ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਇੱਕ ਦੂਜੇ ਦੇ ਸਿਆਸੀ ਵਿਰੋਧੀ ਦੀ ਕਾਂਗਰਸ ‘ਚ ਘਰ ਵਾਪਸੀ ਕਰਵਾਉਣ ਨਾਲ ਕਾਂਗਰਸ ਦੀ ਅੰਦਰੂਨੀ ਗੁਟਬਾਜ਼ੀ ਫਿਰ ਜਨਤਕ ਹੋ ਗਈ।
ਹਾਲਾਂਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪਾਰਟੀ ਦੇ ਸੀਨੀਅਰ ਲੀਡਰ ਪਾਰਟੀ ਵਿਚ ਕਿਸੇ ਤਰ੍ਹਾਂ ਦੀ ਗੁਟਬਾਜ਼ੀ ਨਾ ਹੋਣ ਦੀ ਗੱਲ ਕਰਦੇ ਹਨ, ਪਰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੌਕੇ ਦੋਵੇਂ ਸੰਸਦ ਮੈਂਬਰਾਂ ਵਲੋਂ ਇੱਕ ਦੂਜੇ ਨੂੰ ਲਾਈ ਗਈ ਗਈ ਠਿੱਬੀ ਨਾਲ ਸਪਸ਼ਟ ਹੋ ਗਿਆ ਹੈ ਕਿ ਕਾਂਗਰਸ ਦੋ ਹਿੱਸਿਆਂ ਵਿਚ ਵੰਡੀ ਹੋਈ ਹੈ।
ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਣਾ ਗੁਰਜੀਤ ਸਿੰਘ ਨੇ ਐਤਵਾਰ ਨੂੰ ‘ਆਪ’ ਦੇ ਨੇਤਾ ਕਮਲਜੀਤ ਸਿੰਘ ਕੜਵਲ ਅਤੇ ਦਾਖਾ ਵਿਧਾਨ ਸਭਾ ਹਲਕੇ ਤੋਂ ਕਰਨ ਵੜਿੰਗ ਨੂੰ ਕਾਂਗਰਸ ਵਿਚ ਸ਼ਾਮਲ ਕੀਤਾ। ਇਹ ਦੋਵੇਂ ਆਗੂ ਕੁਝ ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਪਤਾ ਲੱਗਿਆ ਹੈ ਕਿ ਕੜਵਲ ਦੀ ਘਰ ਵਾਪਸੀ ਨਾਲ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਰਾਜਾ ਵੜਿੰਗ ਕਾਫ਼ੀ ਖਫ਼ਾ ਹੋ ਗਏ। ਇਸ ਤਰ੍ਹਾਂ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੂੰ ਪਟਕਣੀ ਦੇਣ ਲਈ ਫਿਲੌਰ ਦੇ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ, ਜਿਸਨੂੰ ਲੋਕ ਸਭਾ ਚੋਣਾਂ ਵੇਲੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ। ਸੀ, ਦੀ ਮੁਅਤਲੀ ਰੱਦ ਕਰਕੇ ਘਰ ਵਾਪਸੀ ਕਰਵਾ ਦਿੱਤੀ । ਇੱਥੇ ਦੱਸਿਆ ਜਾਂਦਾ ਹੈ ਕਿ 2024 ਦੀਆਂ ਆਮ ਚੋਣਾਂ ਕਮਲਜੀਤ ਕੜਵਲ ਤੇ ਕਰਨ ਵੜਿੰਗ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵਿਰੋਧ ਕੀਤਾ ਸੀ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਦੂਜੇ ਪਾਸੇ ਚੌਧਰੀ ਬਿਕਰਮਜੀਤ ਸਿੰਘ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਨੂੰ ਟਿਕਟ ਨਾ ਦੇਣ ਕਾਰਨ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਸੀ। ਚੌਧਰੀ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਕਾਰਨ 24 ਅਪ੍ਰੈਲ 2024 ਨੂੰ ਮੁਅੱਤਲ ਕਰ ਦਿੱਤਾ ਸੀ।
