ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਮੈਂਬਰਸ਼ਿਪ ਭਰਤੀ ਸ਼ੁਰੂ

ਨਾਰਾਜ਼ ਧੜੇ ਵਲੋਂ ਇਤਰਾਜ਼; ਧਾਮੀ ਅਤੇ ਵਡਾਲਾ ਸਿੰਘ ਸਾਹਿਬ ਨੂੰ ਮਿਲੇ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੋਮਵਾਰ ਤੋਂ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋ ਗਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਤੋਂ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ। ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਬਕਾਇਦਾ ਦਸ ਰੁਪਏ ਦੀ ਪਹਿਲੀ ਪਰਚੀ ਕਟਵਾ ਕੇ ਮੈਂਬਰਸ਼ਿਪ ਹਾਸਲ ਕੀਤੀ।

ਪਾਰਟੀ ਨੇ 25 ਲੱਖ ਮੈਂਬਰਸ਼ਿਪ ਕਰਨ ਦਾ ਟੀਚਾ ਰੱਖਿਆ ਹੈ।
ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅੱਜ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਮੀਟਿੰਗ ਹੋਈ। ਇਸੀ ਦੌਰਾਨ ਭੂੰਦੜ ਨੇ ਭਰਤੀ ਮੁਹਿੰਮ ਸ਼ੁਰੂ ਕਰਵਾਈ ਅਤੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁੱਚਾ ਸਿੰਘ ਲੰਗਾਹ ਨੂੰ ਮੈਂਬਰਸ਼ਿਪ ਪਰਚੀਆਂ ਸੌਂਪੀਆਂ। ਪਾਰਟੀ ਵਰਕਰਾਂ, ਆਗੂਆਂ ਵਲੋਂ ਮੈਂਬਰਸ਼ਿਪ ਲਈ ਪਰਚੀਆਂ (ਕਾਪੀਆਂ) ਇਕੱਤਰ ਕਰ ਰਹੇ ਹਨ। ਭੂੰਦੜ ਨੇ ਦੱਸਿਆ ਕਿ ਭਰਤੀ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਫਰੀਦਕੋਟ ਤੇ ਹੋਰ ਥਾਵਾਂ ਤੇ ਪਰਚੀਆਂ ਲੈ ਰਹੇ ਹਨ। ਪਿੰਡ ਬਾਦਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲੇ ਹੀ ਦਿਨ ਭਰਤੀ ਪ੍ਰਤੀ ਚੰਗਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਕੱਲੇ ਲੰਬੀ ਹਲਕੇ ਤੋਂ 40 ਹਜ਼ਾਰ ਮੈਂਬਰ ਭਰਤੀ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਭਰਤੀ ਮੁਹਿੰਮ ਦੌਰਾਨ 50 ਲੱਖ ਤੋਂ ਜ਼ਿਆਦਾ ਮੈਂਬਰ ਭਰਤੀ ਕਰ ਲਵਾਂਗੇ। ਇਸੇ ਤਰ੍ਹਾਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ 10 ਰੁਪਏ ਦੀ ਫੀਸ ਨਾਲ ਕੋਈ ਵੀ ਵਿਅਕਤੀ ਮੈਂਬਰਸ਼ਿਪ ਲੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਅੱਜ ਮੀਟਿੰਗ ਹੋਈ, ਜਿਸ ਵਿਚ ਫੈਸਲਾ ਲਿਆ ਗਿਆ ਕਿ ਮੁੱਖ ਚੋਣ ਅਫਸਰ ਗੁਲਜ਼ਾਰ ਸਿੰਘ ਰਣੀਕੇ ਭਰਤੀ ਵਾਸਤੇ ਨਿਯੁਕਤ ਕੀਤੇ ਗਏ ਆਬਜ਼ਰਵਰਾਂ ਦੇ ਨਾਲ ਰਲ ਕੇ ਸਾਰੀ ਮੁਹਿੰਮ ਦੀ ਨਿਗਰਾਨੀ ਕਰਨਗੇ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਭਰਤੀ 20 ਫਰਵਰੀ ਤੱਕ ਜਾਰੀ ਰਹੇਗੀ ਅਤੇ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ 1 ਮਾਰਚ ਨੂੰ ਹੋਵੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਇਸ ਮੌਕੇ ਸੁਖਬੀਰ ਨੇ ਇੱਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਸਿੱਖ ਸੰਗਤਾਂ ਨੇ ਇਹ ਮੈਸੇਜ ਬਹੁਤ ਸਾਫ ਤੌਰ’ਤੇ ਦੇ ਦਿੱਤਾ ਹੈ ਕਿ ਜੋ ਵੀ ਤਾਕਤਾਂ ਸਿੱਖ ਧਰਮ ਦੇ ਮਸ਼ਿਆਂ ‘ਚ ਦਖ਼ਲ ਅੰਦਾਜ਼ੀ ਕਰਨਗੀਆਂ ਉਨ੍ਹਾਂ ਨੂੰ ਸਿੱਖ ਸੰਗਤਾਂ ਮੂੰਹ ਨਹੀਂ ਲਾਉਣਗੀਆਂ। ਉਨ੍ਹਾਂ ਦਾਦੂਵਾਲ ਦਾ ਨਾਮ ਲੈ ਕੇ ਕਿਹਾ ਕਿ ਅਜਿਹੇ ਲੋਕ ਏਜੰਸੀਆਂ ਦੇ ਬੰਦੇ ਹਨ ਅਤੇ ਇਸੇ ਕਰ ਕੇ ਸਿੱਖ ਸੰਗਤਾਂ ਨੇ ਉਨ੍ਹਾਂ ਨੂੰ ਮੂੰਹ ਨਹੀਂ ਲਾਇਆ।
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮੀਟਿੰਗ ਹੋਈ । ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਸ ਮੀਟਿੰਗ ਵਿਚ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਦਲ ਦੀ ਭਰਤੀ, ਡੈਲੀਗੇਟ ਬਣਾਉਂਣ ਅਤੇ ਮੁੜ ਅਹੁਦੇਦਾਰਾਂ ਦੀ ਚੋਣ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਹੋਂਦ ਨੂੰ ਲੈ ਕੇ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਨੂੰ ਜਿਹੜੀ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ, ਉਸ ਨੂੰ ਅੱਖੋਂ ਪਰੋਖੇ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਭਰਤੀ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਜਿਹੜੀ ਵੀ ਭਰਤੀ ਹੋਵੇਗੀ, ਉਹ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੀ ਹੋਵੇਗੀ । ਆਪਸੀ ਵਖਰੇਵਿਆਂ ‘ਤੇ ਗੱਲ ਕਰਦਿਆ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਕਿਸੇ ਸਮੇਂ ਸਥਿਤੀ ਇਹੋ ਜਿਹੀ ਬਣ ਜਾਂਦੀ ਹੈ ਕਿ ਆਪਸੀ ਵਖਰੇਵੇ ਪੈਦਾ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਮਾਂ ਆਉਂਣ ਤੇ ਸਾਰੇ ਵਖਰੇਵੇਂ ਖਤਮ ਹੋ ਸਕਦੇ ਹਨ। ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮਨਾਮੇ ਨੂੰ ਹਰੇਕ ਸਿੱਖ ਮੰਨਦਾ ਹੈ ਤੇ ਹਰੇਕ ਨੂੰ ਮੰਨਣਾ ਚਾਹੀਦਾ ਹੈ। ਜੇਕਰ ਹੁਕਮਨਾਮਿਆਂ ਦੀ ਪਾਲਣਾ ਨਹੀਂ ਕਰਾਂਗੇ ਤਾਂ ਉਸ ਨੂੰ ਪੰਥ ਪ੍ਰਵਾਨ ਨਹੀਂ ਕਰੇਗਾ।