ਨਵਾਂਸ਼ਹਿਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਉੱਭਰੇਗਾ।
ਐਤਵਾਰ ਨੂੰ ਪਿੰਡ ਖੱਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਿਪਤ ਸੂਬਾ ਪੱਧਰੀ ਸਮਾਗਮ ਦੌਰਾਨ ਤਿੰਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਸਮਾਗਮ ਨਹੀਂ ਸਗੋਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਅਹਿਮ ਮੌਕਾ ਹੈ, ਜਿਨ੍ਹਾਂ ਆਪਣੀ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਦੇ ਪਸਾਰ ਲਈ ਸੂਬਾ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ। ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਕਾਇਮ ਰੱਖਣ ਲਈ ਅਹਿਮ ਹੈ। ਉਨ੍ਹਾਂ ਦੀ ਸਰਕਾਰ ਨੇ ਮੋਹਾਲੀ ਏਅਰਪੋਰਟ ਰੋਡ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਲੋਕਾਂ ਨੂੰ ਸਮਰਪਿਤ ਕੀਤਾ ਹੈ ਜਿਸ ‘ਚ ਸ਼ਹੀਦ ਭਗਤ ਸਿੰਘ ਦੀ 30 ਫੁੱਟ ਉੱਚਾ ਕਾਂਸੇ ਦਾ ਬੁੱਤ ਸਥਾਪਤ ਕੀਤਾ ਗਿਆ ਹੈ। ਇਹ ਬੁੱਤ ਸ਼ਹੀਦਾਂ ਨੂੰ ਯਾਦ ਕਰਨ ਲਈ ਸਥਾਪਿਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਤੇ ਗ਼ਰੀਬੀ ਦਾ ਡੰਗ ਅੱਜ ਵੀ ਕਾਇਮ ਹੈ। ਮੰਦੇਭਾਗੀਂ, ਅੰਗਰੇਜ਼ਾਂ ਦੇ ਜਾਣ ਤੋਂ ਬਾਅਦ ਜਿਨ੍ਹਾਂ ਲੋਕਾਂ ਦੇ ਹੱਥਾਂ ‘ਚ ਸੱਤਾ ਆਈ, ਉਨ੍ਹਾਂ ਨੇ ਅੰਗਰੇਜ਼ਾਂ ਤੋਂ ਵੀ ਵੱਧ ਬੇਰਹਿਮੀ ਨਾਲ ਸਰਕਾਰੀ ਖ਼ਜ਼ਾਨੇ ਲੁੱਟੇ। ਉਨ੍ਹਾਂ ਨੇ ਦਿੱਲੀ ‘ਚ ਜੱਜ ਦੇ ਘਰ ਕਰੋੜਾਂ ਰੁਪਏ ਮਿਲਣ ‘ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਸ਼ਹੀਦਾਂ ਦੀਆਂ ਆਤਮਾਵਾਂ ਉਦੋਂ ਚੀਕ ਉੱਠੀਆਂ ਹੋਣਗੀਆਂ, ਜਦੋਂ ਉਨ੍ਹਾਂ ਨੇ ਵੱਡੇ ਅਧਿਕਾਰੀਆਂ ਤੇ ਜੱਜਾਂ ਦੇ ਘਰਾਂ ਤੋਂ ਵੱਡੀ ਮਾਤਰਾ ‘ਚ ਨਕਦੀ ਬਰਾਮਦ ਹੁੰਦੇ ਦੇਖੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹੋ ਜਿਹੇ ਦਾਗੀ ਲੋਕਾਂ ਤੋਂ ਇਨਸਾਫ਼ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ ਜਿਨ੍ਹਾਂ ਨੇ ਗ਼ਲਤ ਤਰੀਕੇ ਨਾਲ ਪੈਸੇ ਇਕੱਠੇ ਕੀਤੇ ਹਨ। ਉਹ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਆਪਣੀ ਜਾਨ ਇਸ ਲਈ ਨਹੀਂ ਦਿੱਤੀ ਕਿ ਦੇਸ਼ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਜਮਾ ਲਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਲੱਖਾਂ ਨੌਜਵਾਨਾਂ ਲਈ ਬਿਨ੍ਹਾਂ ਸੁਆਰਥ ਦੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ।
