ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਨਵ-ਨਿਯੁਕਤ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਨੂੰ ਪੰਥ ਕਦੇ ਵੀ ਪ੍ਰਵਾਨ ਨਹੀਂ ਕਰਦਾ ਨਾ ਕਰੇਗਾ।
ਜਥੇਦਾਰ ਨੇ ਕਿਹਾ ਕਿ ਤਖ਼ਤ ਸਾਹਿਬਾਨ ‘ਤੇ ਲਗਾਏ ਜਾਂਦੇ ਸਿੰਘ ਸਾਹਿਬਾਨਾਂ ਦੀ ਨਿਯੁਕਤੀ ਤੋਂ ਬਾਅਦ ਪੰਥਕ ਦਸਤਾਰਬੰਦੀ ਹਮੇਸ਼ਾ ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਦਲ ਪੰਥ ਜਥੇਬੰਦੀਆਂ, ਪੰਥਕ ਸਖਸ਼ੀਅਤਾਂ, ਸਭਾ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਦਸਤਾਰ ਸਿਰੋਪਾਓ ਭੇਟ ਕੀਤੀ ਜਾਂਦੀ ਹੈ ਪਰ ਇਸ ਵਾਰ ਮਰਿਆਦਾ ਦੀ ਉਲੰਘਣਾ ਕਰ ਕੇ ਗੁਪਤ ਤਰੀਕੇ ਨਾਲ ਇੱਕ ਦੋ ਮੁਲਾਜ਼ਮਾਂ ਵੱਲੋਂ ਦਸਤਾਰ ਭੇਟ ਕੀਤੀ ਗਈ ਹੈ, ਜਿਸ ਨੂੰ ‘ਪੰਥਕ ਦਸਤਾਰਬੰਦੀ’ ਦੇ ਤੌਰ ‘ਤੇ ਨਹੀਂ ਵੇਖਿਆ ਜਾ ਸਕਦਾ ਤੇ ਨਾ ਇਸ ਨੂੰ ਖਾਲਸਾ ਪੰਥ ਪ੍ਰਵਾਨ ਕਰਦਾ ਹੈ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਵੱਲੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਬਾਬਾ ਬਿਧੀਚੰਦ ਸਾਹਿਬ ਤਰਨਾ ਦਲ ਸੁਰ ਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ, ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਤਰਨਾ ਦਲ ਹਰੀਆਂ ਬੇਲਾਂ ਵੱਲੋਂ ਬਾਬਾ ਨਾਗਰ ਸਿੰਘ, ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਬਾਬਾ ਰਾਜਾਰਾਜ ਸਿੰਘ ਅਰਬਾਂ ਖਰਬਾਂ, ਬਾਬਾ ,ਕੁਲਵਿੰਦਰ ਸਿੰਘ ਚੌਤਾਂ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਬਲਵਿੰਦਰ ਸਿੰਘ ਉਡਣਾ ਦਲ ਮੋਇਆਂ ਦੀ ਮੰਡੀ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ ਮਹਿਤਾ ਚੌਕ, ਬਾਬਾ ਗੁਰਪਿੰਦਰ ਸਿੰਘ ਵਡਾਲਾ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਇਕ ਸੁਰ ਹੋ ਕੇ ਗੁਰਮਤਾ ਕਰ ਕੇ ਨਵ-ਨਿਯੁਕਤ ਜਥੇਦਾਰ ਦੀ ਨਿਯੁਕਤੀ ਦਾ ਵਿਰੋਧ ਕਰਦਿਆ ਦਸਤਾਰਬੰਦੀ ਰੋਕਣ ਦਾ ਅਲਟੀਮੇਟਮ ਦਿੱਤਾ ਸੀ ਪਰ ਪੰਥਕ ਪ੍ਰੰਪਰਾਵਾਂ ਦਾ ਘਾਣ ਕਰ ਕੇ ਜੋ ਕੁਝ ਵੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਾਰਬੰਦੀ ਕੀਤੀ ਗਈ ਹੈ ਉਹ ਬਰਦਾਸ਼ਤਯੋਗ ਨਹੀਂ ਹੈ।