ਸਿੱਖਿਆ ਦੇ ਖੇਤਰ ਵਿਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ: ਮਾਨ

ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਤੇ ਖੇਤਰ ‘ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਨੈਸ਼ਨਲ ਅਚੀਵਮੈਂਟ ਸਰਵੇ-2024 ‘ਚ ਪੰਜਾਬ ਨੇ ਕੇਰਲਾ ਨੂੰ ਪਛਾੜ ਦਿੱਤਾ ਹੈ ਤੇ ਇਹ ਪ੍ਰਾਪਤੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਨ ਤੇ ਵਿਦਿਆਰਥੀਆਂ ਦੀ ਮਿਹਨਤ ਕਾਰਨ ਹੀ ਸੰਭਵ ਹੋਇਆ ਹੈ। ਮੁੱਖ ਮੰਤਰੀ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਕੌਮੀ ਮੁਲਾਂਕਣ ‘ਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ‘ਚ ਕੀਤੇ ਬੇਮਿਸਾਲ ਨਿਵੇਸ਼ ‘ਤੇ ਚਾਨਣਾ ਪਾ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ‘ਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026- 27 ਵਿਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਸਿੱਖਿਆ ਨੂੰ ਤਰਜੀਹ ਦੇਣ ਵਾਲੇ ਦੇਸ਼ਾਂ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ। ਪਿਛਲੀਆਂ ਸਰਕਾਰਾਂ ਨੇ ਸਕੂਲਾਂ ਨੂੰ ਸਿਰਫ ਮਿਡ ਡੇ ਮੀਲ ਦੇ ਕੇਂਦਰਾਂ ਤੱਕ ਸੀਮਿਤ ਕਰ ਦਿੱਤਾ ਪਰ ਸਾਡੀ ਸਰਕਾਰ ਨੇ ਪੂਰੀ ਪ੍ਰਣਾਲੀ ਨੂੰ ਬਦਲ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ‘ਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਮਾਪਿਆਂ ਨੂੰ ਬਿਹਤਰ ਬਦਲ ਮਿਲੇਗਾ। ਇਕ ਅਪ੍ਰੈਲ ਤੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਸਕੂਲ ਤੋਂ ਗੈਰ-ਹਾਜ਼ਰੀ ਅਤੇ ਅਧਿਆਪਕਾਂ ਦੀ ਛੁੱਟੀ ਬਾਰੇ ਵੀ ਸੂਚਿਤ ਕੀਤਾ ਜਾਵੇਗਾ, ਜਿਸ ਨਾਲ ਹਰ ਪੱਧਰ ‘ਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਉਲਟ, ਪਿਛਲੇ ਚਾਰ ਸਾਲਾਂ ਵਿਚ ਪੰਜਾਬ ਵਿਚ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ। ਮਾਨ ਨੇ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ-2024 ਵਿਚ ਪੰਜਾਬ ਨੇ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਗੁਜਰਾਤ 16ਵੇਂ ਅਤੇ ਹਰਿਆਣਾ ਲਗਭਗ 7ਵੇਂ ਜਾਂ 8ਵੇਂ ਸਥਾਨ ‘ਤੇ ਹੈ। ਇਹ ਪ੍ਰਾਪਤੀ ਸਾਡੇ ਸਰਕਾਰੀ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹੈ। ਇਸੇ ਤਰ੍ਹਾਂ 740 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 118 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਚੋ 60 ਪਹਿਲਾਂ ਹੀ ਕਾਰਜਸ਼ੀਲ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀਟੀਐੱਮ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ 30,000 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਮੈਡੀਕਲ ਤੇ ਨਾਨ-ਮੈਡੀਕਲ ਸਮੇਤ ਹਰ ਸਟਰੀਮ ਦੀ ਪੜ੍ਹਾਈ ਉਪਲਬਧ ਹੈ। ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ‘ਚ ਲੜਕੀਆਂ ਲਈ ਮੁਫ਼ਤ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤੇ ਕਰੀਬ 15,500 ਵਿਦਿਆਰਥੀ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ 264 ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ ਤੇ ਅਧਿਆਪਕਾਂ ਦੇ ਅੱਠ ਬੈਚ ਸਿੰਗਾਪੁਰ ਭੇਜੇ ਗਏ ਹਨ। ਇਸ ਦੇ ਨਾਲ ਹੀ 216 ਪ੍ਰਾਇਮਰੀ ਅਧਿਆਪਕਾਂ ਦੇ ਤਿੰਨ ਬੈਚ ਫਿਨਲੈਂਡ ਦੇ ਤੁਰਕੂ ਵਿਖੇ ਸਿਖਲਾਈ ਲਈ ਭੇਜੇ ਗਏ। ਪੰਜ ਬੈਚ ਆਈਆਈਐੱਮ ਅਹਿਮਦਾਬਾਦ ਭੇਜੇ ਗਏ, ਜਿੱਥੇ 249 ਮੁੱਖ ਅਧਿਆਪਕਾਂ ਨੇ ਲੀਡਰਸ਼ਿਪ ਸਿਖਲਾਈ ਹਾਸਲ ਕੀਤੀ। ਅੰਮ੍ਰਿਤਸਰ ਦੇ ਸੈਂਸਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਇੰਸ ਅਧਿਆਪਕਾ ਗਗਨਦੀਪ ਕੌਰ ਨੇ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਅਮਰੀਕਾ ਵਿਖੇ ਦੋ ਮਹੀਨਿਆਂ ਦੇ ਪ੍ਰੋਗਰਾਮ ‘ਚ ਹਿੱਸਾ ਲਿਆ, ਜੋ ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਸਮਰੱਥਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਸਕੀਮ ਵਿਦਿਆਰਥੀਆਂ ‘ਚ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਆਪਣੇ ਨਵੀਨਤਮ ਸੋਚ ਤੇ ਵਿਚਾਰਾਂ ਰਾਹੀਂ ਸਮੂਹਿਕ ਤੌਰ ‘ਤੇ 70 ਕਰੋੜ ਰੁਪਏ ਕਮਾਏ ਹਨ।
ਪੰਜਾਬੀ ਭਾਸ਼ਾ ਲਈ ਚੁੱਕੇ ਗਏ ਕਈ ਅਹਿਮ ਕਦਮ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਾਸ਼ਾ ਐਕਟ ਤਹਿਤ ਸਰਕਾਰੀ ਕੰਮਕਾਜ ‘ਚ ਪੰਜਾਬੀ ਨੂੰ 100 ਫੀਸਦੀ ਲਾਜ਼ਮੀ ਬਣਾਇਆ ਗਿਆ ਹੈ। ਪੰਜਾਬੀ ਸਾਹਿਤ ਦਾ ਡਿਜੀਟਾਈਜ਼ੇਸ਼ਨ ਚੱਲ ਰਿਹਾ ਹੈ ਅਤੇ ਹੁਣ ਤੱਕ 18,550 ਕਿਤਾਬਾਂ ਡਿਜੀਟਾਈਜ਼ ਕੀਤੀਆਂ ਜਾ ਚੁੱਕੀਆਂ ਹਨ। 592 ਦੁਰਲੱਭ ਹੱਥ-ਲਿਖਤਾਂ ਦੀ ਸੰਭਾਲ ਦੇ ਨਾਲ-ਨਾਲ ਇਨ੍ਹਾਂ ਨੂੰ ਡਿਜੀਟਾਈਜ਼ ਕੀਤਾ ਗਿਆ ਹੈ ਅਤੇ 100 ਤੋਂ ਵੱਧ ਕਿਤਾਬਾਂ ਹੁਣ ਔਨਲਾਈਨ ਉਪਲਬਧ ਹਨ। ਸੀਐੱਮ ਨੇ ਅੱਗੇ ਕਿਹਾ ਕਿ ‘ਸ਼ਬਦਮਾਲਾ ਈ- ਡਿਕਸ਼ਨਰੀਂ ਨੂੰ ਕਈ ਪੰਜਾਬੀ ਸ਼ਬਦਕੋਸ਼ਾਂ ਦੇ ਨਾਲ ਐਡਰਾਇਡ ਐਪ ਵਜੋਂ ਲਾਂਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ 60 ਉੱਘੀਆਂ ਪੰਜਾਬੀ ਸਾਹਿਤਕ ਸ਼ਖਸੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ ਅਤੇ ਪੰਜਾਬੀ, ਹਿੰਦੀ ਤੇ ਉਰਦੂ ਵਿੱਚ ਸਰਵੋਤਮ ਕਿਤਾਬਾਂ ਲਈ ਪੁਰਸਕਾਰ ਵੀ ਵੰਡੇ ਗਏ ਹਨ।