ਜਥੇਦਾਰ ਵੱਲੋਂ ਸਿੱਖ ਸੰਸਥਾਵਾਂ `ਚ ਸਰਕਾਰੀ ਦਖਲਅੰਦਾਜ਼ੀ ਉਤੇ ਫਿਕਰਮੰਦੀ

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਜਾਰੀ ਸੰਦੇਸ਼ ‘ਚ ਪੰਜਾਬ ਵਿਚ ਜਵਾਨੀ, ਕਿਸਾਨੀ ਅਤੇ ਤਜਾਰਤ ਦੇ ਭਵਿੱਖ ਨੂੰ ਧੁੰਦਲਾ ਦੱਸਦਿਆਂ ਫ਼ਿਕਰ ਜਤਾਇਆ ਹੈ। ਜਥੇਦਾਰ ਨੇ ਪੰਜਾਬ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ

ਇਕਮੁੱਠ ਹੋਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਪਸੀ ਮਤਭੇਦ ਛੱਡ ਕੇ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਦੀ ਲੋੜ ਹੈ।
ਉਨ੍ਹਾਂ ਦੇਸ਼ ਭਰ ਵਿਚ ਸਿੱਖਾਂ ਨਾਲ ਹੋ ਰਹੇ ਵਿਤਕਰੇ ਅਤੇ ਸਿੱਖ ਸੰਸਥਾਵਾਂ ਵਿਚ ਵੱਧ ਰਹੀ ਸਰਕਾਰੀ ਦਖਲਅੰਦਾਜ਼ੀ ‘ਤੇ ਵੀ ਫ਼ਿਕਰ ਜਤਾਇਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਮੂਲ ਨਾਲ ਜੁੜਨ ਅਤੇ ਡੂੰਘੇ ਆਤਮ ਚਿੰਤਨ ਦੀ ਲੋੜ ‘ਤੇ ਜ਼ੋਰ ਦਿੱਤਾ। ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਪੰਥ ਦਾ ਭਵਿੱਖ ਪੰਜਾਬ ਖਿੱਤੇ ਨਾਲ ਜੁੜਿਆ ਹੋਇਆ ਹੈ ਪਰ ਮੌਜੂਦਾ ਸਮੇਂ ਇੱਥੋਂ ਦਾ ਸਮਾਜਿਕ, ਰਾਜਨੀਤਕ ਸੱਭਿਆਚਾਰਕ ਅਤੇ ਆਰਥਿਕ ਤਾਨਾ-ਬਾਨਾ ਚਿੰਤਾਜਨਕ ਸਥਿਤੀ ਵਿਚ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਨੌਜਵਾਨੀ ਤਬਾਹ ਹੋ ਰਹੀ ਹੈ। ਸਿਆਸੀ ਧਿਰਾਂ ਦੀ ਗੁਰੂ ਗ੍ਰੰਥ ਤੇ ਗੁਰੂ ਪੰਥ ਪ੍ਰਤੀ ਵਫਾਦਾਰੀ ਵਿਚ ਕਮੀ ਆਈ ਹੈ, ਜਦੋਂਕਿ ਸਿੱਖ ਰਾਜਨੀਤੀ ਦਵੰਧ ਦਾ ਸ਼ਿਕਾਰ ਹੋ ਕੇ ਹਾਸ਼ੀਏ ‘ਤੇ ਆ ਗਈ ਹੈ ਅਤੇ ਇਸ ਦੇ ਭਵਿੱਖ ‘ਤੇ ਪ੍ਰਸ਼ਨ ਚਿੰਨ ਲੱਗ ਗਿਆ ਹੈ। ਇਸ ਦਵੰਧ ਕਾਰਨ ਸਿੱਖ ਸਿਧਾਂਤਾਂ, ਸੰਸਥਾਵਾਂ ਅਤੇ ਪਰੰਪਰਾਵਾਂ ਦੀ ਮੌਲਿਕਤਾ ਨੂੰ ਖੋਰਾ ਲੱਗਾ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਦੇ ਕੁਦਰਤੀ ਸਰੋਤਾਂ ਤੇ ਬੁਨਿਆਦੀ ਹੱਕਾਂ ਦੇ ਮੁੱਦੇ, ਜੋ ਕਦੇ ਪੰਥਕ ਸਿਆਸਤ ਦਾ ਕੇਂਦਰ ਹੁੰਦੇ ਸਨ, ਨੂੰ ਵਿਸਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜੋਕੀ ਸਥਿਤੀ ਵਿਚ ਸਿੱਖ ਰਾਜਨੀਤੀ ਦੀ ਸੁਰਜੀਤੀ ਦੀ ਲੋੜ ਹੈ, ਜੋ ਪੰਜਾਬ, ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਸਮਰਪਿਤ ਹੋਵੇ।
ਜਥੇਦਾਰ ਨੇ 1984 ਸਿੱਖ ਕਤਲੇਆਮ ਦੀ ਗੱਲ ਕਰਦਿਆਂ ਕਿਹਾ ਕਿ 40 ਸਾਲ ਦਾ ਲੰਮਾ ਸਮਾਂ ਬੀਤਣ ਮਗਰੋਂ ਵੀ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਤਲਾਂ ਦਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ‘84 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਇਸ ਦੌਰਾਨ ਅਕਾਲ ਤਖ਼ਤ ਤੋਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਦੇ ਮੁਖੀਆਂ ਅਤੇ ਹੋਰ ਪ੍ਰਤੀਨਿਧਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਬੰਦੀ ਛੋੜ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ, ਜਿਸ ਵਿਚ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਅਤੇ ਇਤਿਹਾਸ ਬਾਰੇ ਚਾਨਣਾ ਪਾਇਆ। ਸਮਾਗਮਾਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤਰਨਾ ਦਲ, ਦਮਦਮੀ ਟਕਸਾਲ ਵੱਲੋਂ ਬਾਬਾ ਸੁਖਦੇਵ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਆਦਿ ਹਾਜ਼ਰ ਸਨ।