ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ 3 ਨਵੰਬਰ ਨੂੰ

ਗੋਬਿੰਦ ਸਿੰਘ ਲੌਂਗੋਵਾਲ ਦੇ ਸਕਦੇ ਹਨ ਧਾਮੀ ਨੂੰ ਟੱਕਰ
ਅੰਮ੍ਰਿਤਸਰ:3 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਹੋਵੇਗਾ ਜਿਸ ਵਿੱਚ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤਰਿਮ ਕਮੇਟੀ ਦੇ 11 ਮੈਂਬਰਾਂ ਦੀ ਵੀ ਚੋਣ ਹੋਵੇਗੀ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਵਿੱਚ ਦੱਸਿਆ ਕਿ 3 ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਪ੍ਰਧਾਨ ਦੀ ਚੋਣ ਦੇ ਨਾਲ-ਨਾਲ ਹੋਰ ਵੀ ਮੁੱਦਿਆਂ ‘ਤੇ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
ਇਸ ਦੇ ਨਾਲ ਹੀ ਇਹ ਅਟਕਲਾਂ ਵੀ ਤੇਜ਼ ਹੋ ਗਈਆਂ ਹਨ ਕਿ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਨਵੇਂ ਬਣੇ ਅਕਾਲੀ ਦਲ ਦੇ ਆਗੂ ਗੋਬਿੰਦ ਸਿੰਘ ਲੌਂਗੋਵਾਲ ਨੂੰ ਚੋਣ ਲੜਾਈ ਜਾਵੇ। ਲੌਂਗੋਵਾਲ ਪਹਿਲਾਂ ਵੀ ਦੋ ਵਾਰ ਸ਼ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁਕੇ ਹਨ। ਇਹ ਲੜਾਈ ਕਾਫੀ ਦਿਲਚਸਪ ਹੋ ਸਕਦੀ ਹੈ। ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਵਧੀਆਂ ਹੋਈਆਂ ਸਰਗਰਮੀਆਂ ਅਜੇਹੇ ਸੰਕੇਤ ਦੇ ਰਹੀਆਂ ਹਨ ਕਿ ਸੁਖਬੀਰ ਸਿੰਘ ਬਾਦਲ ਵਾਲੇ ਅਕਾਲੀ ਦਲ ਲਈ ਆਉਣ ਵਾਲਾ ਸਮਾਂ ਬੇਹੱਦ ਮੁਸ਼ਕਿਲ ਹੋ ਸਕਦਾ ਹੈ।ਕੇੰਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ “ਬੇਅਦਬੀ ਦੇ ਦਾਗਾਂ ਵਾਲਿਆਂ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ“ ਕਹਿ ਕੇ ਸਪੱਸ਼ਟ ਕਰ ਦਿੱਤਾ ਹੈ ਕਿ 2027 ਦੀਆਂ ਵਿਧਾਨ ਸਭਾ ਵੀ ਭਾਰਤੀ ਜਨਤਾ ਪਾਰਟੀ ਇਕੱਲੀ ਹੀ ਲੜੇਗੀ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਚਾਨਕ ਚੋਣ ਦਾ ਐਲਾਨ ਕਰਨ ਪਿੱਛੇ ਕੀ ਰਹੱਸ ਹੈ ਇਹ ਅਜੇ ਸਪੱਸ਼ਟ ਹੋਣਾ ਹੈ। ਇਹ ਚੋਣ ਹਰ ਸਾਲ ਨਵੰਬਰ ਦੇ ਅਖੀਰ ਵਿਚ ਹੁੰਦੀ ਹੈ।ਪਰ ਇਸ ਵਾਰ ਨਵੰਬਰ ਦੇ ਸ਼ੁਰੂ ਵਿੱਚ ਹੀ ਕਰਵਾਈ ਜਾ ਰਹੀ ਹੈ।