ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਤੁਰੰਤ ਸਵੀਕਾਰ ਹੋਵੇ: ਜਥੇਦਾਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸੁਖਬੀਰ ਬਾਦਲ ਸਮੇਤ ਹੋਰਾਂ ਦੇ ਅਸਤੀਫ਼ੇ ਫ਼ੌਰੀ ਤੌਰ ‘ਤੇ ਪ੍ਰਵਾਨ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਜਥੇਦਾਰ ਹਰਪ੍ਰੀਤ ਸਿੰਘ ਦੇ ਮਾਮਲੇ ‘ਚ ਕਿਸੇ ਵੀ ਤਰ੍ਹਾਂ ਦੀ ਜਾਂਚ ਦੀ ਜ਼ਰੂਰਤ ਤੋਂ ਵੀ ਇਨਕਾਰ ਕੀਤਾ ਹੈ। ਸੋਮਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੇ ਮਾਮਲੇ ‘ਚ ਦੋ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਇਆ ਗਿਆ।ਫ਼ੈਸਲਾ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਨੂੰ ਆਨਾ- ਕਾਨੀ ਨਹੀਂ ਕਰਨੀ ਚਾਹੀਦੀ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ‘ਤੇ ਜਥੇਦਾਰ ਨੇ ਕਿਹਾ ਕਿ ਜਿਸ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਗਈ ਸੀ। ਜਥੇਦਾਰ ਹਰਪ੍ਰੀਤ ਸਿੰਘ ਨੇ ਖ਼ੁਦ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ‘ਤੇ ਪੰਜ ਪਿਆਰਿਆਂ ਦੀ ਮੌਜੂਦਗੀ ‘ਚ ਕਹਿ ਦਿੱਤਾ ਸੀ ਕਿ ਇਹ ਪਾਪ ਮੈਂ ਨਹੀਂ ਕੀਤਾ। ਗਿਆਨੀ ਰਘਬੀਰ ਸਿੰਘ ਨੇ ਵੀ ਕਿਹਾ ਕਿ ਇਸ ਤੋਂ ਬਾਅਦ ਉਹ ਸਮਝਦੇ ਹਨ ਕਿ ਕੋਈ ਵੀ ਪੜਤਾਲ ਕਰਨੀ ਬਾਕੀ ਨਹੀਂ ਰਹਿ ਜਾਂਦੀ। ਉਨ੍ਹਾਂ ਨੇ ਉਸ ਦਿਨ ਵੀ ਕਿਹਾ ਸੀ ਕਿ ਜਥੇਦਾਰਾਂ ਦੀ ਜਾਂਚ ਦਾ ਅਧਿਕਾਰ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਹੈ। ਜਥੇਦਾਰ ਨੇ ਕਿਹਾ ਕਿ ਜਸਪ੍ਰੀਤ ਸਿੰਘ, ਜਿਸ ਨੇ ਨਰਾਇਣ ਸਿੰਘ ਚੌੜਾ ਵੱਲੋਂ ਗੋਲੀ ਚਲਾਉਂਣ ਮੌਕੇ ਚੌੜਾ ਦੀ ਦਸਤਾਰ ਉਤਾਰੀ ਸੀ, ਦਾ ਮਾਫ਼ੀਨਾਮਾ ਆਇਆ ਹੈ, ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਚਾਰ ਕੇ ਕਾਰਵਾਈ ਕੀਤੀ ਜਾਵੇਗੀ।
ਕਿਸਾਨੀ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਦੇ ਮਾਮਲੇ ‘ਤੇ ਜਥੇਦਾਰ ਨੇ ਕਿਹਾ ਕਿ ਬੜੇ ਦੁੱਖ ਵਾਲੀ ਗੱਲ ਹੈ ਕਿ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਰੱਖ ਕੇ ਕਿਸਾਨੀ ਹੱਕਾਂ ਲਈ ਲੜ ਰਹੇ ਹਨ ਤੇ ਸਰਕਾਰਾਂ ਗੱਲ ਨਹੀਂ ਸੁਣ ਰਹੀਆਂ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ ਜਾਂ ਜਿਹੜੇ ਫ਼ੌਜੀ ਦੇਸ਼ ਦੀਆਂ ਸਰਹੱਦਾਂ ‘ਤੇ ਰਾਖੀ ਕਰਦੇ ਹਨ, ਜੇ ਇਨ੍ਹਾਂ ਨੂੰ ਹੱਕੀ ਮੰਗਾਂ ਲਈ ਮਰਨ ਵਰਤ ਜਾਂ ਧਰਨੇ ਦੇਣੇ ਪੈਣ, ਇਹ ਦੇਸ਼ ਦੇ ਹਿੱਤ ‘ਚ ਨਹੀਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਸੁਣ ਕੇ ਹੱਲ ਕਰੇ।