ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ: ਮੁੱਖ ਮੰਤਰੀ ਨੇ ਗਿਣਾਈਆਂ ਪ੍ਰਾਪਤੀਆਂ

ਅੰਮ੍ਰਿਤਸਰ: ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਤਿੰਨ ਸਾਲ ਪੂਰੇ ਹੋਣ ‘ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਗੁਰੂ ਨਗਰੀ ਪਹੁੰਚੇ। ਮੁੱਖ ਮੰਤਰੀ ਨੇ ਕਿਹਾ ਕਿ 2022 ‘ਚ ਅੱਜ ਦੇ ਦਿਨ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਿਆ ਸੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਹਰ ਖੇਤਰ ‘ਚ ਮੋਹਰੀ ਸੂਬਾ ਬਣਾਉਣ ਲਈ ਸਖ਼ਤ ਯਤਨ ਕੀਤੇ ਹਨ। ਸੂਬਾ ਸਰਕਾਰ ਨੇ 2022 ‘ਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਸ਼ੁਰੂ ਕੀਤੀ ਸੀ ਅਤੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਅੰਨਦਾਤਿਆਂ ਨੂੰ ਵੀ ਸੂਬੇ ‘ਚ ਮੁਫ਼ਤ ਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਕੁਝ ਮਹੀਨਿਆਂ ਬਾਅਦ ਪੰਜਾਬ ਨੂੰ ਪਛਵਾੜਾ ਕੋਲਾ ਖਾਨ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ। ਸੂਬੇ ਨੇ ਨਿੱਜੀ ਕੰਪਨੀ ਜੀਵੀਕੇ ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ। 36 ਮਹੀਨਿਆਂ ’ਚ ਨੌਜਵਾਨਾਂ ਨੂੰ ਰਿਕਾਰਡ 51,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਪੰਜਾਬ ਭਰ ‘ਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਹੁਣ ਤੱਕ ਸੂਬੇ ‘ਚ 2.70 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ। ਸਰਕਾਰ 118 ਸਰਕਾਰੀ ਸੀਨੀਅਰ ਬਣਾਉਣ ਲਈ ਵਚਨਬੱਧ ਹੈ, ਜੋ ਸਮਾਰਟ ਕਲਾਸ ਰੂਮਾਂ, ਅਤਿ-ਆਧੁਨਿਕ ਲੈਬਾਟਰੀਆਂ ਤੇ ਵਿਗਿਆਨਕ ਸਿੱਖਿਆ ‘ਤੇ ਆਧਾਰਤ ਖੇਡ ਮੈਦਾਨਾਂ ਨਾਲ ਲੈਸ ਹਨ। ਸੂਬੇ ‘ਚ ਸਿੰਜਾਈ ਲਈ ਸਿਰਫ਼ 21 ਫ਼ੀਸਦ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਜਦਕਿ ਅੱਜ 75 ਫ਼ੀਸਦ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ।ਸੂਬਾ ਸਰਕਾਰ ਨੇ ਨਾਗਰਿਕਾਂ ਨੂੰ ਦਰ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ“ ਯੋਜਨਾ ਤਹਿਤ 43 ਨਾਗਰਿਕ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ, ਜੋ ਲੋਕਾਂ ਦੇ ਰੋਜ਼ਾਨਾ ਪ੍ਰਸ਼ਾਸਕੀ ਕੰਮਾਂ ਦਾ 99 ਫੀਸਦ ਤੋਂ ਵੱਧ ਬਣਦੀਆਂ ਹਨ, ਸੇਵਾਵਾਂ ਮਿਲਣ ਨਾਲ ਵੱਡੀ ਰਾਹਤ ਮਿਲੀ ਹੈ। ਸੂਬੇ ਵਿੱਚ ਲਗਪਗ 94,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਅੱਗੇ ਆ ਰਹੀਆਂ ਹਨ। ਤੀਰਥ ਸਥਾਨ ਦੀ ਯਾਤਰਾ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਸ਼ੁਰੂ ਕੀਤੀ ਹੈ। ਦੇਸ਼ ਵਿੱਚ ਪਹਿਲੀ ਵਾਰ ਕਿਸੇ ਵੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਇਕ ਬੇਮਿਸਾਲ ਯੋਜਨਾ ਹੈ ਅਤੇ 35,000 ਤੋਂ ਵੱਧ ਸ਼ਰਧਾਲੂਆਂ ਨੇ ਇਸ ਦਾ ਲਾਭ ਲਿਆ ਹੈ। ਪਹਿਲੀ ਸੜਕ ਸੁਰੱਖਿਆ। ਫੌਰਸ ਰਾਜ ਅਤੇ ਰਾਸ਼ਟਰੀ ਰਾਜਮਾਰਗਾਂ ‘ਤੇ ਸੁਰੱਖਿਆ ਯਕੀਨੀ ਬਣਾਉਂਣ ਅਤੇ ਕੀਮਤੀ ਜਾਨਾਂ ਬਚਾਉਂਣ ‘ਤੇ ਕੇਂਦਰਤ ਹੈ। ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ 1597 ਕਰਮਚਾਰੀ ਨਵੇਂ ਭਰਤੀ ਕੀਤੇ ਗਏ ਜਿਨ੍ਹਾਂ ਵਿੱਚ ਕੁੜੀਆਂ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਨਵੀਨਤਮ ਸਹੂਲਤਾਂ ਨਾਲ ਲੈਸ 144 ਵਾਹਨ ਦਿੱਤੇ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿਚ 48.10 ਫੀਸਦ ਦੀ ਕਮੀ ਆਈ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਹੋਰ ਰਾਜਾਂ ਅਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਸੂਬਾ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ ਹੈ।