ਲੁਧਿਆਣਾ:ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਨੇ ਆਪਣੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਸਾਰੀ ਤਾਕਤ ਲਗਾਈ ਹੈ। ਹਰ ਪਾਰਟੀ ਨੂੰ ਜ਼ਿਮਨੀ ਚੋਣ ਦੇ ਨਤੀਜੇ ਵਿੱਚ ਆਪਣਾ ਭਵਿੱਖ ਨਜ਼ਰ ਆ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸਰਕਾਰ ਦੇ ਮੰਤਰੀ ਅਤੇ ਹੋਰ ਵੱਡੇ ਆਗੂ ਤੇ ਵਰਕਰ ਪ੍ਰਚਾਰ ਵਿੱਚ ਜੁਟੇ ਰਹੇ ਹਨ। ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਪ੍ਰਗਟ ਸਿੰਘ, ਐੱਮਪੀ ਕਿਸ਼ੋਰੀ ਲਾਲ ਸ਼ਰਮਾ ਸਮੇਤ ਵੱਡੇ ਤੇ ਛੋਟੇ ਆਗੂ ਪੂਰੀ ਤਰ੍ਹਾਂ ਸਰਗਰਮ ਰਹੇ ਹਨ ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਪ੍ਰਚਾਰ ਤੋਂ ਦੂਰੀ ਬਣਾਈ ਰੱਖੀ। ਇਹ ਦੂਰੀ ਕਾਂਗਰਸੀ ਉਮੀਦਵਾਰ ਨੂੰ ਮਹਿੰਗੀ ਪੈ ਸਕਦੀ ਹੈ।
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਦੇ ਹੱਕ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਮੁੱਖ ਮੰਤਰੀ ਰੇਖਾ ਗੁਪਤਾ, ਕੇਂਦਰੀ ਮੰਤਰੀ ਹਰਦੀਪ ਪੁਰੀ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਕਈ ਵੱਡੇ ਤੇ ਛੋਟੇ ਆਗੂ ਦਿਨ ਰਾਤ ਮਿਹਨਤ ਕਰਦੇ ਰਹੇ ਹਨ, ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਗੱਲ ਕੀਤੀ ਜਾਵੇ ਤਾਂ ‘ਘੁੰਮਣ ਦੇ ਹੱਕ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਿਨ ਰਾਤ ਮੀਟਿੰਗਾਂ ਤੇ ਰੋਡ ਸ਼ੋਅ ਕਰਕੇ ਚੋਣ ਮੁਹਿੰਮ ਨੂੰ ਸਿਖਰਾਂ ‘ਤੇ ਪਹੁੰਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਚੁੱਕੇ ਹਨ। ਕਾਂਗਰਸ ਨੇ 7, ਆਪ ਨੇ 1, ਅਕਾਲੀ ਦਲ ਨੇ 1, ਜਨਤਾ ਪਾਰਟੀ ਨੇ 1 ਵਾਰ ਇਹ ਸੀਟ ਜਿੱਤੀ ਹੈ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ 2017 ‘ਚ 14 ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ਸੀ। ਜਦਕਿ 1977 ਵਿੱਚ 9’1980′ 12, 1985′ 12, 1992 ‘ 7, 1997 ‘ 9,2002 ‘ਵਿਚ, 2007 ‘ 5, 2012 ‘ 5, 2022 ‘ 8 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਸਨ। ਜਦਕਿ 2025 ਦੀ ਜ਼ਿਮਨੀ ਚੋਣ ਵਿੱਚ 14 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ।
ਸੁਖਬੀਰ ਤੇ ਅਰੋੜਾ ਨੇ ਕੀਤਾ ਸਾਰਿਆਂ ਤੋਂ ਵੱਧ ਚੋਣ ਪ੍ਰਚਾਰ
ਲੁਧਿਆਣਾ ਵਿੱਚ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪਾਰਟੀਆਂ ਦੇ ਪ੍ਰਧਾਨ ਤੇ ਆਗੂ ਪ੍ਰਚਾਰ ਕਰ ਰਹੇ ਹਨ। ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣ ਤੇ ਅੱਜ ਪ੍ਰੈਸ ਕਾਨਫਰੰਸ ਕਰਨ ਪੁੱਜੇ। ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨਾਮਜ਼ਦਗੀ ਕਾਗਜ਼ ਭਰਨ ਤੋਂ ਇਲਾਵਾ 2 ਵਾਰ ਹੋਰ ਪ੍ਰਚਾਰ ਕਰਨ ਲਈ ਲੁਧਿਆਣਾ ਪੁੱਜੇ। ਹਾਕਮ ਧਿਰ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਉਮੀਦਵਾਰ ਦੇ ਹੱਕ ਵਿੱਚ ਦਿਨ ਰਾਤ ਪ੍ਰਚਾਰ ਕਰਦੇ ਰਹੇ ਹਨ। ਦੋਵੇਂ ਪ੍ਰਧਾਨ ਲੁਧਿਆਣਾ ਵਿੱਚ ਹੀ ਡੇਰਾ ਲਗਾ ਦੇ ਬੈਠੇ ਰਹੇ ਹਨ। ਇਸ ਵਾਰ ਚੋਣ ਪ੍ਰਚਾਰ ਕਾਫੀ ਦਿਲਚਸਪ ਰਿਹਾ ਹੈ।ਹਰੇਕ ਵਰਗ ਦੇ ਲੋਕਾਂ ਨੂੰ ਆਪਣੀਆਂ ਉਪਲਬਧੀਆਂ ਦੱਸ ਕੇ ਵੋਟ ਪਾਉਣ ਦੀਆਂ ਬੇਨਤੀਆਂ ਕਰ ਰਹੇ ਆਗੂਆਂ ਨੂੰ ਲਗਦਾ ਹੈ ਕਿ ਇਸ ਹਲਕੇ ਵਿਚ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਇਹ ਮੁਲਾਜ਼ਮ ਇਸ ਚੋਣ ਵਿਚ ਫ਼ੈਸਲਾਕੁਨ ਭੂਮਿਕਾ ਨਿਭਾਉਣਗੇ। ਜਾਣਕਾਰੀ ਅਨੁਸਾਰ ਇਸ ਹਲਕੇ ਵਿਚ ਕੁੱਲ ਵੋਟਰਾਂ ਦੀ ਗਿਣਤੀ ਵਿਚ 20 ਫ਼ੀਸਦੀ ਤੋਂ ਵੱਧ ਸਰਕਾਰੀ ਮੁਲਾਜ਼ਮ ਹਨ ਅਤੇ ਇਸ ਤੋਂ ਇਲਾਵਾ ਹਲਕੇ ਵਿਚ ਸੇਵਾ ਮੁਕਤ ਮੁਲਾਜ਼ਮਾਂ ਦੀ ਗਿਣਤੀ ਵੀ ਲਗਭਗ ਇੰਨੀ ਹੀ ਹੈ। ਅੰਦਰ ਖਾਤੇ ਵੱਖ-ਵੱਖ ਉਮੀਦਵਾਰਾਂ ਵਲੋਂ ਪੁਲਿਸ ਅਤੇ ਹੋਰ ਸਰਕਾਰੀ ਮੁਲਾਜ਼ਮਾਂ ਨਾਲ ਆਪਣਾ ਰਾਬਤਾ ਕਾਇਮ ਕੀਤਾ ਹੋਇਆ ਹੈ ਅਤੇ ਹਰੇਕ ਉਮੀਦਵਾਰ ‘ਇਨ੍ਹਾਂ’ ਸਰਕਾਰੀ ਮੁਲਾਜ਼ਮਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਲਈ ਕਹਿੰਦਾ ਰਿਹਾ ਹੈ। ਕੁਝ ਮੁਲਾਜ਼ਮਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਜਿਹੜਾ ਉਮੀਦਵਾਰ ਉਨ੍ਹਾਂ ਦੇ ਇਲਾਕੇ ਦਾ ਵਿਕਾਸ ਕਰਵਾਉਣ ਦਾ ਪੱਕਾ ਵਾਅਦਾ ਕਰੇਗਾ, ਉਹ ਉਸ ਨੂੰ ਹੀ ਵੋਟ ਪਾਉਣਗੇ। ਇਨ੍ਹਾਂ ਮੁਲਾਜ਼ਮਾਂ ਵਿਚੋਂ ਕੋਈ ਵੀ ਖੁੱਲ੍ਹੇ ਤੌਰ ‘ਤੇ ਬੋਲਣ ਲਈ ਤਿਆਰ- ਨਹੀਂ ਸੀ। ਮੌਜੂਦਾ ਮੁਲਾਜ਼ਮਾਂ ਤੋਂ ਇਲਾਵਾ ਸੇਵਾ ਮੁਕਤ ਮੁਲਾਜ਼ਮਾਂ ਦੀ ਗਿਣਤੀ ਵੀ ਇਸ ਇਲਾਕੇ ਵਿਚ ਬਾਕੀ ਹਲਕਿਆਂ ਨਾਲੋਂ ਜ਼ਿਆਦਾ ਹੈ, ਕਿਉਂਕਿ ਮਿੰਨੀ ਸਕੱਤਰੇਤ ਪੁਲਿਸ ਮੁੱਖ ਦਫ਼ਤਰ ਅਤੇ ਹੋਰ ਸਰਕਾਰੀ ਦਫ਼ਤਰ ਇਸ ਇਲਾਕੇ ਵਿਚ ਹੀ ਹਨ ਅਤੇ ਜ਼ਿਆਦਾਤਰ ਇਹ ਮੁਲਾਜ਼ਮ ਪਿਛਲੇ ਕਾਫ਼ੀ ਸਾਲਾਂ ਤੋਂ ਲੁਧਿਆਣਾ ਵਿਚ ਰਹਿ ਰਹੇ ਹਨ। ਇੱਥੇ ਹੀ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਪੱਕੇ ਘਰ ਬਣਾ ਲਏ ਅਤੇ ਹੁਣ ਉਹ ਇੱਥੋਂ ਦੇ ਪੱਕੇ ਵਸਨੀਕ ਬਣ ਗਏ ਹਨ। ਜਿਹੜੇ ਸਰਕਾਰੀ ਮੁਲਾਜ਼ਮ ਨੌਕਰੀ ਤੋਂ ਸੇਵਾ ਮੁਕਤ ਹੋ ਗਏ ਹਨ, ਉਨ੍ਹਾਂ ਨੇ ਵੀ ਆਪਣੇ ਘਰ ਇੱਥੇ ਹੀ ਬਣਾਏ ਹੋਏ ਹਨ। ਇਨ੍ਹਾਂ ਦਾ ਗੜ੍ਹ ਹੈਬੋਵਾਲ, ਬਾੜੇਵਾਲ ਅਵਾਨਾ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ ਮਾਤਾ ਨਗਰ ਤੋਂ ਇਲਾਵਾ ਮਾਡਲ ਗ੍ਰਾਮ ਵਿਚ ਹੈ, ਜਿੱਥੇ ਕਿ ਇਨ੍ਹਾਂ ਮੁਲਾਜ਼ਮਾਂ ਦੀ ਗਿਣਤੀ ਸਭ ਤੋੰ ਜ਼ਿਆਦਾ ਹੈ। ਭਾਵੇਂ ਕਿ ਵੋਟਾਂ ਵਿਚ ਹਰੇਕ ਉਮੀਦਵਾਰ ਆਪਣੀ ਆਪਣੀ ਜਿੱਤ ਦਾ ਦਾਅਵਾ ਕਰ ਰਿਹਾ ਹੈ ਪਰ ਇਸ ਚੋਣ ਵਿਚ ਸਰਕਾਰੀ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੀ ਭੂਮਿਕਾ ਅਹਿਮ ਮੰਨੀ ਜਾ ਰਹੀ ਹੈ। ਵੇਖਦੇ ਹਾਂ ਕਿ ਜਿੱਤ ਦਾ ਊਠ ਕਿਸ ਕਰਵਟ ਬੈਠਦਾ ਹੈ।
