ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਵਾਲਾ ਪੰਜ ਪਿਆਰਿਆਂ ਦਾ ਆਦੇਸ਼ ਸਿੰਘ ਸਾਹਿਬਾਨ ਵਲੋਂ ਰੱਦ

ਅੰਮ੍ਰਿਤਸਰ:ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਵਾਲਾ ਹੁਕਮਨਾਮਾ ਜਾਰੀ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ

ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਇਕੱਤਰਤਾ ਉਪਰੰਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਾਰੀ ਹੁਕਮਨਾਮੇ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਵਾਲੇ ਆਦੇਸ਼ਾਂ ਨੂੰ ਰੱਦ ਕਰਦਿਆਂ ਅਤੇ ਇਸ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਗਾਉਣ ਵਾਲਾ ਕਰਾਰ ਦਿੰਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਗੁਰਦਿਆਲ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਹਰਪਾਲ ਸਿੰਘ ਜੌਹਲ ਤੇ ਡਾ: ਗੁਰਮੀਤ ਸਿੰਘ ਨੂੰ ਤਨਖ਼ਾਹੀਏ ਕਰਾਰ ਦੇ ਦਿੱਤਾ ਗਿਆ। ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਇਕੱਤਰਤਾ ‘ਚ ਗਿਆਨੀ ਗੜਗੱਜ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਗਿਆਨੀ ਕੇਵਲ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ (ਸਾਬਕਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ) ਸ਼ਾਮਿਲ ਹੋਏ। ਇਕੱਤਰਤਾ ਉਪਰੰਤ ਜਾਰੀ ਆਦੇਸ਼ ਵਿਚ ਗਿਆਨੀ ਗੜਗੱਜ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ 19 ਨਵੰਬਰ, 2003 ਨੂੰ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਵਲੋਂ ਪਾਸ ਕੀਤੇ ਗਏ ਮਤਾ ਨੰ: 01 ਦੀ ਪ੍ਰੋੜ੍ਹਤਾ ਕਰਦਿਆਂ ਅਤੇ ਸਿੱਖ ਰਵਾਇਤਾਂ ਦੀ ਰੌਸ਼ਨੀ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਜੋ ਆਦੇਸ਼ ਜਾਰੀ ਕੀਤੇ ਗਏ, ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਕਤ ਆਦੇਸ਼ ਦੀ ਘੋਰ ਉਲੰਘਣਾ ਅਤੇ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਗਾਉਣ ਵਾਲੇ ਹਨ। ਉਨ੍ਹਾਂ ਕਿਹਾ ਕਿ ਪੰਜੇ ਤਖ਼ਤ ਸਾਹਿਬਾਨ ਸਿੱਖ ਸ਼ਕਤੀ ਦੇ ਸੋਮੇ ਹਨ, ਪਰ ਸ੍ਰੀ ਅਕਾਲ ਤਖ਼ਤ ਨੂੰ ਗੁਰੂ ਪਾਤਸ਼ਾਹ ਨੇ ਆਪ ਸਰਬਉੱਚਤਾ ਬਖ਼ਸ਼ੀ ਹੈ। ਪਰੰਤੂ ਕੁੱਝ ਲੋਕ ਸਿੱਖ-ਵਿਰੋਧੀ ਤਾਕਤਾਂ ਦੇ ਅਨੁਸਾਰ ਚੱਲਦਿਆਂ ਆਪਣੇ ਨਿੱਜੀ ਸੁਆਰਥਾਂ ਲਈ ਸਾਜ਼ਿਸ਼ਾਂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਗੁਰੂ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ‘ਤੇ ਸ਼ੁਰੂ ਤੋਂ ਹੀ ਖ਼ਾਲਸਾ ਪੰਥ ਨਾਲ ਸੰਬੰਧਿਤ ਮਾਮਲੇ ਵਿਚਾਰ ਕੇ ਫ਼ੈਸਲੇ ਕੀਤੇ ਜਾਂਦੇ ਰਹੇ ਹਨ ਅਤੇ ਬਾਕੀ ਤਖ਼ਤ ਸਾਹਿਬਾਨ ਨੂੰ ਵੀ ਸਥਾਨਕ ਫ਼ੈਸਲੇ ਕਰਨ ਦਾ ਪੂਰਾ ਅਧਿਕਾਰ ਹੈ, ਪਰੰਤੂ ਪੰਥਕ ਤੇ ਧਾਰਮਿਕ ਮਾਮਲਿਆਂ ਸੰਬੰਧੀ ਅੰਤਿਮ ਰਾਏ ਸਿਰਫ਼ ਅਕਾਲ ਤਖ਼ਤ ਸਾਹਿਬ ਦੀ ਹੀ ਮੰਨੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਜੋ 21 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਾਬਤ ਜੋ ਗ਼ੈਰ-ਸਿਧਾਂਤਕ ਅਤੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਜੋ ਫ਼ੈਸਲੇ ਕੀਤੇ ਹਨ, ਇਨ੍ਹਾਂ ਨੂੰ ਪੂਰਨ ਰੂਪ ‘ਚ ਅਪ੍ਰਵਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ 21 ਮਈ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪਾਸ ਕੀਤੇ ਗਏ ਮਤਾ ਨੰ: 3 ਅਤੇ ਮਤਾ ਨੰ: 4, ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਦਸੰਬਰ, 2022 ਦੇ ਆਦੇਸ਼ ਦੀ ਪ੍ਰੋੜ੍ਹਤਾ ਕਰਦਿਆਂ ਹੀ ਕੀਤੇ ਗਏ ਸਨ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮਾਮਲਿਆਂ ਸੰਬੰਧੀ ਉੱਥੋਂ ਦੀ ਪ੍ਰਬੰਧਕ ਕਮੇਟੀ ਨੂੰ ਆਪਣਾ ਪੱਖ ਰੱਖਣ ਲਈ ਆਦੇਸ਼ ਕੀਤੇ ਗਏ ਸਨ, ਪਰੰਤੂ ਉਨ੍ਹਾਂ ਵਲੋਂ ਹੁਣ ਤੱਕ ਅਜਿਹਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਪਾਲਣਾ ਕਰਨ ਦੀ ਬਜਾਏ ਭਾਈ ਗੁਰਦਿਆਲ ਸਿੰਘ, ਜਿਨ੍ਹਾਂ ਦੀਆਂ ਪੰਥਕ ਸੇਵਾਵਾਂ ‘ਤੇ ਰੋਕ ਲੱਗੀ ਹੈ, ਉਹ ਤਖ਼ਤ ਸਾਹਿਬਾਨ ਵਿਚਕਾਰ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿਸ ਨੂੰ ਦੇਖਦਿਆਂ ਇਨ੍ਹਾਂ ਨੂੰ ਤਨਖ਼ਾਹੀਆ ਐਲਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਬੁਲਾਰਾ ਹਰਪਾਲ ਸਿੰਘ ਜੌਹਲ ਤੇ ਕਮੇਟੀ ਦੇ ਇੱਕ ਹੋਰ ਮੈਂਬਰ ਡਾ. ਗੁਰਮੀਤ ਸਿੰਘ ਦੀ ਭੂਮਿਕਾ ਵੀ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਢਾਹ ਲਾਉਣ ਵਾਲੀ ਤੇ ਮੁੱਖ ਸਾਜ਼ਿਸ਼ਘਾੜੇ ਵਜੋਂ ਸਾਹਮਣੇ ਆਈ ਹੈ। ਜਿਸ ਲਈ ਇਨ੍ਹਾਂ ਦੋਵਾਂ ਨੂੰ ਵੀ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।
ਗਿਆਨੀ ਗੜਗੱਜ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਜਨ: ਸਕੱਤਰ ਇੰਦਰਜੀਤ ਸਿੰਘ, ਸਕੱਤਰ ਹਰਬੰਸ ਸਿੰਘ, ਮੈਂਬਰ ਭਾਈ ਗੋਬਿੰਦ ਸਿੰਘ ਲੌਂਗੋਵਾਲ (ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ), ਮੈਂਬਰ ਰਾਜਾ ਸਿੰਘ, ਮਹਿੰਦਰਪਾਲ ਸਿੰਘ ਨੂੰ ਵੀ ਪੰਦਰਾਂ ਦਿਨਾਂ ਦੇ ਅੰਦਰ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਰੱਖਣ ਦਾ ਆਦੇਸ਼ ਕੀਤਾ ਤੇ ਅਜਿਹਾ ਨਾ ਕਰਨ ਦੀ ਸੂਰਤ ‘ਚ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਤਾੜਨਾ ਕੀਤੀ। ਇਸ ਉਪਰੰਤ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ: ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਦੇ ਮਾਮਲੇ ਵਿਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ ਹੈ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੇ ਸਾਬਕਾ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸ਼ਾਮਿਲ ਹੋਏ ਹਨ।