ਗੁਰਮੀਤ ਸਿੰਘ ਪਲਾਹੀ
ਗ਼ਰੀਬਾਂ ਦੇ ਕੋਲ ਵੋਟ ਦੀ ਤਾਕਤ ਤੋਂ ਇਲਾਵਾ ਹੋਰ ਬਹੁਤ ਕੁਝ ਹੈ ਹੀ ਨਹੀਂ। ਜੇਕਰ ਦੇਸ਼ ਵਿਚ ਗ਼ਰੀਬਾਂ ਤੇ ਕਮਜ਼ੋਰਾਂ ਤੋਂ ਉਨ੍ਹਾਂ ਦਾ ਵੋਟ-ਹੱਕ ਖੋਹ ਲਿਆ ਜਾਂਦਾ ਹੈ, ਤਾਂ ਉਨ੍ਹਾਂ ਵਿਚ ਨਿਰਾਸ਼ਾ ਵਧੇਗੀ, ਜੋ ਦੇਸ਼ ਨੂੰ ਅਰਾਜਕਤਾ ਵੱਲ ਧੱਕੇਗੀ। ਇਹ ਅਰਾਜਕਤਾ ਆਖਰਕਾਰ ਵਿਦਰੋਹ ਪੈਦਾ ਕਰੇਗੀ।
ਬਿਹਾਰ ਵਿਚ ਭਾਰਤੀ ਚੋਣ ਕਮਿਸ਼ਨ ਉੱਤੇ ਇਲਜ਼ਾਮ ਲੱਗ ਰਹੇ ਹਨ ਕਿ ਉਸ ਵੱਲੋਂ ਵੋਟਰ ਸੂਚੀ ਦੇ ‘ਸ਼ੁੱਧੀਕਰਨ’ ਦੇ ਨਾਂ ‘ਤੇ ਲੋਕਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਬਿਹਾਰ ‘ਚ ਲੋਕਾਂ ਵਿਚ ਇਸ ਮਹੱਤਵਪੂਰਨ ਮਸਲੇ ‘ਤੇ ਹਾਹਾਕਾਰ ਮਚੀ ਹੋਈ ਹੈ। ਬਿਹਾਰ ਦੇ ਵੋਟਰਾਂ ਵਿਚ ਘਬਰਾਹਟ ਅਤੇ ਭਰਮ ਦੀ ਸਥਿਤੀ ਬਣੀ ਹੋਈ ਹੈ, ਕਿਉਂਕਿ ਬੇਸਹਾਰਾ ਲੋਕ ਆਪਣਾ ਵੋਟ-ਹੱਕ ਮੰਗ ਰਹੇ ਹਨ। ਭਾਰਤੀ ਚੋਣ ਕਮਿਸ਼ਨ ਵੋਟਰ ਦੀ ਪ੍ਰਮਾਣਿਕਤਾ ਲਈ ਪਛਾਣ ਦੇ ਤੌਰ ‘ਤੇ ਆਧਾਰ ਕਾਰਡ, ਵੋਟਰ ਕਾਰਡ ਅਤੇ ਰਾਸ਼ਨ ਕਾਰਡ ਤੋਂ ਇਲਾਵਾ ਹੋਰ ਦਸਤਾਵੇਜ਼ ਸਬੂਤ ਵਜੋਂ ਮੰਗ ਰਿਹਾ ਹੈ। ਉਹ ਲੋਕ ਜਿਹੜੇ ਅਨਪੜ੍ਹ ਹਨ, ਉਹ ਇਹ ਸਬੂਤ ਕਿਥੋਂ ਲਿਆਉਣਗੇ?
2023 ਵਿਚ ਹੋਈ ਜਾਤੀ ਜਨਗਣਨਾ ਅਨੁਸਾਰ, ਬਿਹਾਰ ਵਿਚ ਤਿੰਨ ਫ਼ੀਸਦੀ ਦਲਿਤ, ਪੰਜ ਫ਼ੀਸਦੀ ਅਤਿ ਪਛੜੇ ਅਤੇ ਸਿਰਫ਼ ਸੱਤ ਫ਼ੀਸਦੀ ਮੁਸਲਮਾਨ ਬਾਰਵੀਂ ਪਾਸ ਸਨ। ਜਦ ਕਿ 2011 ਦੀ ਜਨਗਣਨਾ ਅਨੁਸਾਰ, ਬਿਹਾਰ ਵਿਚ ਲਗਭਗ 50 ਫ਼ੀਸਦੀ ਔਰਤਾਂ ਅਤੇ 40 ਫ਼ੀਸਦੀ ਮਰਦ ਅਨਪੜ੍ਹ ਹਨ। ਇਹ ਲੋਕ ਹੋਰ ਪਛਾਣ ਪੱਤਰ ਕਿਵੇਂ ਅਤੇ ਕਿੱਥੋਂ ਪੈਦਾ ਕਰਨਗੇ? ਤੇ ਕਿਵੇਂ ਆਪਣਾ ਵੋਟ ਹੱਕ ਪ੍ਰਾਪਤ ਕਰਨਗੇ?
ਬਿਹਾਰ ਚੋਣਾਂ ਵਿਚ ਹਾਲੇ 110 ਦਿਨ ਬਾਕੀ ਹਨ। ਸ਼ਾਇਦ ਪਹਿਲੀ ਵਾਰ ਹੋਵੇ ਕਿ ਬਿਹਾਰ ‘ਚ ਵੋਟ ਲਿਸਟ ਮੁੱਦਾ ਇੰਨਾ ਭਾਰੀ ਬਣਿਆ ਹੋਇਆ ਹੈ। ਮਾਹੌਲ ਗਰਮ ਹੈ। ਵਿਰੋਧੀ ਸਿਆਸੀ ਧਿਰਾਂ ਪਾਰਲੀਮੈਂਟ ਦੇ ਅੰਦਰ-ਬਾਹਰ ਹੰਗਾਮਾ ਕਰ ਰਹੀਆਂ ਹਨ। ਇਹ ਮਾਮਲਾ ਹੁਣ ਸੁਪਰੀਮ ਕੋਰਟ ਵਿਚ ਵੀ ਪਹੁੰਚ ਚੁੱਕਾ ਹੈ। ਬਿਹਾਰ ‘ਚ ਵੱਡਾ ਹੰਗਾਮਾ ਹੋਣ ਦਾ ਕਾਰਨ ਦਿੱਲੀ ਦੀ ਹਾਕਮ ਧਿਰ ਵੱਲੋਂ ਹਰ-ਹੀਲੇ ਬਿਹਾਰ ਚੋਣਾਂ ਜਿੱਤਣ ਲਈ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਹਨ। ਉਸ ਵਾਸਤੇ ਪਹਿਲਾ ਹਥਿਆਰ ਵੋਟਰਾਂ ਦੇ ‘ਸ਼ੁੱਧੀਕਰਨ’ ਦਾ ਵਰਤਿਆ ਜਾ ਰਿਹਾ ਹੈ, ਕਿਉਂਕਿ ਦਿੱਲੀ ਦੀ ਹਾਕਮ ਧਿਰ ਇਹ ਸਮਝਦੀ ਹੈ ਕਿ ਜੇਕਰ ਉਹ ਬਿਹਾਰ ਹਾਰ ਜਾਂਦੇ ਹਨ, ਤਾਂ ਨਿਤੀਸ਼ ਕੁਮਾਰ ਮੁੱਖ ਮੰਤਰੀ ਬਿਹਾਰ ਦੀ ਪਾਰਟੀ ਉਸ ਨੂੰ ਕੇਂਦਰ ਵਿਚ ਸਮਰਥਨ ਤੋਂ ਮੁੱਖ ਮੋੜ ਸਕਦੀ ਹੈ।
ਬਿਹਾਰ ਵਿਚ ਸੱਤਾਧਾਰੀ ਐਨ.ਡੀ.ਏ. ਅਤੇ ਵਿਰੋਧੀ ਗਠਜੋੜ ਇੱਕ ਦੂਜੇ ਉੱਤੇ ਹਮਲਾਵਰ ਹਨ। ਭਾਵੇਂ ਫਿਲਹਾਲ ਮੁੱਖ ਮਸਲਾ ਵੋਟਰ ਸੂਚੀ ਵਿਚੋਂ ਲੱਖਾਂ ਵੋਟਰਾਂ ਦੇ ਨਾਂ ਕੱਟੇ ਜਾਣ ਦਾ ਹੈ। ਕਿਹਾ ਜਾ ਰਿਹਾ ਹੈ ਕਿ ਕੁਝ ਅਯੋਗ ਵੋਟਰਾਂ ਦੇ ਨਾਂਵਾਂ ਤੋਂ ਇਲਾਵਾ ਬਹੁਤ ਸਾਰੇ ਯੋਗ ਵੋਟਰਾਂ ਦੇ ਨਾਂਵਾਂ ਉੱਤੇ ਵੀ ਕੈਂਚੀ ਫੇਰ ਦਿੱਤੀ ਜਾਵੇਗੀ।
ਬਿਹਾਰ ‘ਚ ਭਾਰਤੀ ਚੋਣ ਕਮਿਸ਼ਨ ਦੀ 01-08-2025 ਦੀ ਰਿਪੋਰਟ ਅਨੁਸਾਰ ਕੁੱਲ 7.9 ਕਰੋੜ ਵੋਟਰਾਂ ਵਿਚੋਂ 7.24 ਕਰੋੜ ਵੋਟਰਾਂ ਨੇ ਆਪਣੇ ਫਾਰਮ ਜਮ੍ਹਾਂ ਕਰਵਾਏ। ਕੁੱਲ ਮਿਲਾ ਕੇ 65,64,075 ਵੋਟਰਾਂ ਦੇ ਨਾਮ ਵੋਟਰ ਸੂਚੀਆਂ ‘ਚੋਂ ਕੱਟ ਦਿੱਤੇ ਗਏ, ਜਿਨ੍ਹਾਂ ਵਿਚੋਂ 36,28,210 ਪੱਕੇ ਤੌਰ ‘ਤੇ ਸੂਬਾ ਛੱਡ ਚੁੱਕੇ ਹਨ ਅਤੇ 7,01,364 ਇੱਕ ਤੋਂ ਵੱਧ ਥਾਵਾਂ ‘ਤੇ ਇਨਰੋਲ ਹੋਣ ਕਾਰਨ ਆਪਣਾ ਵੋਟ ਹੱਕ ਬਿਹਾਰ ਵਿਚੋਂ ਗੁਆ ਚੁੱਕੇ ਹਨ। ਕੁੱਲ 22,34,501 ਵੋਟਰਾਂ ਦੇ ਨਾਮ ਲੋੜੀਂਦੇ ਫਾਰਮ ਨਾ ਭਰੇ ਜਾਣ ਕਾਰਨ ਵੋਟਰ ਸੂਚੀ ਵਿਚੋਂ ਕੱਟ ਦਿੱਤੇ ਗਏ, ਜਿਨ੍ਹਾਂ ਵਿਚ ਬਿਹਾਰ ਦੇ 10 ਜ਼ਿਲਿਆਂ- ਮਧੂਬਨੀ (3,52,542), ਈਸਟ ਚੰਪਾਰਨ (3,16,793), ਪੂਰਨੀਆ (2,73,920), ਸੀਤਾਮੜੀ (2,44,962), ਪਟਨਾ (3,95,500), ਗੋਪਾਲਗੰਜ (3,10,363), ਸਮਸਤੀਪੁਰ (2,83,955), ਮੁਜ਼ੱਫਰਪੁਰ (2,82,845), ਸਾਰਨ (2,73,223), ਗਯਾ (2,45,663) ਦੇ ਲੋਕ ਸ਼ਾਮਲ ਹਨ। ਇਨ੍ਹਾਂ ਵਿਚ ਵੱਡੀ ਗਿਣਤੀ ਮੁਸਲਮਾਨਾਂ, ਗਰੀਬ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਹੈ। ਉਦਾਹਰਨ ਦੇ ਤੌਰ ‘ਤੇ ਮਧੂਬਨੀ ਵਿਚ 18 ਫ਼ੀਸਦੀ, ਈਸਟ ਚੰਪਾਰਨ ਵਿਚ 19 ਫ਼ੀਸਦੀ, ਪੂਰਨੀਆ 39 ਫ਼ੀਸਦੀ ਅਤੇ ਸੀਤਾਗੜੀ ਵਿਚ ਕੁੱਲ ਕੱਟੇ ਗਏ ਨਾਮ ਮੁਸਲਮਾਨਾਂ ਦੇ ਹਨ।
ਰਾਜਦ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੋਸ਼ ਲਗਾ ਚੁੱਕੇ ਹਨ ਕਿ ਇਹ ਸਿਰਫ਼ ਵੋਟਾਂ ਦੇਣ ਤੋਂ ਰੋਕਣਾ ਨਹੀਂ, ਬਲਕਿ ਉਨ੍ਹਾਂ ਦਾ ਰਾਸ਼ਨ ਤੋਂ ਲੈ ਕੇ ਰਿਜ਼ਰਵੇਸ਼ਨ ਤੱਕ ਹਰ ਹੱਕ ਖੋਹਣਾ ਹੈ। ਭਾਵੇਂ ਕਿ ਭਾਜਪਾ ਦਾ ਕਹਿਣਾ ਹੈ ਕਿ ਵੋਟਾਂ ਦੇ ਸ਼ੁੱਧੀਕਰਨ ਦਾ ਮਕਸਦ ਦੇਸ਼ ਵਿਰੋਧੀ ਬੰਗਲਾਦੇਸ਼ੀ ਘੁਸਪੈਠੀਆਂ ਅਤੇ ਰੋਹਿੰਗਿਆਵਾਂ ਨੂੰ ਵੋਟਰ ਸੂਚੀ ਤੋਂ ਬਾਹਰ ਕੱਢਣਾ ਹੈ।
ਬਿਹਾਰ ਵਿਚ ‘ਜੰਗਲ ਰਾਜ ਬਨਾਮ ਸੁਸ਼ਾਸਨ’ ਮੁੱਖ ਚੋਣਾਵੀ ਮੁੱਦਾ ਬਣ ਕੇ ਉਭਰ ਰਿਹਾ ਹੈ। ਰੈਲੀਆਂ, ਬੈਠਕਾਂ ਦੋਹਾਂ ਧਿਰਾਂ ਵੱਲੋਂ ਜ਼ੋਰਾਂ ‘ਤੇ ਹਨ। ਜ਼ਮੀਨੀ ਪੱਧਰ ‘ਤੇ ਦੋਵੇਂ ਧਿਰਾਂ ਲੋਕਾਂ ਤੱਕ ਪਹੁੰਚ ਕਰ ਰਹੀਆਂ ਹਨ।
ਪਹਿਲਾਂ ਦੀ ਤਰ੍ਹਾਂ ਹੀ ਬਿਹਾਰ ‘ਚ ਜਾਤੀ ਮੁੱਦਾ ਭਾਰੂ ਹੈ। ਬਿਹਾਰ ‘ਚ ਜਾਤੀ ਸਰਵੇਖਣ ਹੋ ਚੁੱਕਾ ਹੈ। ਰਾਜਦ ਅਤੇ ਭਾਜਪਾ ਜਾਤੀ ਅਧਾਰਤ ਸੰਮੇਲਨ ਕਰ ਰਹੀਆਂ ਹਨ। ਪਿਛਲੇ 60 ਦਿਨਾਂ ਵਿਚ 30 ਤੋਂ ਵੱਧ ਜਾਤੀ ਸੰਮੇਲਨ ਹੋ ਚੁੱਕੇ ਹਨ। ਦਰਅਸਲ ‘ਅਬਾਦੀ ਦੇ ਮੁਤਾਬਕ ਹੱਕ’ ਦੀ ਮੰਗ ਬਿਹਾਰ ‘ਚ ਜ਼ੋਰ ਫੜ ਚੁੱਕੀ ਹੈ। ਉਧਰ ਰਾਜਗ ਧੜਾ ‘ਦਾਮਾਦ ਆਯੋਗ’ ਵਿਰੁੱਧ ਆਪਣੀ ਲੜਾਈ ਵਿੱਢ ਚੁੱਕਾ ਹੈ। ਉਸ ਅਨੁਸਾਰ ਕੇਂਦਰੀ ਮੰਤਰੀ ਜੀਤ ਰਾਮ ਮਾਂਝੀ, ਚਿਰਾਗ ਪਾਸਵਾਨ ਅਤੇ ਸਾਂਸਦ ਅਸ਼ੋਕ ਚੌਧਰੀ ਦੇ ਦਮਾਦਾਂ ਨੂੰ ਚੇਅਰਮੈਨੀਆਂ ਮਿਲੀਆਂ ਹਨ।
ਮਹਾਂਗਠਬੰਧਨ, ਜਿਸ ਵਿਚ ਰਾਜਦ ਮੁੱਖ ਹੈ ਅਤੇ ਉਸ ਨਾਲ ਕਾਂਗਰਸ, ਖੱਬੀਆਂ ਧਿਰਾਂ ਅਤੇ ਵੀ. ਆਈ. ਪੀ. ਸ਼ਾਮਲ ਹਨ, ਸਮਾਜਿਕ ਨਿਆਂ, ਜਾਤੀ ਜਨਗਣਨਾ ਅਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਜਿਹੇ ਮੁੱਦੇ ਉਛਾਲ ਰਹੇ ਹਨ। ਉਹ ਬਿਹਾਰ ਦੀ ਕਾਨੂੰਨ ਵਿਵਸਥਾ, ਨਿਤੀਸ਼ ਦੀ ਸਿਹਤ, ਰਿਜ਼ਰਵੇਸ਼ਨ ਆਦਿ ਮੁੱਦੇ ਉਭਾਰ ਰਹੇ ਹਨ। ਉਨ੍ਹਾਂ ਵੱਲੋਂ ਰਿਜ਼ਰਵੇਸ਼ਨ ਦੀ 50% ਸੀਮਾ ਹਟਾਉਣਾ ਮੁੱਖ ਚੋਣਾਂ ਵੀ ਮੁੱਦਾ ਹੈ। ਤੇਜੱਸਵੀ ਯਾਦਵ ਵੱਲੋਂ ਬੇਰੁਜ਼ਗਾਰੀ, ਮਹਿੰਗਾਈ, ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ। ਕਾਂਗਰਸ ਵੀ ਬਿਹਾਰ ‘ਚ ਆਪਣੇ ਵੱਲੋਂ ਪੂਰੇ ਜ਼ੋਰ ਨਾਲ ਕੇਂਦਰ ਵਿਰੁੱਧ ਮੁੱਦੇ ਚੁੱਕ ਰਹੀ ਹੈ। ਜਦਕਿ ਐੱਨ.ਡੀ.ਏ. ‘ਆਪਰੇਸ਼ਨ ਸਿੰਧੂਰ’, ‘ਸੁਸ਼ਾਸਨ’, ‘ਰਾਸ਼ਟਰਵਾਦ’, ‘ਧਰਮ’, ‘ਡਬਲ ਇੰਜਨ ਸਰਕਾਰ’ ਦੇ ਨਾਅਰਿਆਂ ਨਾਲ ਅੱਗੇ ਵੱਧ ਰਹੀ ਹੈ। ਭਾਜਪਾ, ਜਦਯੂ, ਲੋਜਪਾ-ਆਰ ਸਿਆਸੀ ਧਿਰਾਂ, ਪਰਿਵਾਰਵਾਦ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨਗੀਆਂ। ਮਾਲੇਗਾਓਂ ਕੇਸ ਵਿਚ ਪ੍ਰਗਿਆ ਠਾਕੁਰ ਅਤੇ ਹੋਰ ਸਾਰਿਆਂ ਦੀ ਰਿਹਾਈ ਦੇ ਬਾਅਦ ਭਗਵਾਂ ਆਤੰਕਵਾਦ ਦੇ ਮੁੱਦੇ ‘ਤੇ ਭਾਜਪਾ, ਕਾਂਗਰਸ ਅਤੇ ਰਾਜਦ ਨੂੰ ਘੇਰੇਗੀ।
ਰਾਹੁਲ ਗਾਂਧੀ ਬਿਹਾਰ ਵਿਚ ਪੰਜ ਪ੍ਰੋਗਰਾਮ ਕਰ ਚੁੱਕੇ ਹਨ। ਅਗਸਤ ਮਹੀਨੇ ਉਹ ਬਿਹਾਰ ਯਾਤਰਾ ‘ਤੇ ਜਾਣਗੇ। ਫਰਵਰੀ ਤੋਂ ਲੈ ਕੇ ਹੁਣ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਦੌਰੇ ਬਿਹਾਰ ਦੇ ਕਰ ਚੁੱਕੇ ਹਨ। ਅਗਸਤ ਮਹੀਨੇ ਫਿਰ ਬਿਹਾਰ ਪਹੁੰਚਣਗੇ। ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਸ਼ਿਵਰਾਜ ਚੌਹਾਨ ਵਰਗੇ ਨੇਤਾ ਲਗਾਤਾਰ ਬਿਹਾਰ ਪਹੁੰਚ ਕੇ ਆਪਣੇ ਵੱਲੋਂ ਹੁਣੇ ਤੋਂ ਚੋਣ ਪ੍ਰਚਾਰ ਅਰੰਭ ਕਰ ਚੁੱਕੇ ਹਨ।
ਬਿਹਾਰ ਦੀ ਰਾਜਨੀਤੀ ਵਿਚ ਪਿਛਲੇ 35-40 ਸਾਲਾਂ ਤੋਂ ਲਾਲੂ ਪ੍ਰਸਾਦ ਅਤੇ ਨਿਤੀਸ਼ ਕੁਮਾਰ ਪ੍ਰਭਾਵਸ਼ਾਲੀ ਰਹੇ ਹਨ। ਉਨ੍ਹਾਂ ਨੇ ਬਿਹਾਰ ਦੀ ਸਿਆਸਤ ਵਿਚ ਹੀ ਨਹੀਂ, ਕੌਮੀ ਸਿਆਸਤ ਵਿਚ ਵੀ ਵਿਸ਼ੇਸ਼ ਭੂਮਿਕਾ ਨਿਭਾਈ ਹੈ। ਸ਼ਾਇਦ ਇਹ ਆਖਰੀ ਵਾਰ ਹੋਵੇ ਕਿ ਉਹ ਬਿਹਾਰ ਵਿਚ ਆਪਣੀ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਹੇ ਹੋਣ।
ਇਸ ਵਾਰ ਦੀਆਂ ਚੋਣਾਂ ਵਿਚ ਦੋਵਾਂ ਪਰਿਵਾਰਾਂ ਦੇ ਪੁੱਤਰ ਅੱਗੇ ਆ ਰਹੇ ਹਨ। ਚਰਚਾ ਨਿਤੀਸ਼ ਦੇ ਬੇਟੇ ਨਿਸ਼ਾਂਤ ਕੁਮਾਰ ਦੀ ਸਿਆਸਤ ਵਿਚ ਐਂਟਰੀ ਦੀ ਵੀ ਹੋ ਰਹੀ ਹੈ। ਲਾਲੂ ਪ੍ਰਸਾਦ ਦਾ ਪਰਿਵਾਰ ਤਾਂ ਪਹਿਲਾਂ ਹੀ ਆਪਣੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦਾ ਵੱਡਾ ਬੇਟਾ ਤੇਜ ਪ੍ਰਤਾਪ ਪਰਿਵਾਰ ਵੱਲੋਂ ਵੱਧ ਸਰਗਰਮ ਹੈ। ਦੂਜੇ ਪਾਸੇ ਪ੍ਰਸ਼ਾਂਤ ਕਿਸ਼ੋਰ ਵੀ ਬਿਹਾਰ ਵਿਚ ਆਪਣੀ ਸਿਆਸੀ ਭੂਮਿਕਾ ਨਿਭਾਉਣ ਲਈ ਤਿਆਰ ਬੈਠਾ ਹੈ।
ਚੋਣ ਸਰਗਰਮੀਆਂ ਦੇ ਦੌਰਾਨ ਦੋਵਾਂ ਧਿਰਾਂ ਦੇ ਨੇਤਾਵਾਂ ਵਿਚ ਸ਼ਬਦੀ-ਜੰਗ ਛਿੜ ਚੁੱਕੀ ਹੈ। ਨੇਤਾਵਾਂ ਵੱਲੋਂ ਸ਼ਬਦਾਂ ਦੀ ਮਰਿਆਦਾ ਭੁਲਾਈ ਜਾ ਚੁੱਕੀ ਹੈ। ਸਰਕਾਰੀ ਧਿਰ ਵੱਲੋਂ ਜਿੱਥੇ ਵੋਟਰਾਂ ਨੂੰ ਭਰਮਾਉਣ ਲਈ ਸੁਵਿਧਾਵਾਂ ਦੇਣ ਦਾ ਦੌਰ ਸ਼ੁਰੂ ਹੋ ਚੁੱਕਾ ਹੈ, ਉਥੇ ਨਿਤੀਸ਼ ਕੁਮਾਰ ਵੱਲੋਂ ਬਿਹਾਰ ਵਿਚ ਮੁਫ਼ਤ ਬਿਜਲੀ ਸਹੂਲਤ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਵੱਲੋਂ ‘ਬਿਹਾਰ-ਜੰਗ’ ਜਿੱਤਣ ਲਈ ਬਿਹਾਰ ‘ਚ ਨਵੇਂ ਪ੍ਰੋਜੈਕਟਾਂ ਦਾ ਹੜ੍ਹ ਲਿਆਂਦਾ ਜਾ ਰਿਹਾ ਹੈ। ਇਹ ਵੱਖਰੀ ਗੱਲ ਹੈ ਕਿ ਇਨ੍ਹਾਂ ਯੋਜਨਾਵਾਂ, ਪਰਿਯੋਜਨਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਬਿਹਾਰੀ ਜਨਤਾ ਤੱਕ ਪੁੱਜਦਾ ਵੀ ਹੈ ਜਾਂ ਨਹੀਂ।
ਬਿਹਾਰ ਦੇ ਲੋਕ ਅਤਿ ਦੀ ਗ਼ਰੀਬੀ ਹੰਢਾਉਂਦਿਆਂ ਪ੍ਰਵਾਸ ਦੇ ਰਾਹ ਪੈ ਗਏ ਹਨ ਅਤੇ ਪੈ ਰਹੇ ਹਨ। ਕਾਰਨ ਇੱਕੋ ਹੀ ਹੈ-ਬਿਹਾਰ ਵਿਚ ਰੁਜ਼ਗਾਰ ਦੀ ਕਮੀ ਹੈ, ਸਿੱਖਿਆ ਦੀ ਕਮੀ ਹੈ, ਭ੍ਰਿਸ਼ਟਾਚਾਰ ਜ਼ੋਰਾਂ ‘ਤੇ ਹੈ। ਗੈਂਗ ਵਾਰ, ਕਾਨੂੰਨ ਵਿਵਸਥਾ ਅਜ਼ਾਦੀ ਤੋਂ ਬਾਅਦ ਕਿਸੇ ਵੀ ਰਾਜ ਸਰਕਾਰ ਦੇ ਕਾਬੂ ‘ਚ ਨਹੀਂ ਆ ਸਕੀ। ਨਤੀਜੇ ਵਜੋਂ ਲੋਕ ਘਰ ਛੱਡ ਕੇ ਮਹਾਰਾਸ਼ਟਰ, ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰ ਸੂਬਿਆਂ ਵਿਚ ਰੁਜ਼ਗਾਰ ਲਈ ਜਾਂਦੇ ਹਨ। ਕਈ ਵਾਰੀ ਹਾਲਾਤ ਅਜਿਹੇ ਬਣ ਜਾਂਦੇ ਹਨ ਕਿ ਉਹ ਉਥੇ ਹੀ ਪੱਕੇ ਤੌਰ ‘ਤੇ ਠਹਿਰ ਜਾਂਦੇ ਹਨ। ਲੱਖਾਂ ਦੀ ਗਿਣਤੀ ਵਿਚ ਬਿਹਾਰ ਦੇ ਲੋਕ ਪੰਜਾਬ ਵਿਚ ਵੀ ਫੈਲੇ ਹੋਏ ਹਨ, ਜਿੱਥੇ ਉਹ ਆਪਣੀ ਰਿਹਾਇਸ਼ ਅਤੇ ਕਾਰੋਬਾਰ ਸਥਾਪਿਤ ਕਰ ਚੁੱਕੇ ਹਨ। ਇਨ੍ਹਾਂ ਲੋਕਾਂ ਵਿਚੋਂ ਬਹੁਤੇ ਬਾਹਰਲੇ ਸੂਬਿਆਂ ਵਿਚ ਜਾਂਦੇ ਹਨ, ਰੋਜ਼ੀ-ਰੋਟੀ ਕਮਾਉਂਦੇ ਹਨ ਅਤੇ ਤਿਥ-ਤਿਉਹਾਰਾਂ ‘ਤੇ ਘਰੀਂ ਪਰਤਦੇ ਹਨ। ਪਰ ਐਤਕੀਂ ਕਿਉਂਕਿ ਬਿਹਾਰ ਵਿਧਾਨ ਸਭਾ ਚੋਣਾਂ ਦਿਵਾਲੀ, ਦੁਸਹਿਰਾ ਆਦਿ ਤਿਉਹਾਰਾਂ ਦੇ ਨੇੜੇ ਆਉਣੀਆਂ ਹਨ, ਅਜਿਹੀ ਸਥਿਤੀ ਵਿਚ ਇਹ ਪ੍ਰਵਾਸੀ ਬਿਹਾਰੀ ਇਸ ਵਾਰ ਦੀਆਂ ਬਿਹਾਰ ਚੋਣਾਂ ਵਿਚ ਆਪਣੀ ਵੋਟ ਦੀ ਵਰਤੋਂ ਕਰਨਗੇ।
ਬਿਹਾਰ ਦੇ ਨੇਤਾਵਾਂ ਵਿਚ ਹੁਣ ਹਰਿਆਣਾ, ਪੰਜਾਬ ਅਤੇ ਮਹਾਰਾਸ਼ਟਰ ਵਾਂਗਰ ਇੱਕ ਪਾਰਟੀ ਤੋਂ ਦੂਜੀ ਪਾਰਟੀ ਵਿਚ ਆਉਣਾ-ਜਾਣਾ ਆਮ ਹੋ ਗਿਆ ਹੈ। ਇਹ ਪ੍ਰਵਿਰਤੀ ਜੋ ਕਿ ਆਮ ਲੋਕਾਂ ਨਾਲ ਧੋਖਾ ਹੈ, ਵੱਧਦੀ ਜਾ ਰਹੀ ਹੈ। ਬਿਹਾਰ ਚੋਣਾਂ ਵਿਚ ਇਹ ਦਲ-ਬਦਲੀ ਆਮ ਹੋਣ ਦੀ ਸੰਭਾਵਨਾ ਹੈ।
ਬਿਹਾਰ ਚੋਣਾਂ ‘ਚ ਕੌਣ ਜਿੱਤੇਗਾ, ਇਸ ਬਾਰੇ ਅੰਦਾਜ਼ੇ ਹੁਣੇ ਤੋਂ ਲੱਗਣੇ ਸ਼ੁਰੂ ਹੋ ਗਏ ਹਨ। ਬਹਿਸਾਂ ਸਰਵੇ, ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਜੰਗ ਤੇਜ਼ ਹੋ ਚੁੱਕੀ ਹੈ। ਬਿਹਾਰ ਵਿਚ ਸਮੀਕਰਨ ਵੀ ਬਦਲ ਰਹੇ ਹਨ। ਉਹ ਆਮ ਲੋਕ, ਜੋ ਵੋਟਾਂ ਦੇ ਸ਼ੁੱਧੀਕਰਨ ਦੀ ਭੇਂਟ ਚੜ੍ਹ ਰਹੇ ਹਨ, ਉਨ੍ਹਾਂ ਦਾ ਵਤੀਰਾ ਕੀ ਹੋਵੇਗਾ, ਇਹ ਵੇਖਣਾ ਵੀ ਦਿਲਚਸਪ ਹੋਵੇਗਾ।
ਬਿਹਾਰ ਵਿਚ ਚੋਣਾਂ ਇਸ ਵਾਰ ਮਹੱਤਵਪੂਰਨ ਹਨ, ਕਿਉਂਕਿ ਵੋਟਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਥਕੇਵੇਂ ਭਰੀ ਇੱਕ ਕਵਾਇਦ ਤੋਂ ਬਾਅਦ ਮੁੜ ਪ੍ਰਾਪਤ ਹੋਏਗਾ। ਇਸ ਅਧਿਕਾਰ ਤੋਂ ਕੁਝ ਲੋਕ ਹਾਲੇ ਵੀ ਵਿਰਵੇ ਰਹਿਣਗੇ। ਗ਼ਰੀਬ ਤੇ ਕਮਜ਼ੋਰ ਤਬਕੇ ਦੇ ਵੋਟਰ ਭਾਵੇਂ ਅਸਿੱਖਿਅਤ ਹੁੰਦੇ ਹਨ, ਪਰ ਸਮੂਹਿਕ ਰੂਪ ਵਿਚ ਆਮ ਤੌਰ ‘ਤੇ ਉਨ੍ਹਾਂ ਦੀ ਸਮਝ ਡੂੰਘੀ ਹੁੰਦੀ ਹੈ।
ਉਹ ਜਾਣਦੇ ਹਨ ਕਿ ਉਨ੍ਹਾਂ ਦੀ ਸੁਚੱਜੇ ਢੰਗ ਨਾਲ ਨੁਮਾਇੰਦਗੀ ਕਰਨ ਵਾਲਾ ਕੌਣ ਹੋ ਸਕਦਾ ਹੈ। ਉਹ ਇਹ ਵੀ ਜਾਣਦੇ ਹਨ ਕਿ ਸੱਤਾ ਵਿਚ ਭਾਵੇਂ ਕੋਈ ਵੀ ਧਿਰ ਹੋਵੇ, ਪਰ ਹਰ ਪੰਜ ਸਾਲ ਬਾਅਦ ਉਨ੍ਹਾਂ ਕੋਲ ਇੱਕ ਮੌਕਾ ਹੁੰਦਾ ਹੈ—ਸੱਤਾ ਧਿਰ ਨੂੰ ਬਾਹਰ ਦਾ ਰਸਤਾ ਵਿਖਾਉਣ ਦਾ ਜਾਂ ਘੱਟੋ-ਘੱਟ ਆਪਣੇ ਗੁੱਸੇ ਤੇ ਨਰਾਜ਼ਗੀ ਨੂੰ ਵੋਟ ਰਾਹੀਂ ਜ਼ਾਹਿਰ ਕਰਨ ਦਾ।
ਉਨ੍ਹਾਂ ਕੋਲ ਵੋਟ ਇੱਕ ਸਾਧਨ ਹੈ—ਇੱਕ ਅਧਿਕਾਰ, ਜਿਸ ਰਾਹੀਂ ਉਹ ਆਪਣੀਆਂ ਉਮੀਦਾਂ ਨੂੰ ਜ਼ਿੰਦਾ ਰੱਖਦੇ ਹਨ। ਸਮਾਜਿਕ ਹੈਸੀਅਤ ਹਾਸਿਲ ਕਰਨ ਲਈ ਵੀ ਵੋਟ ਇੱਕ ਅਹਿਮ, ਵਿਅਕਤੀਗਤ ਤੇ ਸਮੂਹਿਕ ਸੰਦ ਹੈ।
