ਜਹਾਜ਼ ਹਾਦਸੇ ਦੀ ਜਾਂਚ ਕਮੇਟੀ ਭਵਿੱਖੀ ਸਾਵਧਾਨੀਆਂ ਬਾਰੇ ਵੀ ਸਿਫ਼ਾਰਸ਼ਾਂ ਕਰੇਗੀ

ਨਵੀਂ ਦਿੱਲੀ/ਅਹਿਮਦਾਬਾਦ: ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਬਣਾਈ ਹੈ ਜੋ ‘ਭਵਿੱਖ ‘ਚ ਅਜਿਹੀਆਂ ਘਟਨਾਵਾਂ ਰੋਕਣ ਤੇ ਉਨ੍ਹਾਂ ਨਾਲ ਨਜਿੱਠਣ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਤਿਆਰ ਕਰਨ ‘ਤੇ ਧਿਆਨ ਕੇਂਦਰਿਤ ਕਰੇਗੀ।

ਉੱਧਰ ਏਅਰ ਇੰਡੀਆ ਜਹਾਜ਼ ਹਾਦਸੇ ਮਗਰੋਂ ਹੁਣ ਤੱਕ ਕੁੱਲ 270. ਲਾਸ਼ਾਂ ਅਹਿਮਦਾਬਾਦ ਸਿਵਲ ਹਸਪਤਾਲ ਲਿਆਂਦੀਆਂ ਗਈਆਂ, ਜਿਨ੍ਹਾਂ ‘ਚੋਂ ਡੀਐੱਨਏ ਸੈਂਪਲਾਂ ਦੇ ਆਧਾਰ ‘ਤੇ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਦੂਜੇ ਪਾਸੇ ਹਾਦਸੇ ‘ਚ ਨੁਕਸਾਨੇ ਬੀ.ਜੇ ਮੈਡੀਕਲ ਕਾਲਜ ਦੇ ਹੋਸਟਲਾਂ ਨੂੰ ਜਾਂਚ ਦੇ ਸਿਲਸਿਲੇ ‘ਚ ਖਾਲੀ ਕਰਵਾਇਆ ਜਾ ਗਿਆ ਹੈ ਅਤੇ ਹਾਦਸੇ ਵਾਲੀ ਥਾਂ ‘ਤੇ ਕੇਂਦਰੀ ਤੇ ਰਾਜ ਸਰਕਾਰ ਦੀਆਂ ਏਜੰਸੀਆਂ ਤੋਂ ਇਲਾਵਾ ਕੌਮੀ ਸੁਰੱਖਿਆ ਗਾਰਡ (ਐੱਨਐੱਸਜੀ) ਦੀ ਟੀਮ ਵੀ ਤਾਇਨਾਤ ਕੀਤੀ ਗਈ ਹੈ। ਇਸ ਹਾਦਸੇ ‘ਚ ਬਚੇ ਇੱਕੋ-ਇੱਕ ਯਾਤਰੀ ਵਿਸ਼ਵਾਸ ਕੁਮਾਰ ਰਮੇਸ਼ ਦੀ ਹਾਲਤ ਸਥਿਰ ਹੈ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਅਹਿਮਦਾਬਾਦ ‘ਚ ਵਾਪਰੇ ਜਹਾਜ਼ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ ਤੇ ਜਾਂਚ ਸੁਚਾਰੂ ਢੰਗ ਨਾਲ ਅੱਗੇ ਵੱਧ ਰਹੀ ਹੈ।
ਮੰਤਰਾਲੇ ਨੇ ਕਿਹਾ ਉੱਚ ਪੱਧਰ ਜਾਂਚ ਕਮੇਟੀ’ਭਵਿੱਖ ‘ਚ ਅਜਿਹੀਆਂ ਘਟਨਾਵਾਂ ਰੋਕਣ ਤੇ ਉਨ੍ਹਾਂ ਨਾਲ ਨਜਿੱਠਣ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਤਿਆਰ ਕਰਨ ‘ਤੇ ਧਿਆਨ ਕੇਂਦਰਿਤ ਕਰੇਗੀ ਅਤੇ ਤਿੰਨ ਮਹੀਨੇ ਅੰਦਰ ਆਪਣੀ ਰਿਪੋਰਟ ਪ੍ਰਕਾਸ਼ਤ ਕਰੇਗੀ। ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਕਿਹਾ, ‘ਬਲੈਕ ਬਾਕਸ ਦੀ ਡੀਕੋਡਿੰਗ ਨਾਲ, ਜਹਾਜ਼ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਕੀ ਹੋਇਆ ਸੀ, ਬਾਰੇ ਪੂਰੀ ਜਾਣਕਾਰੀ ਮਿਲ ਸਕੇਗੀ।’ਉਨ੍ਹਾਂ ਕਿਹਾ ਕਿ ਦੇਸ਼ ‘ਚ ਜਹਾਜ਼ ਸੁਰੱਖਿਆ ਦੇ ਬਹੁਤ ਸਖ਼ਤ ਤੇ ਮਜ਼ਬੂਤ ਪ੍ਰੋਟੋਕੋਲ ਹਨ ਅਤੇ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘ਜਹਾਜ਼ ਹਾਦਸੇ ਬਾਰੇ ਜੋ ਵੀ ਪੈਮਾਨੇ ਹਨ, ਉਨ੍ਹਾਂ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ।’
ਸ਼ਹਿਰੀ ਹਵਾਬਾਜ਼ੀ ਸਕੱਤਰ ਸਮੀਰ ਕੁਮਾਰ ਸਿਨਹਾ ਨੇ ਕਿਹਾ ਕਿ ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਸੁਚਾਰੂ ਢੰਗ ਨਾਲ ਜਾਰੀ ਹੈ। ਹਵਾਈ ਹਾਦਸਾ ਜਾਂਚ ਬਿਊਰੋ (ਏਏਆਈਬੀ) ਹਾਦਸੇ ਦੀ ਜਾਂਚ ਕਰ ਰਿਹਾ ਹੈ। ਪੱਤਰਕਾਰ ਸੰਮੇਲਨ ਤੋਂ ਪਹਿਲਾਂ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।