ਮੁੱਖ ਮੰਤਰੀ ਵਲੋਂ ‘ਸਾਰੀਆਂ ਗਾਰੰਟੀਆਂ ਪੂਰੀਆਂ` ਕਰਨ ਦਾ ਦਾਅਵਾ

ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦਾ ‘‘ਸਾਰੀਆਂ ਗਰੰਟੀਆਂ ਪੂਰੀਆਂ“ ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਬਜਟ ਵਿਚ ਸੂਬੇ ਭਰ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫ਼ਤ ਬੱਸ ਯਾਤਰਾ, ਮੁਫ਼ਤ ਬਿਜਲੀ ਤੇ ਨਕਦੀ ਰਹਿਤ ਸਿਹਤ ਸੰਭਾਲ ਵਰਗੀਆਂ ਸਹੂਲਤਾਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ। ਬਜਟ ਪੇਸ਼ ਹੋਣ ਤੋਂ ਬਾਅਦ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਮਾਜ ਦੇ ਹਰ ਵਰਗ ਦਾ ਧਿਆਨ ਰੱਖਣ ਵਾਲਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਬਜਟ ਨਹੀਂ ਹੈ ਸਗੋਂ ਰਾਜ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਦਾ ਹਲਫ਼ਨਾਮਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੇ ਬਜਟ ਅਕਸਰ ਕਾਗਜ਼ੀ ਐਲਾਨਾਂ ਤੱਕ ਸੀਮਤ ਰਹਿੰਦੇ ਸਨ, ਜਦਕਿ ਲੋਕਾਂ ਨੂੰ ਅਸਲ ਮਾਅਨੇ ਵਿਚ ਇਨ੍ਹਾਂ ਦੀ ਕੋਈ ਬਹੁਤਾ ਲਾਭ ਨਹੀਂ ਸੀ ਹੁੰਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੇਸ਼ ਹੋਏ ਬਜਟ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਠੋਸ ਨੀਤੀਆਂ ਲਿਆਉਣ ਦੀ ਬਜਾਏ ਸਦਾ ਬਿਆਨਬਾਜ਼ੀ ਅਤੇ ਕਾਵਿਕ ਹਵਾਲਿਆਂ ਤੱਕ ਸੀਮਤ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਸਸ਼ਕਤ ਕਰਨ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦੀ ਰਹਿਤ ਇਲਾਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਨਕਦੀ ਰਹਿਤ ਇਲਾਜ, ਮੁਫਤ ਬੱਸ ਯਾਤਰਾ, ਮੁਫਤ ਬਿਜਲੀ, 1000 ਰੁਪਏ ਪ੍ਰਤੀ ਮਹੀਨਾ ਅਤੇ ਅਜਿਹੀਆਂ ਕਈ ਹੋਰ ਪਹਿਲਕਦਮੀਆਂ ਔਰਤਾਂ ਨੂੰ ਸਸ਼ਕਤ ਬਣਾਉਂਦਿਆਂ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਆਪਣੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਢੁਕਵੇਂ ਵਿੱਤੀ ਸਰੋਤ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਾਡੇ ਇਰਾਦੇ ਸਪੱਸ਼ਟ ਅਤੇ ਇਮਾਨਦਾਰ ਹਨ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਿੱਤੀ ਪ੍ਰਬੰਧਨ ਵਿਚ ਸੁਧਾਰ ਕਰਦਿਆਂ ਇਹ ਯਕੀਨੀ ਬਣਾਇਆ ਹੈ ਕਿ ਜਨਤਕ ਫੰਡਾਂ ਦੀ ਵਰਤੋਂ ਲੋਕ ਭਲਾਈ ਅਤੇ ਵਿਕਾਸ ਲਈ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਜਿਸ ਸਦਕਾ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ‘ਚ ਵੱਡੇ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਜਿਸ ਦੇ ਚਲਦਿਆਂ ਸੂਬੇ ਭਰ ‘ਚ ਸਕੂਲ, ਹਸਪਤਾਲ, ਸੜਕਾਂ ਅਤੇ ਆਮ ਆਦਮੀ ਕਲੀਨਿਕ ਬਣ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਬਿਜਲੀ ਸਪਲਾਈ ਵਿਚ ਸੁਧਾਰ, ਸਿੰਚਾਈ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਤੇ ਕਿਸਾਨਾਂ ਨੂੰ ਨਿਰਵਿਘਨ ਤੇ ਲੋੜੀਂਦੀ ਬਿਜਲੀ ਬਿਜਲੀ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਦੇਸ਼ਾਂ ਲਈ ਥਰਮਲ ਪਾਵਰ ਪਲਾਂਟ ਖਰੀਦੇ ਜਾ ਰਹੇ ਹਨ, ਨਹਿਰੀ ਪਾਣੀ ਟੇਲਾਂ ‘ਤੇ ਵਸਦੇ ਕਿਸਾਨਾਂ ਤੱਕ ਪਹੁੰਚ ਰਿਹਾ ਹੈ ਤੇ ਖਪਤਕਾਰਾਂ ਨੂੰ ਲਾਭ ਪਹੁੰਚਾਉਣ ਲਈ ਬਿਜਲੀ ਦਰਾਂ ਨੂੰ ਤਰਕਸੰਗਤ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ‘ਚ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਦੇ ਨਾਲ-ਨਾਲ ਇਸ ਤੋਂ ਵਧ ਕੇ ਹੋਰ ਵੀ ਕਈ ਕੰਮ ਕੀਤੇ ਹਨ ਜਿਨ੍ਹਾਂ ਵਿਚ ਆਮ ਲੋਕਾਂ ‘ਤੇ ਬੋਝ ਪਾ ਰਹੇ ਟੋਲ ਪਲਾਜ਼ਿਆਂ ਨੂੰ ਬੰਦ ਕਰਨਾ ਆਦਿ ਸ਼ਾਮਲ ਹੈ।