ਸ਼੍ਰੋਮਣੀ ਕਮੇਟੀ ਦੇ ਬੱਜਟ ਇਜਲਾਸ ਵਿਚ ਕਈ ਅਹਿਮ ਮਤੇ ਪਾਸ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਵਿੱਚ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ।
ਇਨ੍ਹਾਂ ਵਿਚ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰ ਬਣਾਉਣ ਦੀ ਕੇਂਦਰ ਸਰਕਾਰ ਪਾਸੋਂ ਮੰਗ, ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ,ਪੰਜਾਬ ਤੋੰ ਬਾਹਰ ਸਿੱਖਾਂ ਵਿਰੁੱਧ ਪੈਦਾ ਕੀਤੇ ਜਾ ਰਹੇ ਨਫਰਤੀ ਮਾਹੌਲ ਦੀ ਨਿਖੇਧੀ,

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ, ਫ਼ੌਜ ਵਿਚ ਸਿੱਖਾਂ ਦਾ ਰਾਖਵਾਂ ਕੋਟਾ ਨਿਰਧਾਰਤ ਕਰਨ, ਬੰਦੀ ਸਿੰਘਾਂ ਦੀ ਰਿਹਾਈ ਤੇ ਕਿਸਾਨੀ ਸੰਘਰਸ਼ ਆਦਿ ਨਾਲ ਸਬੰਧਤ ਮਤੇ ਸ਼ਾਮਲ ਹਨ। ਪਾਸ ਕੀਤੇ ਮੱਤਿਆਂ ਸੰਬੰਧੀ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਨਵੰਬਰ 2025 ਵਿਚ ਮਨਾਈ ਜਾ ਰਹੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਮਤੇ ‘ਚ ਭਾਰਤ ਸਰਕਾਰ ਨੂੰ ਢੁੱਕਵੀਂ ਯਾਦਗਾਰ ਸਥਾਪਤ ਕਰਨ ਦੀ ਅਪੀਲੀ ਕੀਤੀ ਗਈ।
ਮਤੇ ‘ਚ ਗੁਰੂ ਸਾਹਿਬ ਦੇ ਨਾਂ ‘ਤੇ ਕੌਮੀ ਪੱਧਰ ਦੀ ਸਿੱਖਿਆ ਸੰਸਥਾ ਜਾਂ ਖੋਜ ਕੇਂਦਰ ਸਥਾਪਤ ਕਰਨ, ਵਿਸ਼ੇਸ਼ ਡਾਕ ਟਿਕਟ ਤੇ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਗਿਆਨੀ ਜਰਨੈਲ ਸਿੰਘ ਭਿੰਡਰਾਵਾਲਿਆਂ ਸੰਬੰਧੀ ਦਿੱਤੇ ਬਿਆਨ ਅਤੇ ਗੁਰਬਾਣੀ ਪੜ੍ਹਨ ‘ਤੇ ਵਿਅੰਗ ਕੱਸਣ ਦੀ ਸਖਤ ਨਿਖੇਧੀ ਕੀਤੀ ਗਈ। ਹਿਮਾਚਲ ਪ੍ਰਦੇਸ਼ ਅੰਦਰ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਸਿੱਖ ਸ਼ਰਧਾਲੂਆਂ ਨੂੰ ਕੁਝ ਲੋਕਾਂ ਵੱਲੋਂ ਨਿਸ਼ਾਨਾ ਬਣਾਏ ਜਾਣ, ਸਿੱਖ ਯਾਤਰੂਆਂ ਦੇ ਵਾਹਨਾਂ ‘ਤੇ ਲੱਗੇ ਸਿੱਖ ਨਾਇਕਾਂ ਦੀਆਂ ਤਸਵੀਰਾਂ ਵਾਲੇ ਝੰਡੇ ਜਬਰੀ ਪਾੜਨ ਬਾਰੇ ਜ਼ਿਕਰ ਕਰਦਿਆਂ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਇਸ ਗੰਭੀਰ ਮੁੱਦੇ ‘ਤੇ ਸੰਜੀਦਾ ਪਹੁੰਚ ਅਪਨਾਉਣ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਗਿਆ।
ਸਿੱਖ ਬੰਦੀਆਂ ਨੂੰ ਫੌਰੀ ਰਿਹਾਅ
ਕਰਨ ਦੀ ਅਪੀਲ
ਬੰਦੀ ਸਿੰਘਾਂ ਦੇ ਗੰਭੀਰ ਅਤੇ ਸੰਵੇਦਨਸ਼ੀਲ ਮਾਮਲੇ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਾਰਤ ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸਿੱਖ ਬੰਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਇਨਸਾਫ਼ ਸੱਚਾਈ ਅਤੇ ਹੱਕਾਂ ਦੀ ਰਾਖੀ ਲਈ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਦੇ ਕਈ ਨੌਜਵਾਨ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ, ਜੋ ਆਪਣੀ ਕਾਨੂੰਨੀ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਰਿਹਾਅ ਨਾ ਕਰਨਾ ਸਾਡੀ ਨਿਆਂ ਪ੍ਰਣਾਲੀ ਅਤੇ ਲੋਕਤੰਤਰ ਲਈ ਵੱਡਾ ਸਵਾਲ ਹੈ। ਇਸ ਲਈ ਨੌਜਵਾਨਾਂ ਨੂੰ ਛੇਤੀ ਤੋਂ ਛੇਤੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ।