ਸ੍ਰੀ ਅਕਾਲ ਤਖ਼ਤ ਅਤੇ ਪਟਨਾ ਸਾਹਿਬ ਵਿਚਾਲੇ ਵਿਵਾਦ ਸੁਲਝਿਆ; ਦੋਵਾਂ ਵੱਲੋਂ ਹੁਕਮਨਾਮੇ ਰੱਦ

ਅੰਮ੍ਰਿਤਸਰ:ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਸੋਮਵਾਰ ਨੂੰ ਖ਼ਤਮ ਹੋ ਗਿਆ। ਦੋਵਾਂ ਤਖ਼ਤਾਂ ਦੇ ਪੰਜ ਸਿੰਘ ਸਾਹਿਬਾਨ ਨੇ ਇਕਮਤ ਹੋ ਕੇ ਪਿਛਲੇ ਦਿਨੀਂ ਦੋਵਾਂ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਰੱਦ ਕਰਨ ਦਾ ਫੈਸਲਾ ਕੀਤਾ।

ਇਸ ਦੇ ਨਾਲ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਤਨਖ਼ਾਹੀਏ ਐਲਾਨੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਬਾਬਾ ਟੇਕ ਸਿੰਘ ਧਨੌਲਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਸ਼ ਮੁਕਤ ਹੋ ਗਏ ਹਨ। ਇਸੇ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ। ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਸਮੇਤ ਤਿੰਨ ਅਹੁਦੇਦਾਰਾਂ ਨੂੰ ਵੀ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਹੈ। ਇਸ ਇਕੱਤਰਤਾ ਵਿੱਚ ਉਨ੍ਹਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਕੇਵਲ ਸਿੰਘ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੋਕ ਸਿੰਘ ਸ਼ਾਮਲ ਸਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦਾ 12 ਮਈ ਨੂੰ ਇਕ ਪੱਤਰ ਹਾਸਲ ਹੋਇਆ। ਇਸ ਪੱਤਰ ‘ਚ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਬਉੱਚ ਮੰਨਦੇ ਹੋਏ ਇਸ ਪ੍ਰਤੀ ਸਮਰਪਿਤ ਰਹਿਣ ਦਾ ਸੰਕਲਪ ਲਿਆ। ਇਸ ਦੇ ਨਾਲ ਹੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਸੰਬੰਧੀ ਪਹਿਲਾਂ ਲਏ ਗਏ ਫ਼ੈਸਲਿਆਂ ‘ਤੇ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ। ਇਸ ਪੱਤਰ ‘ਤੇ ਵਿਚਾਰ ਕਰਨ ਲਈ ਸੋਮਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਕਮੇਟੀ ਨੇ ਬੈਠਕ ਕਰ ਕੇ ਪਹਿਲਾਂ ਦਿੱਤੇ ਗਏ ਹੁਕਮ ਵਾਪਸ ਲੈ ਲਏ। ਓਧਰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਨੇ ਵੀ ਬੈਠਕ ਕਰ ਕੇ ਪਹਿਲਾਂ ਦਿੱਤੇ ਗਏ ਹੁਕਮ ਵਾਪਸ ਲੈਣ ਦਾ ਐਲਾਨ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਦੇ ਨਾਲ ਹੀ ਦੋਵਾਂ ਤਖ਼ਤ ਸਾਹਿਬਾਨ ਵਿਚਕਾਰ ਜਿਹੜਾ ਵਿਵਾਦ ਚੱਲ ਰਿਹਾ ਸੀ, ਉਹ ਹੁਣ ਪੰਥਕ ਏਕਤਾ ਦੀ ਭਾਵਨਾ ਨਾਲ ਪੂਰਨ ਆਪਸੀ ਸਹਿਯੋਗ ਨਾਲ ਖ਼ਤਮ ਹੋ ਗਿਆ ਹੈ।