ਸੁਪਰੀਮ ਕੋਰਟ `ਚ ਭਾਈ ਹਵਾਰਾ ਦੀ ਪਟੀਸ਼ਨ `ਤੇ ਸੁਣਵਾਈ ਮੁੜ ਮੁਲਤਵੀ

ਨਵੀਂ ਦਿੱਲੀ:ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੀ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਜੇਲ੍ਹ ਵਿਚ ਤਬਾਦਲਾ ਕਰਨ ਸੰਬੰਧੀ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਇਕ ਵਾਰ ਫਿਰ ਟੱਲ ਗਈ ਹੈ । ਜਸਟਿਸ ਬੀ.ਆਰ. ਗਵਈ ਦੀ ਅਗਵਾਈ ਵਾਲੇ

ਬੈਂਚ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਬੇਨਤੀ ‘ਤੇ ਅਗਲੀ ਸੁਣਵਾਈ ਦੀ ਤਰੀਕ ਦਿੱਤੀ । ਦੱਸਣਯੋਗ ਪਟੀਸ਼ਨ ਵਿਚ ਭਾਈ ਹਵਾਰਾ ਨੇ ਦਲੀਲ ਦਿੱਤੀ ਹੈ ਕਿ ਦਿੱਲੀ ਵਿਚ ਉਨ੍ਹਾਂ ਵਿਰੁੱਧ ਕੋਈ ਕੇਸ ਲੰਬਿਤ ਨਹੀਂ ਹੈ।ਉਹ ਪੰਜਾਬ ਵਿਚ ਇਕ ਪੁਰਾਣੇ ਕੇਸ ਦੀ ਸੁਣਵਾਈ ਵਿਚ ਸ਼ਾਮਿਲ ਨਹੀਂ ਹੋ ਪਾ ਰਹੇ ਕਿਉਂਕਿ ਉਨ੍ਹਾਂ ਨੂੰ ਦਿੱਲੀ ਤੋਂ ਪੇਸ਼ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੀ 14 ਸਾਲ ਦੀ ਧੀ ਪੰਜਾਬ ਵਿਚ ਰਹਿੰਦੀ ਹੈ ਪਰ ਉਹ ਜੇਲ੍ਹ ਵਿਚ ਹੋਣ ਕਰਕੇ ਉਸ ਨੂੰ ਮਿਲ ਨਹੀਂ ਪਾ ਰਹੇ । ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 4 ਫਰਵਰੀ 2025 ਨੂੰ ਹੋਈ ਸੁਣਵਾਈ ਦੌਰਾਨ ਭਾਈ ਹਵਾਰਾ ਦੀ ਪਟੀਸ਼ਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਸਿਰਫ਼ ਚੰਡੀਗੜ੍ਹ ਹੀ ਤਬਦੀਲ ਕੀਤਾ ਜਾ ਸਕਦਾ ਹੈ, ਪੰਜਾਬ ਵਿਚ ਨਹੀਂ ਕਿਉਂਕਿ ਉਨ੍ਹਾਂ ਦੀ ਸੁਣਵਾਈ ਦੀ ਪ੍ਰਕਿਰਿਆ ਚੰਡੀਗੜ੍ਹ ਵਿਚ ਹੋਈ ਸੀ।