ਅੰਮ੍ਰਿਤਸਰ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਗ੍ਰੰਥੀ ਸਿੰਘਾਂ ਵਲੋਂ ਸਿਰੋਪਾਓ, ਪ੍ਰਸ਼ਾਦ ਤੇ ਫੁੱਲਾਂ ਦਾ ਸਿਹਰਾ ਦੇ ਕੇ ਸਨਮਾਨਿਤ ਕਰਕੇ ਸਤਿਕਾਰ ਦਿੱਤਾ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ
ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਤੇ ਬੈਠੇ ਸਨ। ਅਕਾਲ ਤਖ਼ਤ ਦੇ ਸਕੱਤਰੇਤ ਨੇ ਦਾਅਵਾ ਕੀਤਾ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੇ ਮਾਮਲੇ ‘ਚ ਜਥੇਦਾਰ ਗੜਗੱਜ ਵਲੋਂ ਲਏ ਫ਼ੈਸਲਿਆਂ ਲਈ ਗਿਆਨੀ ਰਘਬੀਰ ਸਿੰਘ ਨੇ ਸਹਿਯੋਗ ਦਿੱਤਾ ਹੈ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਗ੍ਰੰਥੀ ਸਿੰਘਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ, ਪ੍ਰਸ਼ਾਦ ਤੇ ਫੁੱਲਾਂ ਦਾ ਹਾਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ ਤੇ ਦੂਸਰੇ ਪਾਸੇ ਮੱਥਾ ਟੇਕਣ ਦੌਰਾਨ ਤਾਬਿਆ ‘ਤੇ ਬੈਠੇ ਗਿਆਨੀ ਰਘਬੀਰ ਸਿੰਘ ਵਲੋਂ ਵੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਪ੍ਰਸ਼ਾਦ ਦਿੱਤਾ ਗਿਆ। ਇਸ ਉਪਰੰਤ ਅਕਾਲ ਤਖ਼ਤ ਸਕੱਤਰੇਤ ਵਲੋਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੇ ਮਾਮਲੇ ‘ਚ ਸਮੂਹ ਸਿੰਘ ਸਾਹਿਬਾਨ ਵਲੋਂ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਤੇ ਦਾਅਵਾ ਕੀਤਾ ਕਿ ਗਿਆਨੀ ਰਘਬੀਰ ਸਿੰਘ ਵਲੋਂ ਵੀ ਇਸ ਮਾਮਲੇ ‘ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮਰਥਨ ਕਰਦੇ ਹੋਏ ਅਰਦਾਸ ਕਰਕੇ ਪ੍ਰਸ਼ਾਦ ਦਿੱਤਾ। ਇਸ ਦੇ ਨਾਲ ਹੀ ਅਕਾਲ ਤਖ਼ਤ ਸਕੱਤਰੇਤ ਵਲੋਂ ਇਹ ਵੀ ਕਿਹਾ ਗਿਆ ਹੈ ਕਿ 5 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮਾਮਲੇ ‘ਚ ਪੰਜ ਸਿੰਘ ਸਾਹਿਬ ਦੀ ਇਕੱਤਰਤਾ ਲਈ ਵੀ ਗਿਆਨੀ ਰਘਬੀਰ ਸਿੰਘ ਨੇ ਪੂਰਨ ਤੌਰ ‘ਤੇ ਸਹਿਯੋਗ ਦਿੱਤਾ ਹੈ। ਇਸ ਇਕੱਤਰਤਾ ‘ਚ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਾਹਿਬਾਨ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਕੇਵਲ ਸਿੰਘ ਵਲੋਂ ਸ਼ਮੂਲੀਅਤ ਕੀਤੀ ਗਈ।
