ਚੰਡੀਗੜ੍ਹ:ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਸ੍ਰੀ ਮਲੂਕਾ ਨੂੰ ਅੱਜ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਉਨ੍ਹਾਂ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸਿੰਕਦਰ ਸਿੰਘ ਮਲੂਕਾ ਨੇ ਪਾਰਟੀ ਵਾਸਤੇ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਉਹ ਭਵਿੱਖ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਵਿੱਚ ਜਲਦ ਹੀ ਸ਼ਾਮਲ ਹੋਣਗੇ। ਲੁਧਿਆਣਾ ਪੱਛਮੀ ਹਲਕੇ ਵਿੱਚ ਪਾਰਟੀ ਦਾ ਆਧਾਰ ਹਰ ਦਿਨ ਵਧ ਰਿਹਾ ਹੈ।
ਬਾਦਲ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਵੱਖ-ਵੱਖ ਕਾਰਨਾਂ ਕਰ ਕੇ ਪਾਰਟੀ ਛੱਡ ਗਏ ਆਗੂ ਮੁੜ ਤੋਂ ਵਾਪਸੀ ਕਰ ਰਹੇ ਹਨ। ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਿਆਸਤ ਵਿੱਚ ਜ਼ੋਰ-ਸ਼ੋਰ ਨਾਲ ਉੱਭਰੇਗਾ। ਉਨ੍ਹਾਂ ਖੇਤਰੀ ਪਾਰਟੀ ਦੀ ਮਜ਼ਬੂਤੀ ਲਈ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।
