ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਛਿੜੀ ਚਰਚਾ

ਅੰਮ੍ਰਿਤਸਰ: ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰਪੁਰਬ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਦੋ ਸਿੱਖ ਧੜਿਆਂ ਵੱਲੋਂ ਇਕ ਦੂਜੇ ‘ਤੇ ਕਿਰਪਾਨਾਂ ਚਲਾਉਣ ਤੇ ਦਸਤਾਰਾਂ ਉਤਾਰਨ ਦੀ ਵਾਪਰੀ ਮੰਦਭਾਗੀ ਘਟਨਾ ਪਿੱਛੋਂ ਜਥੇਦਾਰਾਂ ਦੀ ਨਿਯੁਕਤੀ, ਯੋਗਤਾ, ਸੇਵਾ ਮੁਕਤੀ ਤੇ ਕਾਰਜ ਖੇਤਰ ਬਾਰੇ ਨਿਯਮ ਬਣਾਉਣ ਦੀ ਮੰਗ ਉੱਠੀ ਹੈ। ਇਸ ਘਟਨਾ ਪਿੱਛੇ ਵੀ ਇਕ ਜਥੇਦਾਰ ਨੂੰ ਅਹੁਦੇ ਤੋਂ ਹਟਾਉਣਾ ਤੇ ਦੂਜੇ ਨੂੰ ਉਸ ਦੀ ਥਾਂ ਨਿਯੁਕਤ ਕਰਨ ਦਾ ਹੀ ਮਾਮਲਾ ਹੈ।
ਇਸੇ ਤਰ੍ਹਾਂ ਪਹਿਲਾਂ ਵੀ ਕਈ ਜਥੇਦਾਰਾਂ ਨੂੰ ਇਸ ਸਨਮਾਨਯੋਗ ਅਹੁਦੇ ਤੋਂ ਅਪਮਾਨਜਨਕ ਢੰਗ ਨਾਲ ਹਟਾਇਆ ਜਾ ਚੁੱਕਾ ਹੈ ਤੇ ਇਸ ਕਾਰਵਾਈ ਕਾਰਨ ਸਿੱਖ ਕੌਮ ਦੀ ਹਾਲਤ ਹਾਸੋਹੀਣੀ ਬਣਦੀ ਰਹੀ ਹੈ। ਇਸ ਬਾਰੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਆਖਿਆ ਕਿ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ, ਯੋਗਤਾ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਉਣ ਦੀ ਲੋੜ ਹੈ। ਉਨ੍ਹਾਂ 2000 ਵਿਚ, ਜਦੋਂ ਉਹ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਿਯੁਕਤ ਕੀਤੇ ਗਏ ਸੀ, ਉਸ ਵੇਲੇ ਵੀ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਇਹ ਨਿਯਮ ਤਿਆਰ ਕੀਤੇ ਜਾਣ ਤਾਂ ਜੋ ਭਵਿੱਖ ਵਿਚ ਇਹ ਸਨਮਾਨਯੋਗ ਅਹੁਦਿਆਂ ਦਾ ਸਨਮਾਨ ਬਹਾਲ ਰਹੇ। ਸਿੱਖ ਸੰਸਥਾ ਵੱਲੋਂ ਇਨ੍ਹਾਂ ਨਿਯਮਾਂ ਨੂੰ ਹੁਣ ਤੱਕ ਨਹੀਂ ਬਣਾਇਆ ਗਿਆ। ਇਹੀ ਕਾਰਨ ਹੈ ਕਿ ਸਿੰਘ ਸਾਹਿਬਾਨ ਦੀ ਨਿਯੁਕਤੀ ਤੇ ਸੇਵਾ ਮੁਕਤੀ ਦੀ ਕਾਰਵਾਈ ਵਿਚ ਪਾਰਦਰਸ਼ਤਾ ਦੀ ਘਾਟ ਬਣੀ ਰਹਿੰਦੀ ਹੈ।
ਉਨ੍ਹਾਂ ਆਖਿਆ ਕਿ ਇਹ ਨਿਯਮ ਬਣਾਉਣ ਦੀ ਵੱਡੀ ਲੋੜ ਹੈ ਜੋ ਪੰਜਾਂ ਤਖ਼ਤਾਂ ‘ਤੇ ਲਾਗੂ ਹੋਣੇ ਚਾਹੀਦੇ ਹਨ ਜਾਂ ਫਿਰ ਸਾਰੇ ਤਖ਼ਤਾਂ ਦੀਆਂ ਪ੍ਰਬੰਧਕ ਕਮੇਟੀਆਂ ਅਜਿਹੇ ਸਾਂਝੇ ਨਿਯਮ ਤਿਆਰ ਕਰਨ ਤੇ ਉਨ੍ਹਾਂ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਆਖਿਆ ਕਿ ਜੇਕਰ ਇਕ ਵੀ ਧਿਰ ਵੱਲੋਂ ਸੰਜਮ ਨਾਲ ਕੰਮ ਲਿਆ ਜਾਂਦਾ ਤਾਂ ਇਹ ਇਸ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕਦਾ ਸੀ। ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਪਟਨਾ ਸਾਹਿਬ ਵਿਖੇ ਵਾਪਰੀ ਘਟਨਾ ਮੰਦਭਾਗੀ ਹੈ ਜਿਸ ਨੇ ਸਮੁੱਚੀ ਕੌਮ ਨੂੰ ਸ਼ਰਮਸਾਰ ਕੀਤਾ ਹੈ।ਉਨ੍ਹਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਤਖਤ ਸ੍ਰੀ ਪਟਨਾ ਸਾਹਿਬ ਦੀਆਂ ਕਮੇਟੀਆਂ ਦੇ ਪ੍ਰਧਾਨਾਂ ਅਤੇ ਪ੍ਰਬੰਧਕਾਂ ਨੂੰ ਭਰੋਸੇ ਵਿਚ ਲੈ ਕੇ ਜਥੇਦਾਰਾਂ ਦੀ ਨਿਯੁਕਤੀ, ਸੇਵਾ-ਮੁਕਤੀ, ਭੂਮਿਕਾ, ਕਾਰਜ ਖੇਤਰ ਅਤੇ ਹੋਰ ਸੇਵਾ ਨਿਯਮ ਬਣਾਉਣ ਬਾਰੇ ਕਾਰਵਾਈ ਸ਼ੁਰੂ ਕਰਨ। ਇਸ ਬਾਰੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਪਟਨਾ ਸਾਹਿਬ ਵਿਖੇ ਜੋ ਕੁਝ ਵਾਪਰਿਆ ਹੈ, ਉਹ ਮੰਦਭਾਗਾ ਸੀ ਤੇ ਇਸ ਕਾਰਨ ਕੌਮ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਪਟਨਾ ਸਾਹਿਬ ਵਿਖੇ ਨਵੇਂ ਮੀਤ ਜਥੇਦਾਰ ਦੀ ਨਿਯੁਕਤੀ ਦੇ ਢੰਗ ਤਰੀਕੇ ਤੇ ਇਤਰਾਜ਼ ਦਾ ਪ੍ਰਗਟਾਵਾ ਕਰ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1999 ਵਿਚ ਭਾਈ ਰਣਜੀਤ ਸਿੰਘ, 2000 ਵਿਚ ਗਿਆਨੀ ਪੂਰਨ ਸਿੰਘ ਅਤੇ 2008 ਵਿਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਜਬਰੀ ਸੇਵਾ ਮੁਕਤ ਕੀਤਾ ਜਾ ਚੁੱਕਾ ਹੈ। 1999 ਵਿਚ ਜਦੋਂ ਭਾਈ ਰਣਜੀਤ ਸਿੰਘ ਨੂੰ ਜਬਰੀ ਸੇਵਾ ਮੁਕਤ ਕੀਤਾ ਗਿਆ ਸੀ ਤਾਂ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੋਹੜਾ ਵਿਚਾਲੇ ਖਿੱਚੋਤਾਣ ਚੱਲ ਰਹੀ ਸੀ ਜਿਸ ਵਿਚ ਉਸ ਵੇਲੇ ਦੇ ਜਥੇਦਾਰ ਭਾਈ ਰਣਜੀਤ ਸਿੰਘ ਨਿਸ਼ਾਨਾ ਬਣ ਗਏ। ਇਸੇ ਤਰ੍ਹਾਂ 2008 ਵਿਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਵੀ ਕੁਝ ਕਾਰਨਾਂ ਕਰਕੇ ਰਾਤੋ-ਰਾਤ ਜਬਰੀ ਸੇਵਾ ਮੁਕਤ ਕਰ ਦਿੱਤਾ ਗਿਆ ਸੀ।
___________________________________
ਪਟਨਾ ਸਾਹਿਬ ਕੇਸ ਦੇ ਜ਼ਿੰਮੇਵਾਰਾਂ ਖਿਲਾਫ ਹੋਵੇ ਕਾਰਵਾਈ
ਅੰਮ੍ਰਿਤਸਰ: ਪਟਨਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਬਾਰੇ ਭਾਵੇਂ ਦੋਵਾਂ ਧਿਰਾਂ ਵਿਚਾਲੇ ਸਮਝੌਤੇ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਸਿੱਖ ਵਿਦਵਾਨਾਂ ਦਾ ਮਤ ਹੈ ਕਿ ਇਸ ਘਟਨਾ ਦੌਰਾਨ ਮਰਿਆਦਾ ਦੇ ਹੋਏ ਘਾਣ ਤੇ ਸਿੱਖ ਕੌਮ ਨੂੰ ਹੋਈ ਨਮੋਸ਼ੀ ਲਈ ਦੋਵੇਂ ਧਿਰਾਂ ਖਿਲਾਫ਼ ਪੰਥਕ ਮਰਿਆਦਾ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮੰਚ ਤੋਂ ਦੋਵਾਂ ਧਿਰਾਂ ਨੇ ਇਕ ਦੂਜੇ ਖ਼ਿਲਾਫ਼ ਕਿਰਪਾਨਾਂ ਚਲਾਈਆਂ ਤੇ ਦਸਤਾਰਾਂ ਉਤਾਰੀਆਂ ਗਈਆਂ ਸਨ। ਘਟਨਾ ਵਿਚ ਜਥੇਦਾਰ ਗਿਆਨੀ ਇਕਬਾਲ ਸਿੰਘ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਸ ਧਾਰਮਿਕ ਸਮਾਗਮ ਦਾ ਉਸ ਵੇਲੇ ਟੀæਵੀ ਚੈਨਲਾਂ ਤੋਂ ਸਿੱਧਾ ਪ੍ਰਸਾਰਨ ਵੀ ਚੱਲ ਰਿਹਾ ਸੀ, ਜਿਸ ਰਾਹੀਂ ਲੋਕਾਂ ਨੇ ਇਸ ਸਾਰੀ ਘਟਨਾ ਨੂੰ ਦੇਖਿਆ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਫਿਲਹਾਲ ਉਨ੍ਹਾਂ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨਹੀਂ ਪੁੱਜੀ ਹੈ ਪਰ ਇਹ ਰਿਪੋਰਟ ਮਿਲਣ ਮਗਰੋਂ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਜ਼ਰੂਰ ਵਿਚਾਰ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਆਖਿਆ ਕਿ ਇਸ ਘਟਨਾ ਨਾਲ ਸਬੰਧਤ ਧਿਰਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਅਖੰਡ ਪਾਠ ਕਰਵਾ ਕੇ ਖਿਮਾ ਜਾਚਨਾ ਦੀ ਅਰਦਾਸ ਕਰਨੀ ਚਾਹੀਦੀ ਹੈ। ਜਾਂਚ ਕਮੇਟੀ ਨੇ ਵੀ ਸੁਝਾਅ ਦਿੱਤਾ ਹੈ ਕਿ ਇਸ ਘਟਨਾ ਲਈ ਖਿਮਾ ਜਾਚਨਾ ਕੀਤੀ ਜਾਵੇ। ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਇਸ ਘਟਨਾ ਦੀ ਜਾਂਚ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਆਪਣੇ ਭਰੋਸੇਯੋਗ ਸੂਤਰਾਂ ਤੋਂ ਵੀ ਕਰਾਉਣੀ ਚਾਹੀਦੀ ਹੈ ਤੇ ਜ਼ਿੰਮੇਵਾਰ ਵਿਅਕਤੀਆਂ ਦਾ ਪਤਾ ਲਾਉਣਾ ਚਾਹੀਦਾ ਹੈ। ਦੋਵਾਂ ਧਿਰਾਂ ਖਿਲਾਫ਼ ਕਾਰਵਾਈ ਦੀ ਥਾਂ ਸਿਰਫ ਜ਼ਿੰਮੇਵਾਰ ਧਿਰ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

Be the first to comment

Leave a Reply

Your email address will not be published.