ਸਾਬਕਾ ਮੰਤਰੀ ਲਾਲਜੀਤ ਭੁੱਲਰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ

ਮੰਡੀ ਗੋਬਿੰਦਗੜ੍ਹ/ਅੰਮ੍ਰਿਤਸਰ:ਵੇਅਰ ਹਾਊਸ ਕਾਰਪੋਰੇਸ਼ਨ ਅੰਮ੍ਰਿਤਸਰ ਤੇ ਤਰਨਤਾਰਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੇ ਚਰਚਿਤ ਖ਼ੁਦਕੁਸ਼ੀ ਕੇਸ ‘ਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਦੁਪਹਿਰ ਤਿੰਨ ਵਜੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਦੀ ਪੁਸ਼ਟੀ ਅੰਮ੍ਰਿਤਸਰ ਦੇ ਡੀਸੀਪੀ ਰਵਿੰਦਰਪਾਲ ਸਿੰਘ ਸੰਧੂ ਨੇ ਕੀਤੀ ਹੈ। ਇਸ ਤੋਂ ਪਹਿਲਾਂ ਰੰਧਾਵਾ ਦੇ ਪਰਿਵਾਰ ਨੇ ਸੋਮਵਾਰ ਦੀ ਸਵੇਰ ਪੁਲਿਸ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇ 24 ਘੰਟੇ ‘ਚ ਤੁੱਲਰ ਸਮੇਤ ਸਾਰੇ ਦੇਸ਼ੀ ਗ੍ਰਿਫ਼ਤਾਰ ਨਹੀਂ ਹੁੰਦੇ ਤਾਂ ਉਹ ਸੜਕ ‘ਤੇ ਉਤਰਨ ਲਈ ਮਜਬੂਰ ਹੋਣਗੇ। ਇਹੀ ਨਹੀਂ, ਗਗਨਦੀਪ ਦੀ ਮਾਂ ਨੇ ਵੀ ਹਾਈ ਕੋਰਟ ‘ਚ ਪਟੀਸ਼ਨ ਦਾਖ਼ਲ ਕਰ ਕੇ ਪੁੱਤਰ ਦਾ ਪੋਸਟਮਾਰਟਮ ਪੀਜੀਆਈ ਜਾਂ ਏਮਸ ਦੇ ਡਾਕਟਰਾਂ ਦੇ ਬੋਰਡ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਓਧਰ, ਰਾਜਪਾਲ ਨੰ ਭੁੱਲਰ ਵੱਲੋਂ 21 ਮਾਰਚ ਨੂੰ ਮੰਤਰੀ ਅਹੁਦੇ ਤੋਂ ਭੇਜੇ ਗਏ ਅਸਤੀਫ਼ੇ ਨੂੰ ਸੋਮਵਾਰ ਨੂੰ ਮਨਜ਼ੂਰ ਕਰ ਲਿਆ। ਅੰਮ੍ਰਿਤਸਰ ਦੇ ਡੀਸੀਪੀ ਰਵਿੰਦਰਪਾਲ ਸਿੰਘ ਸੰਧੂ ਮੁਤਾਬਕ ਸੂਚਨਾ ਦੇ ਆਧਾਰ ‘ਤੇ ਮੰਡੀ ਗੋਬਿੰਦਗੜ੍ਹ ‘ਚ ਨਾਕਾਬੰਦੀ ਕਰ ਕੇ ਲਾਲਜੀਤ ਸਿੰਘ ਭੁੱਲਰ ਨੂੰ ਕਰੀਬ ਸਾਢੇ ਤਿੰਨ ਵਜੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪਹਿਲਾਂ ਮੰਡੀ ਗੋਬਿੰਦਗੜ੍ਹ ਥਾਣੇ ਪੁੱਜੀ ਤੇ ਰਾਤ ਸਾਢੇ ਸੱਤ ਵਜੇ ਟੀਮ ਉਨ੍ਹਾਂ ਨੂੰ ਅੰਮ੍ਰਿਤਸਰ ਲੈ ਗਈ।
ਪੰਜ ਦਿਨਾਂ ਦਾ ਪੁਲਿਸ ਰਿਮਾਂਡ
ਅੰਮ੍ਰਿਤਸਰ ਤੋਂ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ੀ ਕਰਵਾਈ ਗਈ। ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਭੁੱਲਰ ਨੂੰ ਕੜੀ ਨਿਗਰਾਨੀ ਹੇਠ ਅਦਾਲਤ ਤੱਕ ਲਿਆਂਦਾ ਗਿਆ।
ਅਦਾਲਤੀ ਕਾਰਵਾਈ ਦੌਰਾਨ ਜੱਜ ਵੱਲੋਂ ਮਾਮਲੇ ਦੀ ਸੁਣਵਾਈ ਕੀਤੀ ਗਈ, ਜਿਸ ਤੋਂ ਬਾਅਦ ਅਦਾਲਨੇ ਲਾਲਜੀਤ ਸਿੰਘ ਭੁੱਲਰ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ, ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਮਲੇ ਨਾਲ ਸੰਬੰਧਿਤ ਹੋਰ ਤੱਥਾਂ ਦੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰ ਕੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਸੀ ਕਿ ਉਹ ਬੇਕੂਸਰ ਹਨ ਤੇ ਕਾਨੂੰਨ ਦਾ ਸਨਮਾਨ ਕਰਦੇ ਹਨ, ਲਿਹਾਜ਼ਾ ਉਹ ਮੰਡੀ ਗੋਬਿੰਦਗੜ੍ਹ ‘ਚ ਆਤਮ-ਸਮਰਪਣ ਕਰ ਰਹੇ ਹਨ। ਇਸੇ ਵਿਚਾਲੇ ਸੂਬੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਮੁਲਾਜ਼ਮ ਵੀ ਪੀੜਤ ਪਰਿਵਾਰ ਦੇ ਸਮਰਥਨ ‘ਚ ਆ ਗਏ ਹਨ। ਵੇਅਰਹਾਊਸਿੰਗ ਕਾਰਪੋਰੇਸ਼ਨ, ਪਨਸਪ ਤੇ ਪਨਗ੍ਰੇਨ ਦੇ ਮੁਲਾਜ਼ਮਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਇਕ ਅਪ੍ਰੈਲ ਤੋਂ ਸੂਬੇ ‘ਚ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਕਰਨਗੇ। 20 ਮਾਰਚ ਨੂੰ ਦੇਰ ਰਾਤ ਡਾ. ਗਗਨਦੀਪ ਸਿੰਘ ਰੰਧਾਵਾ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮਹੱਤਿਆ ਕਰ ਲਈ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇਕ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰ ਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਾਏ ਸਨ।