ਅੰਮ੍ਰਿਤਸਰ:ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਅਹਿਮ ਫ਼ੈਸਲੇ ਲਏ ਗਏ, ਜਿਸ ‘ਚ 328 ਪਾਵਨ ਸਰੂਪਾਂ ਦਾ ਮਾਮਲਾ ਵਿਚਾਰ ਕੇ ਸਰਕਾਰ ਨੂੰ ਸਖ਼ਤ ਤਾੜਨਾ ਕੀਤੀ ਗਈ।
ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਬੇਹੱਦ ਗੰਭੀਰ ਮਾਮਲਾ ਵਿਚਾਰਿਆ ਗਿਆ। ਸ੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤ ਇਸ ਮਾਮਲੇ ਨੂੰ ਲੈ ਕੇ ਚਿੰਤਤ ਹੈ। ਭਾਰਤ ਦੇ ਸੰਵਿਧਾਨ ਮੁਤਾਬਕ ਕੋਈ ਵੀ ਸਰਕਾਰ ਕਿਸੇ ਵੀ ਧਰਮ ਦੇ ਅੰਦਰੂਨੀ ਮਸਲਿਆਂ ਅੰਦਰ ਸਿੱਧੇ ਜਾਂ ਅਸਿੱਧੇ ਰੂਪ ‘ਚ ਦਖ਼ਲਅੰਦਾਜ਼ੀ ਨਹੀਂ ਕਰ ਸਕਦੀ। ਪਰ ਲੰਬੇ ਸਮੇਂ ਤੋਂ ਦੇਸ਼ ਤੇ ਸੂਬਿਆਂ ਦੇ ਹੁਕਮਰਾਨਾਂ ਵੱਲੋਂ ਪੰਥਕ ਸੰਸਥਾਵਾਂ ਤੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ ‘ਚ ਲਗਾਤਾਰ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਜੋ ਮਸਲਾ ਸੰਗਤ ਦੀ ਨੁਮਾਇੰਦਾ ਸਿੱਖ ਸੰਸਥਾ ਆਪ ਹੱਲ ਕਰ ਸਕਦੀ ਹੈ ਉਸ ਵਾਸਤੇ ਸਰਕਾਰ ਤੇ ਪੁਲਿਸ ਨੂੰ ਸ਼ਾਮਲ ਕਰਨ ਦੀ ਕੋਈ ਤੁਕ ਨਹੀਂ ਬਣਦੀ। ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਨੂੰਨੀ ਕਾਰਵਾਈ ਨੂੰ ਸ. ਈਸ਼ਰ ਸਿੰਘ ਵੱਲੋਂ ਕੀਤੀ ਜਾਂਚ ਰਿਪੋਰਟ ਨੂੰ ਆਧਾਰ ਬਣਾ ਕੇ ਜਾਇਜ਼ ਠਹਿਰਾਇਆ ਜਾ ਰਿਹਾ ਹੈ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬਣੇ ਡਾ. ਈਸ਼ਰ ਸਿੰਘ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਪੰਨਾ ਨੰਬਰ 230 ਉੱਤੇ ਸਪੱਸ਼ਟ ਲਿਖਿਆ ਹੈ ਕਿ, “ਇਹ ਨਾ ਖਿਆਲ ਕਰੋ ਕਿ ਸਰਕਾਰੀ ਕਾਨੂੰਨ ਜਾਂ ਪੁਲਿਸ ਥਾਣਾ ਇਸ ਪਾਵਨ ਸਰੂਪਾਂ ਦੇ ਮਸਲੇ ਨੂੰ ਸਹੀ ਤਰੀਕੇ ਨਾਲ ਨਜਿੱਠ ਲਵੇਗਾ।
ਸੰਸਾਰ ‘ਚ ਵੀ ਰਿਸ਼ਵਤ ਬੜੇ ਪੱਧਰ ‘ਤੇ ਚਲਦੀ ਹੈ, ਉੱਥੇ ਵੀ ਪੈਸਿਆਂ ਨਾਲ ਫੈਸਲੇ ਬਦਲੇ ਜਾਂਦੇ ਹਨ ਤੇ ਥਾਣਿਆਂ ਵਿੱਚ ਕੇਸ ਕਮਜ਼ੋਰ ਕੀਤੇ ਜਾ ਸਕਦੇ ਹਨ। ਕਿਉਂ ਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਚਨਾਂ ਤੇ ਇਸ ਮਾਮਲੇ ਨੂੰ ਹੱਲ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਅਦਾਰੇ ਨੂੰ ਯੋਗ ਤਰੀਕੇ ਨਾਲ ਇਸਤੇਮਾਲ ਕਰੇ। ਸ੍ਰੀ ਅਕਾਲ ਤਖਤ ਸਾਹਿਬ ਪਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਵੱਲੋਂ ਪੰਜਾਬ ਪੁਲਿਸ ਕੋਲ ਦਰਜ ਕਰਵਾਈਆਂ ਅਜਿਹੀਆਂ ਸ਼ਿਕਾਇਤਾਂ ਦੀ ਲੰਬੀ ਸੂਚੀ ਹੈ ਜੋ ਸਿੱਖਾਂ ਵਿਰੁੱਧ ਕੀਤੇ ਜਾਂਦੇ ਨਫਰਤੀ ਪ੍ਰਚਾਰ ਸੰਬੰਧੀ ਪੁਲਿਸ ਨੂੰ ਕਾਰਵਾਈ ਲਈ ਦਿੱਤੀਆਂ ਗਈਆਂ ਹਨ। ਪਰ ਪੁਲਿਸ ਨੇ ਸਿੱਖਾਂ, ਸਿੱਖ ਸਿਧਾਂਤਾਂ ਤੇ ਸੰਸਥਾਵਾਂ ਵਿਰੁੱਧ ਕੀਤੇ ਜਾ ਰਹੇ ਇਸ ਨਫ਼ਰਤੀ ਪ੍ਰਚਾਰ ਦੇ ਦੋਸ਼ੀਆਂ ਵਿਰੁੱਧ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ। ਦੂਜੇ ਪਾਸੇ ਨਿਹੰਗ ਬਾਣੇ ‘ਚ ਹੋਣ ਕਰ ਕੇ ਇੱਕ ਸਿੱਖ ‘ਤੇ ਖਿਡੌਣਾ ਬੰਦੂਕ ਦਿਖਾਉਣਾ ਵੀ ਵੱਡਾ ਅਪਰਾਧ ਹੋ ਜਾਂਦਾ ਹੈ ਤੇ ਪਰਚਾ ਦਰਜ ਕਰ ਦਿੱਤਾ ਜਾਂਦਾ ਹੈ। ਅਜਿਹੇ ਵਿੱਚ ਸਰਕਾਰ ਤੇ ਪੁਲਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦੂਰਨੀ ਮਾਮਲੇ ਦੀ ਪੜਤਾਲ ਕਰਨ ਦਾ ਹੱਕ ਦੇਣ ਦੀ ਮੰਗ ਗੈਰ-ਵਾਜਬ ਹੈ।
ਇਸੇ ਤਰ੍ਹਾਂ ਰਿਪੋਰਟ ਦੇ ਪੰਨਾ ਨੰਬਰ 231 ‘ਤੇ ਸਪੱਸ਼ਟ ਲਿਖਿਆ ਹੈ, ਜਿਸ ਨੂੰ ਲੈ ਕੇ ਹੁਣ ਵੀ ਪੂਰੀ ਸਿੱਖ ਕੌਮ ਚਿੰਤਤ ਹੈ ਕਿ, ‘ਪੜਤਾਲ ਕਮਿਸ਼ਨ ਦਾ ਇਹ ਮੰਨਣਾ ਹੈ ਤੇ ਗੁਰਮਤਿ ਅਨੁਸਾਰ ਇਹ ਸੁਝਾਅ ਦਿੰਦਾ ਹੈ ਕਿ ਇਨ੍ਹਾਂ ਪਾਵਨ ਸਰੂਪਾਂ ਦੇ ਮਸਲਿਆਂ ਦਾ ਕੋਈ ਵੀ ਸਿਆਸੀ ਪਾਰਟੀ ਆਪਣਾ ਸ਼ਖ਼ਸੀ ਲਾਭ ਉਠਾਉਣ ਦਾ ਯਤਨ ਨਾ ਕਰੇ, ਜੇਕਰ ਕੋਈ ਵੀ ਸਿਆਸੀ ਪਾਰਟੀ ਅਜਿਹਾ ਕਰਨ ਦਾ ਯਤਨ ਕਰੇਗੀ, ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਜਵਾਬਦੇਹ ਹੋਵੇਗੀ ਅਤੇ ਪੰਥ ਦੋਖੀ ਹੋਵੇਗੀ। ਗਿਆਨੀ ਗੜਗੱਜ ਨੇ ਕਿਹਾ ਕਿ ਉਸ ਵੇਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਵੰਬਰ 2020 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਹਾੜੇ ਦੀ ਸ਼ਤਾਬਦੀ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਇਤਿਹਾਸਕ ਮੰਚ ‘ਤੇ ਕਰਵਾਏ ਗਏ ਸਮਾਗਮ ਵਿਚ ਕਹੇ ਬੋਲਾਂ ਅਨੁਸਾਰ, ਇਹ ਪ੍ਰਬੰਧਕੀ ਭ੍ਰਿਸ਼ਟਾਚਾਰ ਦਾ ਮਾਮਲਾ ਹੈ।
ਸਬੰਧਤ ਮੁਲਾਜ਼ਮਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਨੂੰ ਦਿੱਤੇ ਪਰ ਭੇਟਾ ਫੰਡਾਂ ‘ਚ ਜਮ੍ਹਾਂ ਨਹੀਂ ਕਰਵਾਈ, । ਇਹ ਪੈਸਿਆਂ ਦਾ ਘਪਲਾ ਹੈ। ਜਿਹੜੇ ਮੁਲਾਜ਼ਮਾਂ ਨੇ ਪੈਸੇ ਖਾਧੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਬਰਖਾਸਤ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਸਬੰਧੀ ਸਥਿਤੀ ਸਪੱਸ਼ਟ ਕਰਨ ਦੇ ਨਾਲ-ਨਾਲ ਹੋਈ ਅਣਗਹਿਲੀ ਦਾ ਅਹਿਸਾਸ ਕਰ ਚੁੱਕੀ ਹੈ।
