ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਵਿਰੁੱਧ ਪਾਈ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ

ਅੰਮ੍ਰਿਤਸਰ:ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸਕੱਤਰ ਤੇ ਮੈਨੇਜਰ ਵਲੋਂ ਉਨ੍ਹਾਂ ਵਿਰੁੱਧ ਕਿਸੇ ਵੀ ਸੰਭਾਵੀ ਅਣ-ਉੱਚਿਤ ਜਾਂ ਪੱਖਪਾਤੀ ਕਾਰਵਾਈ ਕੀਤੇ ਜਾਣ ਦੇ ਖਦਸ਼ੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਦਾਇਰ ਕੀਤੀ

ਸਿਵਲ ਰਿੱਟ ਪਟੀਸ਼ਨ ਉਪਰੰਤ ਪੰਥਕ ਸਫ਼ਾਂ ਵਿਚ ਇਸ ਦੇ ਤਿੱਖੇ ਪ੍ਰਤੀਕਰਮ ਤੋਂ ਬਾਅਦ ‘ਯੂ-ਟਰਨ’ ਲੈਂਦਿਆਂ ਉਕਤ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ ਤੇ ਕਿਹਾ ਹੈ ਕਿ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਤੇ ਸਤਿਕਾਰ ਕਰਦਿਆਂ ਇਸ ਕੇਸ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ ਹੈ। ਇਸੇ ਦੌਰਾਨ ਜਾਰੀ ਵੀਡੀਓ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਉਕਤ ਪਟੀਸ਼ਨ ਵਾਪਸ ਲੈਣ ਦਾ ਐਲਾਨ ਕਰਦਿਆਂ ਕਿਹਾ ਕਿ ਪਿਛਲੇ ਅਰਸੇ ਦੌਰਾਨ ਚੱਲ ਰਹੇ ਘਟਨਾਕ੍ਰਮ ਵਿਚ ਬਹੁਤ ਕੁਝ ਅਣਕਿਆਸਿਆ ਅਤੇ ਅਣ-ਚਿਤਵਿਆ ਵਾਪਰਿਆ ਹੈ। ਉਨਾਂ ਕਿਹਾ ਕਿ ਆਪਣੇ ਸੇਵਾ ਦੌਰਾਨ ਉਨ੍ਹਾਂ ਨੇ ਪੰਥਕ ਪਰੰਪਰਾਵਾਂ ਤੇ ਰਹਿਤ ਮਰਿਆਦਾ ‘ਤੇ ਪਹਿਰੇਦਾਰੀ ਕਰਦਿਆਂ ਸੇਵਾ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਪੰਥਕ ਸੰਸਥਾਵਾਂ ਤੇ ਬਾਬਾ ਬੁੱਢਾ ਜੀ ਦੀ ਮਹਾਨ ਪਦਵੀ ਨੂੰ ਠੇਸ ਪਹੁੰਚਾਉਣ ਬਾਰੇ ਉਹ ਕਦੇ ਸੁਪਨੇ ਵਿਚ ਵੀ ਸੋਚ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਵਿਸ਼ਵ ਭਰ ਦੀਆਂ ਸਮੂਹ ਸੰਗਤਾਂ ਦੇ ਦਿਲੋਂ ਰਿਣੀ ਹਨ, ਜਿਨ੍ਹਾਂ ਨੇ ਮੌਜੂਦਾ ਸਥਿਤੀ ਪ੍ਰਤੀ ਬੀਤੇ ਕੱਲ੍ਹ ਤੋਂ ਆਪਣੇ ਪਿਆਰ ਅਤੇ ਚਿੰਤਾਵਾਂ ਨੂੰ ਪ੍ਰਗਟਾਇਆ ਹੈ। ਉਨਾਂ ਕਿਹਾ ਕਿ ਸਾਧ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਤਿਕਾਰ ਕਰਦਿਆਂ ਦਾਇਰ ਕੀਤੇ ਕੇਸ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਿੱਖ ਪੰਥ ਦੀਆਂ ਇਨ੍ਹਾਂ ਮਹਾਨ ਪਦਵੀਆਂ ਦੇਮਾਣ ਅਤੇ ਸਤਿਕਾਰ ਨੂੰ ਕਿਵੇਂ ਕਾਇਮ ਰੱਖਣਾ ਹੈ ? ਇਹ ਪੰਥ ਦੀ ਜ਼ਿੰਮੇਵਾਰੀ ਹੈ ਤੇ ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤੰਨ ਤੇ ਸੁਚੇਤ ਹੋਣ ਦੀ ਲੋੜ ਹੈ। ਇਸ ਤੋਂ ਪਹਿਲਾਂ ਦੀਆਂ ਖ਼ਬਰਾਂ ਅਨੁਸਾਰ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਅਹੁਦੇ ਤੋਂ ਹਟਾਏ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਕਾਨੂੰਨੀ ਇਨਸਾਫ ਲਈ ਦੁਨਿਆਵੀ ਅਦਾਲਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਨ ਨੇ ਪੰਥਕ ਅਤੇ ਸਿਆਸੀ ਹਲਕਿਆਂ ‘ਚ ਇਕ ਤਰ੍ਹਾਂ ਨਾਲ ਭੂਚਾਲ ਲਿਆ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸਿੱਖ ਪੰਥ ‘ਚ ਅਤਿ ਸਤਿਕਾਰਯੋਗ ਸ਼ਖ਼ਸੀਅਤ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਇਨਸਾਫ ਲਈ ਰਿਟ ਪਟੀਸ਼ਨ ਦਾਖ਼ਲ ਕਰਨ ਨੂੰ ਕਈ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ, ਸਿੱਖ ਸਿਧਾਂਤਾਂ ਅਤੇ ਪ੍ਰੰਪਰਾਵਾਂ ਲਈ ਵੱਡਾ ਘਾਣ ਦੱਸਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਸ਼ਾਇਦ ਸਿੱਖ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਿੱਖ ਪੰਥ ਦੀ ਇਕ ਅਤਿ ਸਤਿਕਾਰਯੋਗ ਧਾਰਮਿਕ ਸ਼ਖ਼ਸੀਅਤ ਨੂੰ ਹੀ ਦੁਨਿਆਵੀ ਅਦਾਲਤ ਦਾ ਸਹਾਰਾ ਲੈਣ ਦੀ ਥਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਂ ਸਿੱਖ ਪੰਥ ਦੀ ਕਚਹਿਰੀ ‘ਚ ਮੀਡੀਆ ਰਾਹੀਂ ਆਪਣਾ ਮਾਮਲਾ ਸਾਹਮਣੇ ਲਿਆਉਣਾ ਚਾਹੀਦਾ ਸੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਪਿਛਲੇ ਦਿਨੀਂ ਮਹੀਨੇ ਦੇ ਦੂਜੇ ਹਫ਼ਤੇ ਹੋਈ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਤੋਂ ਪਹਿਲਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਇਹ ਖਦਸ਼ਾ ਜ਼ਾਹਰ ਕੀਤਾ ਗਿਆ ਸੀ ਕਿ ਉਸ ਨਾਲ ਇਕ ਹੋਰ ਸਾਬਕਾ ਜਥੇਦਾਰ ਵੀ ਆਉਂਦੇ ਦਿਨਾਂ ‘ਚ ਹਾਈ ਕੋਰਟ ਜਾ ਸਕਦੇ ਹਨ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਉਨ੍ਹਾਂ ਨੂੰ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਤੋਂ ਬਰਖ਼ਾਸਤ ਕੀਤਾ ਜਾ ਸਕਦਾ ਹੈ ਜਾਂ ਕਿਧਰੇ ਹੋਰ ਤਬਦੀਲ ਕੀਤਾ ਜਾ ਸਕਦਾ ਹੈ। ਇਸ ਖਦਸ਼ੇ ਨੂੰ ਸਾਹਮਣੇ ਰੱਖਦਿਆਂ ਹੋਇਆਂ ਹੀ ਉਨ੍ਹਾਂ ਵਲੋਂ ਇਸ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਕੁਝ ਦਿਨ ਪਹਿਲਾਂ ਹੀ ਹਾਈ ਕੋਰਟ ‘ਚ ਰਿਟ ਪਟੀਸ਼ਨ ਦਾਖ਼ਲ ਕਰ ਦਿੱਤੀ ਗਈ ਸੀ। ਹਾਲਾਂਕਿ, ਉਸ ਮੀਟਿੰਗ ਵਿਚ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਬਾਰੇ ਕੋਈ ਫੈਸਲਾ ਨਹੀਂ ਸੀ ਲਿਆ ਗਿਆ। ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਸੰਬੰਧੀ ਜਦੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦੇ ਇਕ ਨਜ਼ਦੀਕੀ ਸਾਥੀ ਨੇ ਹਾਈ ਕੋਰਟ ਵਿਚ ਰਿੱਟ ਪਟੀਸ਼ਨ ਦਾਖ਼ਲ ਕਰਨ ਦੀ ਪੁਸ਼ਟੀ ਕੀਤੀ।
ਸਮਝਿਆ ਜਾਂਦਾ ਹੈ ਕਿ ਕੁਝ ਦਿਨਾਂ ‘ਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਆਪਣੇ ਵਲੋਂ ਦਾਇਰ ਕੀਤੀ ਇਸ ਰਿਟ ਪਟੀਸ਼ਨ ਸੰਬੰਧੀ ਮੀਡੀਆ ਨਾਲ ਖ਼ੁਲਾਸਾ ਕਰ ਸਕਦੇ ਹਨ। ਸੂਤਰਾਂ ਅਨੁਸਾਰ ਆਉਣ ਵਾਲੇ ਦਿਨਾਂ ‘ਚ ਅਕਾਲ ਤਖ਼ਤ ਸਾਹਿਬ ਦੇ ਇਕ ਹੋਰ ਸਾਬਕਾ। ਸਿੰਘ ਸਾਹਿਬਾਨ ਵੀ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਸਕਦੇ ਹਨ। ਦੂਜੇ ਪਾਸੇ, ਇਕ ਜਥੇਦਾਰ ਵਲੋਂ ਦੁਨਿਆਵੀ ਅਦਾਲਤ ‘ਚ ਜਾਣ ‘ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਈ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਭਾਵੇਂ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੀਆਂ ਕਥਿਤ ਵਧੀਕੀਆਂ ਤੋਂ ਮਜਬੂਰ ਹੋ ਕੇ ਹੀ ਦੁਨਿਆਵੀ ਅਦਾਲਤ ਦਾ ਸਹਾਰਾ ਲੈਣਾ ਪੈ ਰਿਹਾ ਹੈ ਪਰ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਲਈ ਇਹ ਗੱਲ ਠੀਕ ਨਹੀਂ ਹੈ, ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕਦੇ ਵੀ ਕਿਸੇ ਦੁਨਿਆਵੀ ਅਦਾਲਤ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਕਿ ਗਿਆਨੀ ਰਘਬੀਰ ਸਿੰਘ ਸਾਬਕਾ ਜਥੇਦਾਰ ਹਨ ਪਰ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਸਤਿਕਾਰਤ ਪਦਵੀ ‘ਤੇ ਸੁਸ਼ੋਭਿਤ ਹਨ ਅਤੇ ਉਨ੍ਹਾਂ ਨੂੰ ਅਜਿਹਾ ਕਦਮ ਨਹੀਂ ਸੀ ਚੁੱਕਣਾ ਚਾਹੀਦਾ।