ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਪੱਕੇ ਤੌਰ ‘ਤੇ ਸ਼ਾਮਲ ਕਰਨ ਅਤੇ ਸਿੱਖ ਕੌਮ ਦੇ ਇਤਿਹਾਸਿਕ ਅਸਥਾਨਾਂ ਨਾਲ ਸਬੰਧਿਤ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ।