ਬਜ਼ੁਰਗ ਦੌੜਾਕ ਫੌਜਾ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਬਿਆਸ ਪਿੰਡ(ਜਲੰਧਰ):ਉਮਰਦਰਾਜ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਮ੍ਰਿਤਕ ਫੌਜਾ ਸਿੰਘ ਦੀਆਂ ਆਖਰੀ ਰਸਮਾਂ ਉਨ੍ਹਾਂ ਦੇ ਦੋਵਾਂ ਬੇਟਿਆਂ ਸੁਖਜਿੰਦਰ ਸਿੰਘ ਤੇ ਹਰਵਿੰਦਰ ਸਿੰਘ ਸੁੱਖਾ ਵਲੋਂ ਨਿਭਾਈਆਂ ਗਈਆਂ, ਜਦਕਿ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਕੈਬਨਿਟ ਮੰਤਰੀ ਮਹਿੰਦਰ ਭਗਤ, ਸਾਬਕਾ ਮੰਤਰੀ ਬਲਕਾਰ ਸਿੰਘ, ਸਾਬਕਾ ਵਿਧਾਇਕ ਪਵਨ ਟੀਨੂੰ, ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ, ਵਿਧਾਇਕ ਸੁਖਵਿੰਦਰ ਕੋਟਲੀ, ਵਿਧਾਇਕ ਪਰਗਟ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਰ ਸਿੰਘ ਦਾਹੀਆ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ. ਐਸ. ਪੀ. ਹਰਵਿੰਦਰ ਸਿੰਘ ਵਿਰਕ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਖੇਡ ਜਗਤ ਨਾਲ ਜੁੜੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਮ੍ਰਿਤਕ ਦੇਹ ‘ਤੇ ਫੁੱਲ ਮਾਲਾਵਾਂ ਭੇਟ ਕਰ ਕੇ ਆਪਣੀ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਰਿਵਾਰ ਦੇ ਨਾਂਅ ਇਕ ਸ਼ੋਕ ਸੰਦੇਸ਼ ਭੇਜ ਕੇ ਫੌਜਾ ਸਿੰਘ ਦੀਆਂ ਪ੍ਰਾਪਤੀਆਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਇਕ ਮਹਾਨ ਦੌੜਾਕ ਤੇ ਦੇਸ਼ ਲਈ ਪ੍ਰੇਰਨਾ ਸਨ। ਉਨ੍ਹਾਂ ਦੇ ਜਾਣ ਨਾਲ ਮੁਲਕ ਇਕ ਅਜਿਹੇ ਜੁਝਾਰੂ ਤੇ ਹਿੰਮਤੀ ਇਨਸਾਨ ਤੋਂ ਵਾਂਝਾ ਹੋ ਗਿਆ ਹੈ, ਜਿਸ ਨੇ ਆਪਣੀ ਸਫਲਤਾ ਦੇ ਰਾਹ ‘ਚ ਉਮਰ ਨੂੰ ਵੀ ਰੁਕਾਵਟ ਨਹੀਂ ਬਣਨ ਦਿੱਤਾ ਅਤੇ ਸਾਰੀਆਂ ਰੋਕਾਂ ਪਾਰ ਕਰਦੇ ਹੋਏ ਮੈਰਾਥਨ ਦੌੜ ਦੇ ਖੇਤਰ ‘ਚ ਆਪਣੀ ਵੱਖਰੀ ਪਛਾਣ ਬਣਾਈ।