ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੇ ਵਿਰੋਧ ਤੋਂ ਡਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੈਅ ਸਮੇਂ ਤੋਂ ਪਹਿਲਾਂ ਸੋਮਵਾਰ ਤੜਕੇ 2.50 ਵਜੇ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੌਂਪ ਦਿੱਤੀ। ਇਸ ਤੋਂ ਬਾਅਦ ਸ਼ਾਮ ਕਰੀਬ ਚਾਰ ਵਜੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਵੀ ਸੰਭਾਲ ਲਈ। ਹਾਲਾਂਕਿ ਇਸ ਦੀ ਖ਼ਬਰ ਮਿਲਦੇ ਹੀ ਇਕ ਵਾਰ ਫਿਰ ਨਿਹੰਗ ਜਥੇਬੰਦੀ ਨੇ ਕਿਹਾ ਹੈ ਕਿ ਉਹ ਇਸ ਨੂੰ ਪ੍ਰਵਾਨ ਨਹੀਂ ਕਰਨਗੇ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾ ਕੇ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਜਥੇਦਾਰ ਨਿਯੁਕਤ ਕੀਤਾ ਸੀ। ਇਸ ਤੋ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਹੀ ਕਾਰਜਕਾਰੀ ਜਥੇਦਾਰ ਦੀ ਸੇਵਾ ਦੇਣ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਦਾ ਨਿਹੰਗ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਕਈ ਜਥੇਬੰਦੀਆਂ ਵਿਰੋਧ ਕਰ ਰਹੀਆਂ ਸਨ। ਜਦੋਂ ਸ਼੍ਰੋਮਣੀ ਕਮੇਟੀ ਨੇ ਇਹ ਐਲਾਨ ਕੀਤਾ ਸੀ ਕਿ 10 ਮਾਰਚ ਸੋਮਵਾਰ ਸਵੇਰੇ 10 ਵਜੇ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਜਥੇਦਾਰ ਦੀ ਸੇਵਾ ਸੌਂਪੀ ਜਾਵੇਗੀ ਤਾਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸਪੱਸ਼ਟ ਐਲਾਨ ਕਰ ਦਿੱਤਾ ਕਿ ਇਸ ਤਾਜਪੋਸ਼ੀ ਸਮਾਗਮ ਦਾ ਵਿਰੋਧ ਕੀਤਾ ਜਾਵੇਗਾ ਤੇ ਕਿਸੇ ਵੀ ਹਾਲ ਇਹ ਤਾਜਪੋਸ਼ੀ ਨਹੀਂ ਹੋਣ ਦਿੱਤੀ ਜਾਵੇਗੀ। ਵਿਰੋਧ ਦੇ ਡਰੋਂ ਜਥੇਦਾਰ ਨੂੰ ਅੱਧੀ ਰਾਤ ਨੂੰ ਸੇਵਾ ਸੌਂਪੀ।
ਇਸੇ ਵਿਵਾਦ ਦੇ ਚੱਲਦਿਆਂ ਸੋਮਵਾਰ ਤੜਕੇ 2.50 ਵਜੇ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲ ਦਿਤੀ ਗਈ। ਇਹ ਪਹਿਲੀ ਵਾਰ ਸੀ ਕਿ ਕਿਸੇ ਜਥੇਦਾਰ ਨੂੰ ਸੇਵਾ ਸੌਂਪਣ ਦੀ ਰਸਮ ਤਖ਼ਤ ਸਾਹਿਬ ‘ਤੇ ਨਾ ਹੋ ਕੇ ਤਖ਼ਤ ਸਾਹਿਬ ਦੇ ਥੱਲੇ ਚੱਲ ਰਹੇ ਅਖੰਡ ਪਾਠ ਸਾਹਿਬ ਦੌਰਾਨ ਗੁਰੂ ਸਾਹਿਬ ਦੀ ਹਾਜ਼ਰੀ ‘ਚ ਹੋਈ। ਪੰਜਾ ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ਦਸਤਾਰ ਤੇ ਸਿਰੋਪਾਓ ਭੇਟ ਕੀਤਾ। ਇਸ ਤੋਂ ਬਾਅਦ ਉਨ੍ਹਾਂ ਤਖ਼ਤ ਸਾਹਿਬ ‘ਤੇ ਜਾ ਕੇ ਮੱਥਾ ਟੇਕਿਆ। ਰਵਾਇਤ ਮੁਤਾਬਕ ਸੇਵ ਸੰਭਾਲ ਤੋਂ ਪਹਿਲਾਂ ਇਕ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ ਜਿਸ ‘ਚ ਨਿਹੰਗ ਜਥੇਬੰਦੀਆਂ, ਟਕਸਾਲੀ ਜਥੇਬੰਦੀਆਂ, ਸੰਤ ਸਮਾਜ ਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੀਆਂ ਸਿੱਖ ਜਥੇਬੰਦੀਆਂ ਇਸ ਸਮਾਗਮ ‘ਚ ਸ਼ਮੂਹਲੀਅਤ ਕਰਦੀਆਂ ਹਨ ਤੇ ਬਾਕਾਇਦਾ ਕੀਰਤਨ ਸਮਾਗਮ ਹੁੰਦੇ ਹਨ। ਉਸ ਤੋਂ ਬਾਅਦ ਜਥੇਦਾਰ ਨੂੰ ਸੇਵਾ ਸੌਂਪੀ ਜਾਂਦੀ ਹੈ। ਇਸ ‘ਚ ਹਾਜ਼ਰ ਜਥੇਬੰਦੀਆਂ ਵੱਲੋਂ ਸਿੰਘ ਸਾਹਿਬ ਨੂੰ ਦਸਤਾਰਾਂ ਭੇਟ ਕੀਤੀਆਂ ਜਾਂਦੀਆਂ ਹਨ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਅਕਾਲੀ ਆਗੂ ਸੁੱਚਾ ਸਿੰਘ ਲੰਗਾਹ, ਸ਼ੇਰ ਸਿਘ ਮੰਡ ਜਨਰਲ ਸਕੱਤਰ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਐਗਜੈਕਟਿਵ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਆਦਿ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੂੰ ਖ਼ਤਮ ਕਰਨ ਦੀਆਂ ਸਾਜਿਸ਼ਾਂ ਰਚ ਰਹੀਆਂ ਹਨ ਜਿਨ੍ਹਾਂ ਨੂੰ ਸਮਝਣ ਤੇ ਉਸ ਤੋਂ ਬਚਣ ਦੀ ਲੋੜ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸਵੇਰੇ 10 ਵਜੇ ਦਾ ਸਮਾ ਦੇ ਕੇ ਤੁਸੀਂ ਤੜਕਸਾਰ 2.50 ਵਜੇ ਸੇਵਾ ਕਿਉਂ ਸੌਂਪੀ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇ ਸਕੇ।
ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਮੌਕੇ ਦਿਨ ਸਮੇ ਸੰਗਤ ਦਾ ਰਸ਼ ਹੁੰਦਾ ਹੈ ਜਿਸ ਕਰਕੇ ਤੜਕਸਾਰ ਇਹ ਸੇਵਾ ਸੌਂਪੀ ਗਈ। ਇਸ ਮੌਕੇ ਨਿਹੰਗ ਸਿੰਘਾਂ ਜਾਂ ਹੋਰ ਸਿੱਖ ਜਥੇਬੰਦੀਆਂ ਦੀ ਗ਼ੈਰਹਾਜ਼ਰੀ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਬਸ ਏਨਾ ਹੀ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਪੰਜ ਪਿਆਰਿਆਂ ਨੇ ਇਹ ਸੇਵਾ ਸੌਂਪੀ ਹੈ। ਇਸ ਨਿਯੁਕਤੀ ਦਾ ਵਿਰੋਧ ਕੀਤੇ ਜਾਣ ਸਬੰਧੀ ਸਵਾਲ ਦੇ ਜਵਾਬ ‘ਚ ਉਨ੍ਹਾਂ ‘ਸਾਰੀਆਂ ਜਥੇਬੰਦੀਆਂ ਤੇ ਮੀਡੀਆ ਨੂੰ ਸਾਡੇ ਨਾਲ ਸਹਿਯੋਗ ਕਰੋ ਕਹਿ ਕੇ ਟਾਲ ਦਿੱਤਾ। ਜਦੋਂ ਉਨ੍ਹਾਂ ਨੂੰ ਨੂੰ ਪੁੱਛਿਆ ਗਿਆ ਕਿ ਹੋਰ ਤਾਂ ਹੋਰ ਬਿਕਰਮ ਸਿੰਘ ਮਜੀਠਿਆ ਨੇ ਵੀ ਇਸ ਤਰਾਂ ਨਿਯੁਕਤੀ ਦਾ ਵਿਰੋਧ ਕੀਤਾ ਹੈ ਤਾਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਵਿਚ ਬਗਾਵਤਾਂ ਹੁੰਦੀਆਂ ਰਹੀਆਂ ਹਨ ਪਰ ਬਾਅਦ ਵਿਚ ਸਾਰੇ ਆਪੇ ਵਾਪਸ ਆ ਜਾਂਦੇ ਹਨ। ਆਗੂਆਂ ਨੇ ਕਿਹਾ ਕਿ ਕਈ ਵਾਰ ਸਮੇਂ ਦੇ ਹਾਲਾਤ ਅਜਿਹੇ ਹੁੰਦੇ ਹਨ ਕਿ ਅਜਿਹੇ ਫ਼ੈਸਲੇ ਲੈਣੇ ਪੈਂਦੇ ਹਨ, ਅਸੀਂ ਜਿੰਮੇਵਾਰੀ ਨਾਲ ਸੇਵਾ ਨਿਭਾ ਰਹੇ ਹਾਂ। ਕਾਰਜਕਾਰੀ ਕਾਰਜਭਾਰ ਸੰਭਾਲਣ ਤੋਂ ਬਾਅਦ ਮਰਿਆਦਾ ਮੁਤਾਬਕ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਤੋਂ ਇਲਾਵਾ ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਬਰਤਨ ਧੋਣ ਦੀ ਸੇਵਾ ਕੀਤੀ। ਇਸ ਤਰ੍ਹਾਂ 14 ਘੰਟੇ ਦੇ ਅੰਦਰ ਦੋਹਾਂ ਤਖਤਾਂ ‘ਤੇ ਬਿਨਾਂ ਸਮਾਗਮ ਕੀਤੇ ਜਥੇਦਾਰ ਨੂੰ ਸੇਵਾ ਸੌਂਪੀ ਗਈ ਜੋ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ।