ਸਿੰਘ ਸਾਹਿਬਾਨ ਦੇ ਫੈਸਲੇ ਨੇ ਅਕਾਲੀ ਸਿਆਸਤ ਦਾ ਪਿੜ ਬੰਨਿ੍ਹਆ

ਅੰਮ੍ਰਿਤਸਰ: ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਦੇ ਮਾਮਲੇ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਨੂੰ ਇਤਿਹਾਸਕ ਮੰਨਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਫੈਸਲੇ ਦੇ ਅਕਾਲੀ ਸਿਆਸਤ ਉਤੇ ਦੂਰ-ਰਸ ਅਸਰ ਪੈਣਗੇ।

ਅਕਾਲ ਤਖਤ ਸਾਹਿਬ ਵੱਲੋਂ ਇਨ੍ਹਾਂ ਆਗੂਆਂ ਨੂੰ ਹਰਿਮੰਦਰ ਸਾਹਿਬ ਵਿਚ ਪਖਾਨੇ ਸਾਫ਼ ਕਰਨ, ਲੰਗਰ ਘਰ ਵਿਚ ਬਰਤਨ ਮਾਂਜਣ, ਜੋੜੇ ਝਾੜਨ ਅਤੇ ਕੀਰਤਨ ਸੁਣਨ ਦੀ ਧਾਰਮਿਕ ਸਜ਼ਾ ਲਗਾਈ ਗਈ। ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਦਾ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਪ੍ਰਵਾਨ ਕਰਨ ਲਈ ਵੀ ਹੁਕਮ ਦਿੱਤੇ ਹੈ।
ਅਕਾਲ ਤਖਤ ਉਤੇ ਹੋਈ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਲਈ ਨਮੋਸ਼ੀ ਵਾਲਾ ਸਮਾਂ ਸੀ ਜਦੋਂ ਗੁਰੂ ਦੀ ਹਜ਼ੂਰੀ ਤੇ ਸੰਗਤ ਦੀ ਹਾਜ਼ਰੀ ਵਿਚ ਉਨ੍ਹਾਂ ਉਤੇ ਲੱਗੇ ਦੋਸ਼ਾਂ ਬਾਰੇ ਸਵਾਲ-ਜਵਾਬ ਕੀਤੇ ਗਏ। ਸਿੰਘ ਸਾਹਿਬਾਨ ਨੇ ਬੜੇ ਸਖਤ ਲਹਿਜੇ ਵਿਚ ਸੁਖਬੀਰ ਨੂੰ ‘ਹਾਂ` ਜਾਂ ‘ਨਾਂਹ` ਵਿਚ ਜਵਾਬ ਦੇਣ ਲਈ ਆਖਿਆ। ਇਸ ਦੌਰਾਨ ਸੁਖਬੀਰ ਨੇ ਆਪਣੇ ਉਤੇ ਲੱਗੇ ਸਾਰੇ ਦੋਸ਼ਾਂ ਬਾਰੇ ‘ਹਾਂ` ਵਿਚ ਜਵਾਬ ਦੇ ਕੇ ਕਬੂਲ ਲਏ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ `ਤੇ ਲੱਗੇ ਦੋਸ਼ ਸਬੰਧੀ ਪੁੱਛਿਆ ਕਿ ਅਕਾਲੀ ਸਰਕਾਰ ਵੇਲੇ ਉਨ੍ਹਾਂ ਸਾਲ 2015 ਦੇ ਪੰਥਕ ਮੁੱਦਿਆਂ ਜਿਨ੍ਹਾਂ ਕਾਰਨ ਹਜ਼ਾਰਾਂ ਸ਼ਹੀਦੀਆਂ ਹੋਈਆਂ ਸਨ, ਨੂੰ ਉਨ੍ਹਾਂ ਵਿਸਾਰ ਦਿੱਤਾ ਸੀ। ਇਸ ਬਾਰੇ ਉਹ ਹਾਂ ਜਾਂ ਨਾਂਹ ਵਿਚ ਜਵਾਬ ਦੇਣ। ਸੁਖਬੀਰ ਸਿੰਘ ਬਾਦਲ ਨੇ ਜਦੋਂ ਇਸ ਦੇ ਵਿਸਥਾਰ `ਚ ਜਾਣ ਦਾ ਯਤਨ ਕੀਤਾ ਤਾਂ ਜਥੇਦਾਰ ਨੇ ਆਖਿਆ ਕਿ ਉਹ ਸਿਰਫ ਹਾਂ ਜਾਂ ਨਾਂਹ ਵਿਚ ਜਵਾਬ ਦੇਣ ਤਾਂ ਉਸ ਨੇ ਗੁਨਾਹ ਕਬੂਲ ਕਰਦਿਆਂ ‘ਹਾਂ ਜੀ` ਕਿਹਾ।
ਦੂਜਾ ਸਵਾਲ ਕਰਦਿਆਂ ਸਿੰਘ ਸਾਹਿਬਾਨ ਨੇ ਕਿਹਾ ਕਿ ਅਤਿਵਾਦ ਵੇਲੇ ਬੇਗੁਨਾਹ ਸਿੱਖਾਂ ਦਾ ਕਤਲ ਕਰਨ ਵਾਲੇ ਅਫਸਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਤਰੱਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਾਰਟੀ ਦੀਆਂ ਟਿਕਟਾਂ ਵੀ ਦਿੱਤੀਆਂ ਗਈਆਂ। ਕੀ ਤੁਸੀਂ ਇਹ ਗੁਨਾਹ ਕੀਤਾ ਹੈ ਤਾਂ ਸੁਖਬੀਰ ਸਿੰਘ ਬਾਦਲ ਨੇ ‘ਹਾਂ’ ਵਿਚ ਜਵਾਬ ਦਿੱਤਾ। ਤੀਜਾ ਸਵਾਲ ਡੇਰਾ ਸਿਰਸਾ ਮੁਖੀ ਖ਼ਿਲਾਫ਼ ਦਰਜ ਕੇਸ ਨੂੰ ਵਾਪਸ ਕਰਵਾਉਣ ਦਾ ਗੁਨਾਹ ਕੀਤਾ ਹੈ ਜਾਂ ਨਹੀਂ ਤਾਂ ਇਸ ਦੇ ਜਵਾਬ ਵਿਚ ਵੀ ਉਸ ਨੇ ਹਾਂ ਆਖਿਆ। ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦਿਵਾਉਣ ਲਈ 2015 `ਚ ਜਥੇਦਾਰਾਂ ਨੂੰ ਚੰਡੀਗੜ੍ਹ ਬੁਲਾਉਣ ਅਤੇ ਉਨ੍ਹਾਂ `ਤੇ ਪ੍ਰਭਾਵ ਪਾ ਕੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਾਉਣ ਦੇ ਜਵਾਬ ਵਿਚ ਮੁੜ ਸੁਖਬੀਰ ਸਿੰਘ ਬਾਦਲ ਨੇ ਵਿਸਥਾਰ ਵਿਚ ਜਾਣ ਦਾ ਯਤਨ ਕੀਤਾ ਤਾਂ ਜਥੇਦਾਰ ਨੇ ਤਾੜਨਾ ਕਰਦਿਆਂ ਉਨ੍ਹਾਂ ਨੂੰ ਆਪਣਾ ਜਵਾਬ ਹਾਂ ਜਾਂ ਨਾਂਹ ਵਿਚ ਹੀ ਦੇਣ ਦੀ ਤਾਕੀਦ ਕੀਤੀ। ਉਸ ਨੇ ਇਹ ਗੁਨਾਹ ਵੀ ਕਬੂਲ ਕਰ ਲਿਆ। ਇਕ ਹੋਰ ਸਵਾਲ ਦੇ ਜਵਾਬ ਵਿਚ ਸੁਖਬੀਰ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਵਾਸਤੇ ਕੀਤੇ ਗਏ ਫ਼ੈਸਲੇ ਨੂੰ ਸਹੀ ਠਹਿਰਾਉਣ ਲਈ ਸ਼੍ਰੋੋਮਣੀ ਕਮੇਟੀ ਦੀ ਗੋਲਕ ਵਿਚੋਂ 90 ਲੱਖ ਰੁਪਏ ਦੇ ਇਸ਼ਤਿਹਾਰ ਦਿੱਤੇ ਜਾਣ ਦਾ ਗੁਨਾਹ ਵੀ ਕਬੂਲ ਕੀਤਾ।
ਇਸ ਪਿੱਛੋਂ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ਧਾਰਮਿਕ ਤਨਖਾਹ ਲਾਈ ਹੈ। ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਤੇ ਸਿੱਖ ਕੌਮ ਵਿਰੋਧੀ ਫ਼ੈਸਲੇ ਲੈਣ ਲਈ ਤਤਕਾਲੀ ਅਕਾਲੀ ਸਰਕਾਰ ਦੇ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ ਹੈ। ਜਥੇਦਾਰਾਂ ਖ਼ਿਲਾਫ਼ ਅਪਮਾਨਜਨਕ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਸ ਤੋਂ ਇਲਾਵਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਇਕ ਫੈਡਰੇਸ਼ਨ ਆਗੂ ਨੂੰ ਜਥੇਦਾਰਾਂ ਖ਼ਿਲਾਫ਼ ਬਿਆਨਬਾਜ਼ੀ ਬੰਦ ਕਰਨ ਦੀ ਤਾੜਨਾ ਕੀਤੀ ਗਈ ਹੈ। ਅਕਾਲ ਤਖ਼ਤ ਦੀ ਫਸੀਲ ‘ਤੇ ਲਗਭਗ ਢਾਈ ਘੰਟੇ ਚੱਲੀ ਇਸ ਕਾਰਵਾਈ ਦੌਰਾਨ ਸੁਖਬੀਰ ਸਿੰਘ ਬਾਦਲ ਸਮੇਤ 2007 ਤੋਂ ਲੈ ਕੇ 2017 ਤੱਕ ਦੀ ਅਕਾਲੀ ਸਰਕਾਰ ਦੀ ਕੈਬਨਿਟ ਵਿਚ ਸ਼ਾਮਲ 17 ਸਾਬਕਾ ਅਕਾਲੀ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਦੇ ਮੈਂਬਰ ਅਤੇ ਉਸ ਵੇਲੇ ਦੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਨਖਾਹ ਦਾ ਐਲਾਨ ਕਰਦਿਆਂ ਸਭ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਤੇ ਉਸ ਸਮੇਤ ਛੇ ਹੋਰ ਅਕਾਲੀ ਆਗੂਆਂ ਸੁਖਦੇਵ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਡਾਕਟਰ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਬਲਵਿੰਦਰ ਸਿੰਘ ਭੂੰਦੜ ਖ਼ਿਲਾਫ਼ ਧਾਰਮਿਕ ਸਜ਼ਾ ਸੁਣਾਈ। ਉਨ੍ਹਾਂ ਆਦੇਸ਼ ਦਿੱਤਾ ਕਿ ਇਹ ਸਾਰੇ ਅਕਾਲੀ ਆਗੂ ਸ੍ਰੀ ਹਰਿਮੰਦਰ ਸਾਹਿਬ ਦੇ ਪਖਾਨਿਆਂ ਵਿਚ 12 ਤੋਂ ਇਕ ਵਜੇ ਤੱਕ ਇਕ ਘੰਟੇ ਸਫਾਈ ਦੀ ਸੇਵਾ ਕਰਨਗੇ। ਆਪਣੀ ਇਸ ਸੇਵਾ ਦੌਰਾਨ ਉਹ ਆਪਣੇ ਗਲ ਵਿਚ ਤਖਤੀਆਂ ਪਾ ਕੇ ਰੱਖਣਗੇ। ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਵਿਖੇ ਘੰਟਾ ਘਰ ਦੇ ਬਾਹਰ ਸੇਵਾਦਾਰ ਦੀ ਵਰਦੀ ਪਾ ਕੇ ਅਤੇ ਹੱਥ ਵਿਚ ਬਰਛਾ ਫੜ ਕੇ ਸੇਵਾ ਕਰਨ ਦਾ ਆਦੇਸ਼ ਦਿੱਤਾ ਗਿਆ। ਉਪਰੰਤ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿਚ ਇਕ ਘੰਟਾ ਸੰਗਤ ਦੇ ਜੂਠੇ ਬਰਤਨ ਸਾਫ ਕਰਨ, ਇਕ ਘੰਟਾ ਕੀਰਤਨ ਸਰਵਣ ਕਰਨ ਅਤੇ ਨਿਤਨੇਮ ਤੋਂ ਇਲਾਵਾ ਸੁਖਮਨੀ ਸਾਹਿਬ ਦਾ ਪਾਠ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਬਾਦਲ ਦਾ ਫ਼ਖ਼ਰ-ਏ-ਕੌਮ
ਖਿਤਾਬ ਵਾਪਸ ਲਿਆ
ਅੰਮ੍ਰਿਤਸਰ: ਸਾਲ 2015 ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁਆਫ਼ੀ ਦੇਣ ਦੇ ਮਾਮਲੇ ਦਾ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਨੋਟਿਸ ਲੈਂਦਿਆਂ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੀਟਿੰਗ ਹੋਈ ਸੀ ਜਿਸ ‘ਚ ਪ੍ਰਕਾਸ਼ ਸਿੰਘ ਬਾਦਲ ਵੀ ਹਾਜ਼ਰ ਸਨ ਅਤੇ ਉਨ੍ਹਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਆਪਣੇ ਘਰ ਵਿਖੇ ਸੱਦ ਕੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਨ ਵਾਸਤੇ ਪ੍ਰਭਾਵ ਵਰਤਿਆ ਸੀ। ਸਿੰਘ ਸਾਹਿਬਾਨ ਨੇ ਇਸ ਸਬੰਧੀ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਸਿੰਘ ਭੂੰਦੜ ਕੋਲੋਂ ਵੀ ਜਵਾਬ-ਤਲਬੀ ਕੀਤੀ। ਭੂੰਦੜ ਉਤੇ ਨੇ ਆਪਣੇ ‘ਤੇ ਡੇਰਾ ਸਿਰਸਾ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਦੇ ਲੱਗੇ ਦੋਸ਼ਾਂ ਨੂੰ ਨਕਾਰ ਦਿੱਤਾ। ਉਨ੍ਹਾਂ ‘ਤੇ ਡੇਰਾ ਮੁਖੀ ਨੂੰ ਮੁਆਫ਼ ਕਰਨ ਦੇ ਫ਼ੈਸਲੇ ਦੀ ਹਮਾਇਤ ਕਰਨ ਦਾ ਦੋਸ਼ ਸੀ। ਇਸੇ ਮਾਮਲੇ ਵਿਚ ਤਿੰਨ ਸਾਬਕਾ ਜਥੇਦਾਰਾਂ ਕੋਲੋਂ ਵੀ ਸਪਸ਼ਟੀਕਰਨ ਮੰਗੇ ਗਏ ਸਨ ਜਿਨ੍ਹਾਂ ਵਿਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਤਿੰਨਾਂ ਸਾਬਕਾ ਜਥੇਦਾਰਾਂ ਦੇ ਸਪਸ਼ਟੀਕਰਨਾਂ ਤੋਂ ਉਹ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਜਥੇਦਾਰਾਂ ਨੂੰ ਆਪਣੇ ਘਰ ਬੁਲਾਉਣਾ ਕਬੂਲ ਕੀਤਾ ਹੈ।
ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਗਈਆਂ ਸਹੂਲਤਾਂ, ਜਿਨ੍ਹਾਂ ਵਿਚ ਗੱਡੀਆਂ, ਮੁਲਾਜ਼ਮ ਤੇ ਹੋਰ ਸ਼ਾਮਲ ਹਨ, ਵਾਪਸ ਲੈ ਲਈਆਂ ਜਾਣ। ਇਸੇ ਤਰ੍ਹਾਂ ਸਾਬਕਾ ਜਥੇਦਾਰ ਅਤੇ ਅਕਾਲ ਤਖ਼ਤ ਦੇ ਮੌਜੂਦਾ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਦੀ ਤੁਰਤ ਬਦਲੀ ਅੰਮ੍ਰਿਤਸਰ ਤੋਂ ਬਾਹਰ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਹੋਰ ਕਿਸੇ ਤਖ਼ਤ ਸਾਹਿਬ ‘ਤੇ ਨਾ ਲਗਾਉਣ ਲਈ ਕਿਹਾ ਹੈ। ਪੰਜ ਸਿੰਘ ਸਾਹਿਬਾਨ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕਰਨ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਰਾਹੀਂ 90 ਲੱਖ ਰੁਪਏ ਤੋਂ ਵੱਧ ਦੇ ਇਸ਼ਤਿਹਾਰ ਅਖਬਾਰਾਂ ਵਿਚ ਦਿੱਤੇ ਗਏ ਸਨ।
ਸ਼੍ਰੋਮਣੀ ਕਮੇਟੀ ਦੀ ਗੋਲਕ ਵਿਚੋਂ ਵਰਤੀ ਗਈ ਰਕਮ ਦੀ ਭਰਪਾਈ ਵਾਸਤੇ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ ਅਤੇ ਦਲਜੀਤ ਸਿੰਘ ਚੀਮਾ ਪਾਸੋਂ ਇਹ ਰਕਮ ਵਿਆਜ ਸਮੇਤ ਵਸੂਲੀ ਜਾਵੇ।