ਸੁਖਬੀਰ ਨੇ ਕਰਵਾਈ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ `ਚ ਵਾਪਸੀ

ਬੇਗੋਵਾਲ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਚਾਰ ਵਾਰ ਪ੍ਰਧਾਨ ਤੇ ਅਕਾਲੀ ਦਲ-ਭਾਜਪਾ ਸਰਕਾਰ ‘ਚ ਕੈਬਨਿਟ ਮੰਤਰੀ ਰਹਿ ਚੁੱਕੇ ਬੀਬੀ ਜਗੀਰ ਕੌਰ ਆਪਣੇ ਸਮਰਥਕਾਂ ਸਮੇਤ ਐਤਵਾਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ (ਸ਼ੋਅਦ) ‘ਚ ਸ਼ਾਮਲ ਹੋ ਗਏ। ਬੇਗੋਵਾਲ ਸਥਿਤ ਗੁਰਦੁਆਰਾ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਦਿਆਂ ਭੁਲੱਥ ਹਲਕੇ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ।

ਇਸ ਦੌਰਾਨ ਜਿੱਥੇ ਸੁਖਬੀਰ ਬਾਦਲ ਨੇ ਪਾਰਟੀ ਤੋਂ ਨਾਰਾਜ਼ ਹੋ ਕੇ ਵੱਖ ਹੋਏ ਆਗੂਆਂ ਨੂੰ ਵੀ ਘਰ ਵਾਪਸੀ ਦਾ ਸੱਦਾ ਦਿੱਤਾ ਉੱਥੇ ਹੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਸਮੇਂ ਵਿਚ ਕੁਝ ਗਲਤੀਆਂ ਹੋਈਆਂ ਪਰ ਹੁਣ ਉਹ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਹੇਠ ਪੰਜਾਬ ਦੀ ਬੇਹਤਰੀ ਵਾਸਤੇ ਕੰਮ ਕਰਨਗੇ। ਇਸ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭੁਲੱਥ ਇਕ ਪੰਥਕ ਹਲਕਾ ਹੈ ਤੇ ਪੰਥ ਦਾ ਮਜ਼ਬੂਤ ਗੜ੍ਹ ਹੈ। ਬੀਬੀ ਜਗੀਰ ਕੌਰ ਦੇ ਟੀਮ ਸਮੇਤ ਪਾਰਟੀ ‘ਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਈ ਹੈ। ਉਨ੍ਹਾਂ ਅਕਾਲੀ ਦਲ ਛੱਡ ਕੇ ਗਏ ਹੋਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਬਚਾਉਣ ਲਈ ‘ਪੰਥ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸ ਜਾਣ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤ ਦਾ ਜ਼ਕਰ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਦੋਸ਼ ਲਾਇਆ ਕਿ ਉਸ ਦੇ ਰਾਜ ‘ਚ ਸੂਬੇ ਅੰਦਰ ਗੁੰਡਾਗਰਦੀ, ਗੈਂਗਸਟਰਾਂ ਤੇ ਨਸ਼ਿਆਂ ਦਾ ਬੋਲਬਾਲਾ ਹੈ।
ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਾਲੇ ਅਧਿਕਾਰੀਆਂ ‘ਤੇ ਵੀ ਸੱਤਾਧਾਰੀ ਧਿਰ ਵੱਲੋਂ ਦਬਾਅ ਬਣਾਇਆ ਜਾਂਦਾ ਹੈ ਤੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸੁਖਬੀਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਪੰਜਾਬ ਨੇ ਵਿਕਾਸ ਦੇ ਖੇਤਰ ‘ਚ ਵੱਡੀ ਤਰੱਕੀ ਕੀਤੀ ਸੀ, ਜਦਕਿ ਮੌਜੂਦਾ ਸਰਕਾਰ ਸਿਰਫ਼ ਇਸ਼ਤਿਹਾਰਾਂ ਰਾਹੀਂ ਆਪਣੀਆਂ ਪ੍ਰਾਪਤੀਆਂ ਦਿਖਾਉਣ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਦੀ ਭਲਾਈ ਵਾਸਤੇ ਕੰਮ ਕੀਤਾ ਹੈ। ਆਟਾ ਦਾਲ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਸਕਾਲਰਸ਼ਿਪ ਸਕੀਮ ਸਾਰੀਆਂ ਬਾਦਲ ਸਾਹਿਬ ਨੇ ਸ਼ੁਰੂ ਕੀਤੀਆਂ। ਬਾਅਦ ‘ਚ ਨਾ ਤਾਂ ਕਾਂਗਰਸ ਤੇ ਨਾ ਹੀ ਆਪ ਨੇ ਕੁਝ ਕੀਤਾ। ਉਨ੍ਹਾਂ ਕਿਹਾ ਕਿ ਉਹ ਦੋਵਾਂ ਪਾਰਟੀਆਂ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਸੂਬੇ ‘ਚ ਸੱਤਾ ‘ਚ ਆਉਣ ਤੋਂ ਬਾਅਦ ਇਕ ਵੀ ਪ੍ਰਾਪਤੀ ਦੱਸ ਦੇਣ। ਸੁਖਬੀਰ ਬਾਦਲ ਨੇ ਭਰੋਸਾ ਦਿੱਤਾ ਕਿ ਆਪ ਸਰਕਾਰ ਵੱਲੋਂ ਬੰਦ ਕੀਤੀਆਂ ਜਾਂ ਰੋਕੀਆਂ ਸਾਰੀਆਂ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਤਿੰਨ ਮਹੀਨਿਆਂ ‘ਚ ਹੀ ਗੈਂਗਸਟਰਵਾਦ ਖ਼ਤਮ ਕੀਤਾ ਜਾਵੇਗਾ। ਬਾਅਦ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜਿਹੜੇ ਵੀ ਆਪ ਆਗੁ ਭ੍ਰਿਸ਼ਟਾਚਾਰ ‘ਚ ਸ਼ਾਮਲ ਹਨ, ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਆਪ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਦਿੱਲੀ ਦੇ ਠੇਕੇਦਾਰ ਨੂੰ ਦੇਣ ਵੀ ਨਿਖੇਧੀ ਕੀਤੀ ਜਿਸਨੇ ਕੰਡਮ ਹੋਈਆਂ ਬੱਸਾਂ ਵਰਤੀਆਂ ਤੇ ਇਸਨੂੰ ਇਕ ਅਪਰਾਧੀ ਕਾਰਵਾਈ ਕਰਾਰ ਦਿੱਤਾ। ਇਸ ਮੌਕੇ ਰਾਜਨੀਤ ਕੌਰ, ਯੁਵਰਾਜ ਭੁਪਿੰਦਰ ਸਿੰਘ, ਸਤਪਾਲ ਸਿੰਘ ਮੁਲਤਾਨੀ, ਸੁਰਿੰਦਰਪਾਲ ਸਿੰਘ ਠੇਕੇਦਾਰ ਅਤੇ ਅਰਵਿੰਦਰ ਸਿੰਘ ਰਸੂਲਪੁਰ ਸਤਵਿੰਦਰ ਪਾਲ ਸਿੰਘ ਢੱਟ ਵੀ ਹਾਜ਼ਰ ਸਨ।
2024 `ਚ ਵੀ ਹੋਈ ਸੀ ਘਰ ਵਾਪਸੀ
ਬੀਬੀ ਜਗੀਰ ਕੌਰ ਨੂੰ ਸਾਲ 2022 ‘ਚ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਾਲ 2024 ‘ਚ ਉਨ੍ਹਾਂ ‘ ਨੂੰ ਮੁੜ ਪਾਰਟੀ ‘ਚ ਸ਼ਾਮਲ ਕੀਤਾ ਗਿਆ ਸੀ। ਬਾਅਦ ‘ਚ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ‘ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਪੰਥਕ ਸਿਆਸਤ ਨੂੰ ਮਜ਼ਬੂਤੀ ਦੇਣ ਵਜੋਂ ਦੇਖਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਬੀਬੀ ਜਗੀਰ ਕੌਰ ਐੱਸਜੀਪੀਸੀ ਦੀ ਪ੍ਰਧਾਨ ਬਣਨ ਦੀ ਇੱਛਾ ਰੱਖਦੇ ਹਨ, ਪਰ ਪਾਰਟੀ ਫਿਲਹਾਲ ਉਨ੍ਹਾਂ ਨੂੰ ਭੁਲੱਥ ਤੋਂ ਚੋਣ ਮੈਦਾਨ ‘ਚ ਉਤਾਰਨਾ ਚਾਹੁੰਦੀ ਹੈ। ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਐੱਸਜੀਪੀਸੀ ਦਾ ਪ੍ਰਧਾਨ ਬਣਾਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਸੁਖਬੀਰ ਬਾਦਲ ਨੇ ਵੀ ਇਸ ਸਬੰਧੀ ਪੁੱਛੇ ਗਏ ਸਵਾਲ ‘ਤੇ ਕਿਹਾ ਕਿ ਬੀਬੀ ਜਗੀਰ ਕੌਰ ਐੱਸਜੀਪੀਸੀ ਦੇ ਮੈਂਬਰ ਹਨ ਤੇ ਪ੍ਰਧਾਨ ਚੁਣਨ ਦਾ ਫ਼ੈਸਲਾ ਕਮੇਟੀ ਦੇ ਮੈਂਬਰ ਹੀ ਕਰਨਗੇ।