‘ਖ਼ਾਲਿਸਤਾਨ ਜ਼ਿੰਦਾਬਾਦ ਫੋਰਸ’ ਦੇ ਤਿੰਨ ਮੈਂਬਰ ਯੂ.ਪੀ.ਵਿਚ ਪੁਲਿਸ ਮੁਕਾਬਲੇ ਦੌਰਾਨ ਹਲਾਕ

ਪੀਲੀਭੀਤ: ਪੰਜਾਬ ਦੇ ਗੁਰਦਾਸਪੁਰ ਜ਼ਿਲੇ ਵਿੱਚ ਥਾਣੇ ‘ਤੇ ਗ੍ਰਨੇਡ ਨਾਲ ਹਮਲਾ ਕਰਨ ਵਾਲੇ ਤਿੰਨ ਸ਼ੱਕੀ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਮੈਂਬਰ ਉੱਤਰ ਪ੍ਰਦੇਸ਼ ਦੇ ਪੀਲੀਭੀਤ ‘ਚ ਪੁਲਿਸ ਨਾਲ ਮੁਕਾਬਲੇ ‘ਚ ਮਾਰੇ ਗਏ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਸ ਨੂੰ ਪਾਕਿਸਤਾਨ ਸਪੌਂਸਰ ਕੀਤੇ ਅੱਤਵਾਦੀ ਮਾਡਿਊਲ ਖiLਲਾਫ਼ ਪੁਲਿਸ ਨੂੰ ਮਿਲੀ ਇਕ ਵੱਡੀ ਸਫ਼ਲਤਾ ਕਰਾਰ ਦਿੱਤਾ।

ਪੁਲਿਸ ਦੀ ਜਾਣਕਾਰੀ ਅਨੁਸਾਰ ਪੀਲੀਭੀਤ ਦੇ ਪੂਰਨਪੁਰ ਇਲਾਕੇ ‘ਚ ਯੂ.ਪੀ. ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਦਾ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੈਂਬਰਾਂ ਨਾਲ ਮੁਕਾਬਲਾ ਹੋਇਆ, ਜਿਸ ਦੌਰਾਨ ਇਹ ਤਿੰਨੋਂ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੈਂਬਰ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਤਿੰਨੋਂ ਮੈਂਬਰ ਮੋਟਰਸਾਈਕਲ ‘ਤੇ ਸਵਾਰ ਸਨ, ਜਦੋਂ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਤਾਂ ਉਹ ਭੱਜਣ ਲੱਗੇ ਅਤੇ ਉਨ੍ਹਾਂ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਪੀਲੀਭੀਤ ਦੇ ਐਸ.ਪੀ. ਅਵਿਨਾਸ਼ ਪਾਂਡੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੀ ਪੁਲਿਸ ਪੂਰਨਪੁਰ ਥਾਣੇ ਪਹੁੰਚੀ ਸੀ।
ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਖ਼ਾਲਿਸਤਾਨੀ ਸਮਰਥਕਾਂ ਨੇ ਗੁਰਦਾਸਪੁਰ ‘ਚ ਬਖਸ਼ੀਵਾਲ ਕਰ ਪੁਲਿਸ ਥਾਣੇ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਸੀ ਤੇ ਉਨ੍ਹਾਂ ਦੋਸ਼ੀਆਂ ਦੀ ਪੂਰਨਪੁਰ ਇਲਾਕੇ ਵਿਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਤੁਰੰਤ ਪੂਰੇ ਜ਼ਿLਲ੍ਹੇ ‘ਚ ਨਾਕਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਖਮਾਰੀਆ ਪੁਆਇੰਟ ‘ਤੇ ਤਾਇਨਾਤ ਪੁਲਿਸ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਇਕ ਬਾਈਕ ‘ਤੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ ਹੈ। ਪੰਜਾਬ ਪੁਲਿਸ ਅਤੇ ਪੂਰਨਪੁਰ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤੇ ਜਦੋਂ ਪੁਲਿਸ ਨੇ ਇਨ੍ਹਾਂ ਨੂੰ ਪੂਰਨਪੁਰ ਅਤੇ ਪੀਲੀਭੀਤ ਵਿਚਕਾਰ ਨਿਰਮਾਣ ਅਧੀਨ ਪੁਲ ‘ਤੇ ਘੇਰ ਲਿਆ ਤਾਂ ਉਹ ਇਕ ਟ੍ਰੈਕ ਵੱਲ ਮੁੜ ਗਏ। ਇਸ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਪੁਲਿਸ ਟੀਮ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਮੁਕਾਬਲੇ ਤੋਂ ਬਾਅਦ ਕਾਰਵਾਈ ‘ਚ ਤਿੰਨੋਂ ਹੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਹਸਪਤਾਲ ‘ਚ ਮੌਤ ਹੋ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਤਿੰਨਾਂ ਦੀ ਪਹਿਚਾਣ ਵਰਿੰਦਰ ਸਿੰਘ ਉਰਫ਼ ਰਵੀ (23), ਗੁਰਵਿੰਦਰ ਸਿੰਘ (25) ਤੇ ਜਸ਼ਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ (18) ਵਜੋਂ ਹੋਈ ਤੇ ਇਹ ਤਿੰਨੋਂ ਹੀ ਥਾਣਾ ਕਲਾਨੌਰ ਦੇ ਵਸਨੀਕ ਹਨ ਅਤੇ ਉਨ੍ਹਾਂ ‘ਤੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨਰ ਦੇ ਥਾਣਾ ਬਖਸ਼ੀਵਾਲਾ `ਤੇ ਗ੍ਰਨੇਡ ਹਮਲਾ ਕਰਨ ਦਾ ਦੋਸ਼ ਹੈ।
ਉੱਤਰ ਪ੍ਰਦੇਸ਼ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਅਮਿਤਾਭ ਯਸ਼ ਨੇ ਕਿਹਾ ਕਿ ਤਿੰਨੋਂ ਗੁਰਦਾਸਪੁਰ `ਚ ਇਕ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲਾ ਕਰਨ `ਚ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨਾਲ ਮੁਕਾਬਲੇ `ਚ ਤਿੰਨੋਂ ਹੀ ਗੰਭੀਰ ਜ਼ਖ਼ਮੀ ਹੋ ਗਏ ਤੇ ਜਿਨ੍ਹਾਂ ਨੂੰ ਤੁਰੰਤ ਹੀ ਇਲਾਜ ਲਈ ਸਿਵਲ ਹਸਪਤਾਲ ਪੂਰਨਪੁਰ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਬਾਅਦ ‘ਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 2 ਏਕੇ-47 ਰਾਈਫਲਾਂ, ਦੋ ਗਲੌਕ ਪਿਸਤੌਲ ਅਤੇ ਭਾਰੀ ਮਾਤਰਾ ‘ਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ।