ਰਿਸ਼ਵਤ ਮਾਮਲੇ `ਚ ਡੀ.ਆਈ.ਜੀ. ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ:ਪੰਜਾਬ ਪੁਲਿਸ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ,

ਜਿਸ ਨਾਲ ਉਨ੍ਹਾਂ ਨੂੰ ਫਿਲਹਾਲ 1 ਕੋਈ ਰਾਹਤ ਨਹੀਂ ਮਿਲ ਰਹੀ। ਹਾਲਾਂਕਿ ਉਨ੍ਹਾਂ ਨੂੰ ਪਹਿਲਾਂ ਹੀ ਹੇਠਲੀ ਅਦਾਲਤ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਇੱਕ ਵੱਖਰੇ ਮਾਮਲੇ ਵਿੱਚ ਜ਼ਮਾਨਤ ਦਿੱਤੀ ਜਾ ਚੁੱਕੀ ਹੈ ਪਰ ਉਹ ਰਿਸ਼ਵਤ ਮਾਮਲੇ ਵਿੱਚ ਮਾਡਲ ਜੇਲ੍ਹ, ਚੰਡੀਗੜ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ।
ਸੁਣਵਾਈ ਦੌਰਾਨ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਕੇਂਦਰ ਸਰਕਾਰ ਨੇ ਭੁੱਲਰ ‘ਤੇ ਮੁਕੱਦਮਾ ਚਲਾਉਣ ਲਈ ਜ਼ਰੂਰੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਮੁਕੱਦਮਾ ਅੱਗੇ ਵਧਣ ਦਾ ਰਾਹ ਪੱਧਰਾ ਹੋ ਗਿਆ ਹੈ। ਜਾਂਚ ਏਜੰਸੀ ਨੇ ਇਹ ਵੀ ਕਿਹਾ ਕਿ ਜਾਂਚ ਦੌਰਾਨ ਇਕੱਠੇ ਕੀਤੇ ਗਏ ਸਬੂਤ ਗੰਭੀਰ ਕਿਸਮ ਦੇ ਹਨ ਅਤੇ ਮੁਲਜ਼ਮ ਦੀ ਹਿਰਾਸਤ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਅਤੇ ਨਿਆਂਇਕ ਪ੍ਰਕਿਰਿਆ ਨੂੰ ਪ੍ਰਭਾਵਿਤ ਹੋਣ ਤੋਂ ਰੋਕਣ ਲਈ ਜ਼ਰੂਰੀ ਹੈ। ਭੁੱਲਰ ਵੱਲੋਂ ਦਾਇਰ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਉਸ ਨੇ ਜਾਂਚ ਵਿੱਚ ਪੂਰਾ ਸਹਿਯੋਗ ਕੀਤਾ ਹੈ ਅਤੇ ਲੰਬੇ ਸਮੇਂ ਤੋਂ ਨਿਆਂਇਕ ਹਿਰਾਸਤ ਵਿੱਚ ਹੈ, ਇਸ ਲਈ ਉਸ ਨੂੰ ਨਿਯਮਤ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।
ਬਚਾਅ ਪੱਖ ਨੇ ਇਹ ਵੀ ਦਲੀਲ ਦਿੱਤੀ ਕਿ ਭੁੱਲਰ ਵੱਲੋਂ ਖੁਦ ਕੋਈ ਸਿੱਧੀ ਰਿਸ਼ਵਤ ਦੀ ਮੰਗ ਜਾਂ ਵਸੂਲੀ ਨਹੀਂ ਕੀਤੀ ਗਈ ਸੀ ਅਤੇ ਉਸ ਨੂੰ ਸਿਰਫ਼ ਕਥਿਤ ਵਿਚੋਲੇ ਦੇ ਬਿਆਨਾਂ ਦੇ ਆਧਾਰ ‘ਤੇ ਫਸਾਇਆ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਕਾਨੂੰਨੀ ਪ੍ਰਕਿਰਿਆ ਬਾਰੇ ਵੀ ਸਵਾਲ ਉਠਾਏ ਗਏ ਸਨ। ਸੀਬੀਆਈ ਅਨੁਸਾਰ, ਭੁੱਲਰ ਅਤੇ ਉਸ ਦੇ ਕਥਿਤ ਵਿਚੋਲੇ ਕ੍ਰਿਸ਼ਣੂ ਵਿਰੁੱਧ 16 ਅਕਤੂਬਰ, 2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।