ਕਿਸਾਨ ਆਗੂ 26 ਜਨਵਰੀ ਦੇ ਪ੍ਰੋਗਰਾਮ `ਤੇ ਕਾਇਮ

ਰਾਜਪੁਰਾ: ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 11 ਮਹੀਨੇ ਤੋਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚੇ ਨੇ ਦਿੱਲੀ ਕੂਚ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਸੋਮਵਾਰ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਇਸ ਦਾ ਐਲਾਨ ਕੀਤਾ ਹੈ। ਹਾਲਾਂਕਿ 26 ਮਾਰਚ ਦਾ ਪ੍ਰੋਗਰਾਮ ਜਿਉ ਦਾ ਤਿਓ ਰਹੇਗਾ।

ਇਸ ਦੇ ਨਾਲ ਹੀ ਪੰਧੇਰ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ‘ਚ ਫੁੱਟ ਪਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਨ, ਇਸ ਤੋਂ ਬਾਅਦ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲੀ ਕੀਤੀ ਹੈ।
ਸ਼ੰਭੂ ਬਾਰਡਰ ‘ਤੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਜਸਵਿੰਦਰ ਸਿੰਘ ਲੌਂਗੋਵਾਲ, ਤੇਜਵੀਰ ਸਿੰਘ ਪੰਜੋਖਰਾ ਨੇ ਕਿਹਾ ਕਿ 21 ਜਨਵਰੀ ਨੂੰ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦੇ ਜਥੇ ਵੱਲੋਂ ਦਿੱਲੀ ਕੂਚ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਸੱਦੀ ਗਈ ਮੀਟਿੰਗ ਦੇ ਮੱਦੇਨਜ਼ਰ ਲਿਆ ਗਿਆ ਹੈ। ਦਿੱਲੀ ਕੂਚ ਦਾ ਪ੍ਰੋਗਰਾਮ 26 ਜਨਵਰੀ ਤੱਕ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਜੇਕਰ ਸਰਕਾਰ ਨਾ ਮੰਨੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ 26 ਜਨਵਰੀ ਨੂੰ ਦੇਸ਼ ਭਰ ‘ਚ ਟਰੈਕਟਰ ਮਾਰਚ ਦਾ ਪ੍ਰੋਗਰਾਮ ਜਿਓ ਦਾ ਤਿਓਂ ਹੈ।