ਸੰਗਰੂਰ:ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਹਰ ਉਸ ਸਕੀਮ ਦਾ ਵਿਰੋਧ ਕੀਤਾ ਜਾਵੇਗਾ ਜੋ ਪੰਜਾਬ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਉਂਦੀ ਹੋਵੇ। ਇਸੇ ਸੰਬੰਧ ਵਿਚ ਮਨਰੇਗਾ ਦੀ ਥਾਂ ਨਵੀਂ ਸਕੀਮ ‘ਜੀ ਰਾਮ ਜੀ’ ਦਾ ਵਿਰੋਧ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬਲਾਇਆ ਗਿਆ ਹੈ, ਜਿਸ ਵਿਚ ਸਾਰੀਆਂ ਧਿਰਾਂ ਨੂੰ ਬੋਲਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਭਾਜਪਾ ਮੈਂਬਰ ਵੀ ਆਪਣੀ ਗੱਲ ਰੱਖ ਸਕਣਗੇ।
ਇਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਂਅ ਬਦਲਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਂਅ ਬਦਲਣ ਨਾਲ ਗ਼ਰੀਬਾਂ ਦਾ ਢਿੱਡ ਨਹੀਂ ਭਰਨਾ, ਪਰ ਦਿਹਾੜੀਦਾਰ ਮਜ਼ਦੂਰ ਸਿਰਫ਼ ਇਸ ਗੱਲ ਦੀ ਪਰਵਾਹ ਕਰਦੇ ਹਨ ਕਿ ਉਨ੍ਹਾਂ ਨੂੰ ਕੰਮ ਮਿਲਦਾ ਰਹੇ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਪਾਲ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਲਾਹਾਬਾਦ ਦਾ ਨਾਂਅ ਬਦਲ ਕੇ ਪ੍ਰਯਾਗਰਾਜ ਰੱਖਿਆ ਗਿਆ ਜਾਂ ਜਦੋਂ ਸਰਾਏ ਕਾਲੇ ਖਾਨ ਸਟੇਸ਼ਨ ਦਾ ਨਾਂਅ ਬਦਲ ਕੇ ਦੀਨ ਦਿਆਲ ਉਪਾਧਿਆਏ ਨਗਰ ਰੱਖਿਆ ਗਿਆ ਤਾਂ ਲੋਕਾਂ ਦੇ ਹਿਤ ‘ਚ ਸ਼ਾਇਦ ਹੀ ਕੋਈ ਬਦਲਾਅ ਦੇਖਿਆ ਗਿਆ ਹੋਵੇ । ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਕਿ ਨਾਂਅ ਬਦਲਣ ਤੋਂ ਬਾਅਦ ਇਨ੍ਹਾਂ ਸ਼ਹਿਰਾਂ ‘ਚ ਸਫ਼ਾਈ ਸੰਬੰਧੀ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿ ਸ਼ਹਿਰਾਂ ਦੇ ਨਾਂਅ ਬਦਲਣ ਵਾਲਿਆਂ ਨੇ ਅਜੇ ਤੱਕ ਦੇਸ਼ ਦਾ ਨਾਂਅ ਨਹੀਂ ਬਦਲਿਆ। ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੇ ਆਗੂ ਅਜੇ ਵੀ ਨਾਵਾਂ ‘ਤੇ ਬਹਿਸ ਕਰਨ ‘ਚ ਹੀ ਰੁੱਝੇ ਹੋਏ ਹਨ, ਜਦੋਂ ਕਿ ਸੂਬਾ ਸਰਕਾਰ ਦਾ ਧਿਆਨ ਅਸਲ ਕੰਮਾਂ ਅਤੇ ਮੁੱਦਿਆਂ ਵੱਲ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਜਲਦ ਹੀ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜੋ 65 ਲੱਖ ਪਰਿਵਾਰਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਜਨਤਾ ਦੀ ਭਲਾਈ ਲਈ ਅਗਲੇ ਬਜਟ ਇਜਲਾਸ ‘ਚ ਕਈ ਹੋਰ ਲੋਕ ਪੱਖੀ ਯੋਜਨਾਵਾਂ ਪੇਸ਼ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਏ.ਆਈ. ਤਕਨਾਲੋਜੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਨਿੰਦਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਤਕਨਾਲੋਜੀ ਕਾਰਨ ਉਹ ਆਪਣੇ ਅਸਲ ਕੰਮਾਂ ਤੋਂ ਭਟਕ ਰਹੇ ਹਨ।
