ਅਸ਼ਵਨੀ ਸ਼ਰਮਾ ਨੂੰ ਬਣਾਇਆ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ

ਚੰਡੀਗੜ੍ਹ:ਹਾਈਕਮਾਨ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਸੂਬਾ ਭਾਜਪਾ ਨਵਾਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਪਰ ਪਾਰਟੀ ਹਾਈਕਮਾਨ ਵਲੋਂ ਅਸਤੀਫ਼ੇ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਸੀ।

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 2027 ਵਿਚ ਹੋਣੀਆਂ ਹਨ। ਅਜਿਹੀ ਸਥਿਤੀ ਵਿਚ ਭਾਜਪਾ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਚੁੱਕੇ ਜਾ ਰਹੇ ਹਨ। ਜਿਸ ਤਰ੍ਹਾਂ ਅਸ਼ਵਨੀ ਸ਼ਰਮਾ ਦੀ ਨਿਯੁਕਤੀ ਕੀਤੀ ਗਈ ਹੈ, ਉਸ ਤੋਂ ਸਪੱਸ਼ਟ ਹੈ ਕਿ ਜਾਖੜ ਪਹਿਲਾਂ ਵਾਂਗ ਹੀ ਅਹੁਦੇ ‘ਤੇ ਬਣੇ ਰਹਿਣਗੇ, ਨਾਲ ਹੀ ਅਸ਼ਵਨੀ ਸ਼ਰਮਾ ਉਨ੍ਹਾਂ ਦੇ ਸਹਿਯੋਗੀ ਵਜੋਂ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਅਸ਼ਵਨੀ ਸ਼ਰਮਾ 17 ਜਨਵਰੀ 2020 ਤੋਂ 4 ਜੁਲਾਈ 2023 ਤੱਕ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਚੁੱਕੇ ਹਨ। ਅਕਾਲੀ ਦਲ ਨਾਲ ਗੱਠਜੋੜ ਟੁੱਟਣ ਤੋਂ ਬਾਅਦ 2022 ‘ਦੀਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਹੇਠ ਲੜੀਆਂ ਗਈਆਂ ਸਨ। ਇਸ ਦੌਰਾਨ ਭਾਜਪਾ 2 ਸੀਟਾਂ ‘ਤੇ ਜਿੱਤ ਹਾਸਿਲ ਕਰਨ ਵਿਚ ਕਾਮਯਾਬ ਰਹੀ ਸੀ। 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅਹੁਦਾ ਛੱਡਣ ਦੀ ਇੱਛਾ ਜ਼ਾਹਿਰ ਕੀਤੀ ਸੀ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਸੂਬੇ ਦੀਆਂ 13 ਸੀਟਾਂ ਵਿਚੋਂ ਇਕ ਵੀ ਸੀਟ ਨਹੀਂ ਜਿੱਤ ਸਕੀ ਸੀ।