ਅੰਮ੍ਰਿਤਸਰ:ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਅਕਾਲੀ ਦਲ ਬਾਦਲ ਵਲੋਂ ਪੰਜਵੀਂ ਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਪ੍ਰਧਾਨਗੀ ਅਹੁਦੇ ਲਈ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਰੋਧੀ ਧਿਰ ਅਕਾਲੀ ਦਲ ਪੁਨਰ ਸੁਰਜੀਤ ਦੇ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਵੱਡੇ ਫਰਕ ਨਾਲ ਹਰਾ ਕੇ
ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਗਏ। ਕੁੱਲ ਪਈਆਂ 136 ਵੋਟਾਂ ‘ਚੋਂ 117 ਵੋਟਾਂ ਸ. ਧਾਮੀ ਨੇ ਪ੍ਰਾਪਤ ਕਰਕੇ ਜਿੱਤ ਹਾਸਿਲ ਕੀਤੀ, ਜਦੋਂ ਕਿ ਸ.ਕਾਹਨੇਕੇ ਨੂੰ ਕੇਵਲ 18 ਵੋਟਾਂ ਪਈਆਂ ਤੇ 1 ਵੋਟ ਰੱਦ ਹੋਈ। ਇਜਲਾਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਸਨ।ਜਨਰਲ ਇਜਲਾਸ ਦੌਰਾਨ ਹਰਜਿੰਦਰ ਸਿੰਘ ਧਾਮੀ ਦਾ ਪ੍ਰਧਾਨ ਵਜੋਂ ਨਾਂਅ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਤਾਈਦ ਮਜੀਦ ਭਾਈ ਰਾਜਿੰਦਰ ਸਿੰਘ ਮਹਿਤਾ ਵਲੋਂ ਕੀਤੀ ਗਈ। ਧਾਮੀ ਦੇ ਮੁਕਾਬਲੇ ਵਿਰੋਧੀ ਧਿਰ ਦੇ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਦਾ ਨਾਂਅ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਈਦ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਤਾਈਦ ਮਜੀਦ ਜਥੇ: ਅਮਰੀਕ ਸਿੰਘ ਸ਼ਾਹਪੁਰ ਨੇ ਕੀਤੀ। 11 ਮੈਂਬਰੀ ਅੰਤ੍ਰਿੰਗ ਕਮੇਟੀ ਬਣਾਉਣ ਲਈ ਅਮਰਜੀਤ ਸਿੰਘ ਬੰਡਾਲਾ ਨੇ ਤਜਵੀਜ਼ ਪੇਸ਼ ਕੀਤੀ, ਜਿਸ ‘ਤੇ ਗੁਰਿੰਦਰਪਾਲ ਸਿੰਘ ਗੋਰਾ ਤੇ ਗੁਰਪ੍ਰੀਤ ਸਿੰਘ ਝੱਬਰ ਨੇ ਮੋਹਰ ਲਗਾਈ। ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਚਲਾਈ ਗਈ। ਬੀਬੀ ਜਗੀਰ ਕੌਰ ਨੇ
ਵੀ ਪਾਈ ਵੋਟ
ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੀ ਇਜਲਾਸ ਵਿਚ ਸ਼ਿਰਕਤ ਕਰਨ ਲਈ ਪੁੱਜੇ, ਪਰ ਸਿਹਤ ਠੀਕ ਨਾ ਹੋਣ ਕਾਰਨ ਉਹ ਇਜਲਾਸ ਵਾਲੇ ਹਾਲ ‘ਚ ਪੁੱਜ ਨਹੀਂ ਸਕੇ, ਜਿਸ ‘ਤੇ ਉਨ੍ਹਾਂ ਦੀ ਵੋਟ ਚੋਣ ਅਧਿਕਾਰੀਆਂ ਵਲੋਂ ਨਿਯੁਕਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਲੰਗਰ ਗੁਰੂ ਰਾਮਦਾਸ ਜੀ ਵਿਖੇ ਮੈਨੇਜਰ ਦੇ ਕਮਰੇ ਵਿਚ ਜਿੱਥੇ ਉਹ ਬੈਠੇ ਹੋਏ ਸਨ, ਵਿਖੇ ਜਾ ਕੇ ਪਵਾਈ ਗਈ।
ਸਾਰੇ ਅਹੁਦੇਦਾਰ
ਪਹਿਲਾਂ ਵਾਲੇ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਿਥੇ ਮੁੜ ਪ੍ਰਧਾਨ ਚੁਣੇ ਗਏ, ਉਥੇ ਬਾਕੀ ਤਿੰਨ ਅਹੁਦੇਦਾਰ ਵੀ ਪਿਛਲੇ ਸਾਲ ਵਾਲੇ ਰਹੇ। ਅਕਾਲੀ ਦਲ ਬਾਦਲ ਧੜੇ ਦੇ ਹੀ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡਵਾਲਾ। ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਚੁਣੀ ਗਈ। 11 ਮੈਂਬਰੀ ਅੰਤ੍ਰਿੰਗ ਕਮੇਟੀ ‘ਚ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ ਤੇ ਮਿੱਠੂ ਸਿੰਘ ਕਾਹਨੇਕੇ ਨੂੰ ਸ਼ਾਮਿਲ ਕੀਤਾ ਗਿਆ।
ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਧਾਮੀ ਤੇ ਹੋਰ ਅਹੁਦੇਦਾਰ
ਐਡਵੋਕੇਟ ਧਾਮੀ ਸਮੇਤ ਹੋਰ ਅਹੁਦੇਦਾਰ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਵਲੋਂ ਸਿਰੋਪਾਓ ਦੇ ਕੇ ਸਤਿਕਾਰ ਕੀਤਾ ਗਿਆ। ਇਸ ਮਗਰੋਂ ਐਡਵੋਕੇਟ ਧਾਮੀ ਨੇ ਆਪਣੇ ਦਫ਼ਤਰ ਵਿਖੇ ਮੁੜ ਪ੍ਰਧਾਨਗੀ ਕਾਰਜ ਭਾਰ ਸੰਭਾਲਿਆ।
