ਅਕਾਲ ਤਖਤ ਵੱਲੋਂ ਸੁਖਬੀਰ ਬਾਰੇ ਛੇਤੀ ਫੈਸਲਾ ਲੈਣ ਦੇ ਆਸਾਰ

ਅੰਮ੍ਰਿਤਸਰ: ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਮਗਰੋਂ ਉਸ ਖ਼ਿਲਾਫ਼ ਅਗਲੀ ਕਾਰਵਾਈ ਬਾਰੇ ਚਰਚਾ ਲਈ ਸੱਦੀ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ।

ਇਨ੍ਹਾਂ ਨੂੰ ਵਿਚਾਰਨ ਉਪਰੰਤ ਪੰਜ ਸਿੰਘ ਸਾਹਿਬਾਨ ਸੁਖਬੀਰ ਬਾਦਲ ਖ਼ਿਲਾਫ਼ ਕੋਈ ਫ਼ੈਸਲਾ ਲੈਣਗੇ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸਿੱਖ ਵਿਦਵਾਨਾਂ ਦੇ ਵਿਚਾਰ ਸੁਣੇ। ਕੁਝ ਵਿਦਵਾਨਾਂ ਨੇ ਲਿਖਤੀ ਵਿਚਾਰ ਵੀ ਭੇਜੇ ਸਨ, ਜਿਨ੍ਹਾਂ ਨੂੰ ਮੀਟਿੰਗ ਦੌਰਾਨ ਵਿਚਾਰ-ਚਰਚਾ ਵਿਚ ਸ਼ਾਮਲ ਕੀਤਾ ਗਿਆ। ਸਾਰੇ ਵਿਦਵਾਨਾਂ ਦੇ ਵਿਚਾਰ ਸੁਣਨ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਪੰਥ ਵਿਚ ਕੌਮੀ ਮੁੱਦਿਆਂ ਬਾਰੇ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰੇ ਦੀ ਰਵਾਇਤ ਰਹੀ ਹੈ ਅਤੇ ਇਸ ਨੂੰ ਅੱਗੇ ਵੀ ਕਾਇਮ ਰੱਖਿਆ ਜਾਵੇਗਾ। ਆਉਣ ਵਾਲੇ ਸਮੇਂ ਵਿਚ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਤੇ ਗੁਰਦੁਆਰਾ ਕਮੇਟੀਆਂ ਨਾਲ ਵੀ ਪੰਥਕ ਮਸਲਿਆਂ ਬਾਰੇ ਵਿਚਾਰ-ਚਰਚਾ ਲਈ ਇਕੱਤਰਤਾ ਕੀਤੀ ਜਾਵੇਗੀ ਤਾਂ ਜੋ ਪੰਥ ਨੂੰ ਨਵੇਂ ਅਤੇ ਉੱਜਲ ਦਿਸਹੱਦਿਆਂ ਵੱਲ ਲਿਜਾਇਆ ਜਾ ਸਕੇ।
ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਪਰੀਮ ਕੋਰਟ ਦੇ ਵਕੀਲ ਐਚ.ਐਸ. ਫੂਲਕਾ, ਸਿੱਖ ਵਿਦਵਾਨ ਹਰਸਿਮਰਨ ਸਿੰਘ, ਡਾ. ਜਸਬੀਰ ਕੌਰ ਪਟਿਆਲਾ, ਇੰਜੀਨੀਅਰ ਸਰਬਜੀਤ ਸਿੰਘ ਸੋਹਲ, ਡਾ. ਚਮਕੌਰ ਸਿੰਘ ਪਟਿਆਲਾ, ਡਾ. ਅਮਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ। ਸਿੱਖ ਵਿਦਵਾਨਾਂ ਕੋਲੋਂ ਇਸ ਸਬੰਧੀ ਰਾਏ ਲੈਣ ਤੋਂ ਬਾਅਦ ਹੁਣ ਸਿੱਖ ਜਥੇਬੰਦੀਆਂ ਦੀ ਵੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਪਾਰਟੀ ਦੇ ਨਾਰਾਜ਼ ਧੜੇ ਵੱਲੋਂ ਅਕਾਲ ਤਖ਼ਤ ਉਤੇ ਸ਼ਿਕਾਇਤ ਕੀਤੀ ਗਈ ਸੀ ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਵੱਡੀਆਂ ਭੁੱਲਾਂ ਅਤੇ ਗਲਤੀਆਂ ਹੋਈਆਂ ਹਨ ਜਿਸ ਨਾਲ ਪੰਥ ਨੂੰ ਵੱਡਾ ਨੁਕਸਾਨ ਹੋਇਆ। ਇਨ੍ਹਾਂ ਭੁੱਲਾਂ ਅਤੇ ਗਲਤੀਆਂ ਵਿਚ ਡੇਰਾ ਸਿਰਸਾ ਮੁਖੀ ਖ਼ਿਲਾਫ਼ ਚੱਲ ਰਹੇ ਕੇਸ ਨੂੰ ਵਾਪਸ ਲੈਣਾ ਅਤੇ ਉਸ ਨੂੰ ਅਕਾਲ ਤਖ਼ਤ ਤੋਂ ਮੁਆਫ਼ੀ ਦਿਵਾਉਣਾ, 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਕੋਈ ਠੋਸ ਕਾਰਵਾਈ ਨਾ ਕਰਨਾ ਆਦਿ ਸ਼ਾਮਲ ਹਨ। ਸੁਖਬੀਰ ਸਿੰਘ ਬਾਦਲ ਇਸ ਮਾਮਲੇ ਵਿਚ ਅਪਣਾ ਖਿਮਾ ਯਾਚਨਾ ਪੱਤਰ ਅਕਾਲ ਤਖ਼ਤ ਵਿਖੇ ਸੌਂਪ ਚੁੱਕੇ ਹਨ। ਮੀਟਿੰਗ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਜੇ ਲੋੜ ਪਈ ਤਾਂ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦ ਕੇ ਵੀ ਇਸ ਮਾਮਲੇ ਨੂੰ ਵਿਚਾਰਿਆ ਜਾਵੇਗਾ।
ਸੁਧਾਰ ਲਹਿਰ ਦੇ ਆਗੂਆਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਤਲਵੰਡੀ ਸਾਬੋ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂਆਂ ਦਾ ਇਕ ਵਫ਼ਦ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਸਥਾਨਕ ਰਿਹਾਇਸ਼ ‘ਤੇ ਮਿਲਿਆ ਤੇ ਉਨ੍ਹਾਂ ਨਾਲ ਬੰਦ-ਕਮਰਾ ਮੀਟਿੰਗ ਕੀਤੀ। ਉਨ੍ਹਾਂ ਸਿੰਘ ਸਾਹਿਬ ਨਾਲ ਸਵਾ ਘੰਟੇ ਦੇ ਕਰੀਬ ਬੰਦ-ਕਮਰਾ ਮੀਟਿੰਗ ਕੀਤੀ, ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਵਿਚਾਰ ਚਰਚਾ ਕਿਸ ਵਿਸ਼ੇ ਉਤੇ ਹੋਈ।