ਹੁਣ ਪੰਜਾਬ ‘ਚ ਵੀ ਫਿਰੇਗਾ ਆਮ ਆਦਮੀ ਪਾਰਟੀ ਦਾ ਝਾੜੂ

ਜਲੰਧਰ: ਦਿੱਲੀ ਵਿਧਾਨ ਸਭਾ ਚੋਣਾਂ ਵਿਚ ਦੋਵਾਂ ਪ੍ਰਮੁੱਖ ਪਾਰਟੀਆਂ (ਕਾਂਗਰਸ ਤੇ ਭਾਜਪਾ) ਨੂੰ ਟੱਕਰ ਦੇ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਚ ਸਾਰੀਆਂ ਲੋਕ ਸਭਾ ਸੀਟਾਂ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਚ ‘ਆਪ’ ਵੱਲੋਂ ਕੀਤੇ ਗਏ ਇਕੱਠ ਮੌਕੇ ਪਾਰਟੀ ਦੇ ਬੁਲਾਰੇ ਤੇ ਕੌਮੀ ਵਰਕਿੰਗ ਕਮੇਟੀ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਦੌਰਾਨ ਨਸ਼ਾਖੋਰੀ ਤੇ ਭ੍ਰਿਸ਼ਟਾਚਾਰ ਮੁੱਖ ਮੁੱਦਾ ਹੋਵੇਗਾ। ਇਸ ਤੋਂ ਇਲਾਵਾ ਬੇਰੁਜ਼ਗਾਰੀ, ਕਿਸਾਨਾਂ ਦੀਆਂ ਫ਼ਸਲਾਂ ਦੇ ਘੱਟੋ-ਘੱਟ ਮੁੱਲ ਨੂੰ ਵਧਾਉਣ ਤੇ ਵਪਾਰੀਆਂ ਤੇ ਸ਼ਹਿਰੀ ਵਰਗ ‘ਤੇ ਲੱਗੇ ਪ੍ਰਾਪਰਟੀ ਟੈਕਸ ਦੇ ਮੁੱਦਿਆਂ ਨੂੰ ਪਾਰਟੀ ਮੁੱਖ ਤੌਰ ‘ਤੇ ਉਭਾਰੇਗੀ। ਉਨ੍ਹਾਂ ਪੰਜਾਬ ਵਿਚ ਭਖੇ ਸਿੰਥੈਟਿਕ ਡਰੱਗ ਦੇ ਮੁੱਦੇ ਦੀ ਜੁਡੀਸ਼ੀਅਲ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚæਐਸ ਫੂਲਕਾ ਵੀ ਹਾਜ਼ਰ ਸਨ।
‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਸਪੱਸ਼ਟ ਕੀਤਾ ਕਿ ਪਾਰਟੀ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਗੱਠਜੋੜ ਕਰ ਕੇ ਚੋਣ ਨਹੀਂ ਲੜੇਗੀ। ਪਾਰਟੀ ਨੇ ਸਾਫ-ਸੁਥਰੇ ਅਕਸ ਵਾਲੇ ਉਮੀਦਵਾਰਾਂ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਜੋ ਵੀ ਚੋਣ ਲੜਨ ਦਾ ਇਛੁੱਕ ਹੈ, ਆਪਣੀ ਅਰਜ਼ੀ ਦੇ ਸਕਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹੋਰ ਰਾਜਸੀ ਪਾਰਟੀਆਂ ਵਿਚੋਂ ‘ਆਪ’ ਵਿਚ ਸ਼ਾਮਲ ਹੋਣ ਦੇ ਇਛੁੱਕ ਆਗੂਆਂ ਨੂੰ ਪਾਰਟੀ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਜਾਵੇਗਾ ਤੇ ਪਾਰਟੀ ਮੁੱਖ ਤੌਰ ‘ਤੇ ਕ੍ਰਾਈਮ, ਕਰੱਪਸ਼ਨ ਤੇ ਕਰੈਕਟਰ ਤਿੰਨ ‘ਸੀ’ ਦੇ ਸਿਧਾਂਤ ਨੂੰ ਮੁੱਖ ਰੱਖ ਕੇ ਉਮੀਦਵਾਰਾਂ ਦੀ ਚੋਣ ਕਰੇਗੀ।
ਉਨ੍ਹਾਂ ਇਹ ਸੰਕੇਤ ਵੀ ਦਿੱਤੇ ਕਿ ਲੋਕ ਸਭਾ ਚੋਣਾਂ ਲਈ ਇਹ ਜ਼ਰੂਰੀ ਨਹੀਂ ਹੋਵੇਗਾ ਕਿ ਉਹ ਆਮ ਆਦਮੀ ਪਾਰਟੀ ਦਾ ਵਰਕਰ ਜਾਂ ਅਹੁਦੇਦਾਰ ਹੋਵੇ। ਉਮੀਦਵਾਰ ਦੀ ਚੋਣ ਵਿਚ ਉਸ ਦੇ ਚੰਗੇ ਕੰਮਾਂ ਤੇ ਚੰਗੇ ਅਕਸ ਨੂੰ ਮੁੱਖ ਰੱਖਿਆ ਜਾਵੇਗਾ। ਇਸੇ ਦੌਰਾਨ ਗਿਆਨੀ ਜ਼ੈਲ ਸਿੰਘ ਦਾ ਪੋਤਾ ਕੁਲਤਾਰ ਸਿੰਘ ਤੇ ਗਾਇਕ ਜੱਸੀ ਜਸਰਾਜ ਵੀ ‘ਆਪ’ ਵਿਚ ਸ਼ਾਮਲ ਹੋ ਗਏ।
ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਤੇ ਕਾਂਗਰਸ ਦੋਹੇਂ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਚੋਣ ਨਹੀਂ ਲੜ ਸਕਦੀਆਂ ਕਿਉਂਕਿ ਇਨ੍ਹਾਂ ਦੇ ਆਗੂ ਭ੍ਰਿਸ਼ਟਾਚਾਰ ਵਿਚ ਬੁਰੀ ਤਰ੍ਹਾਂ ਫਸੇ ਹੋਏ ਹਨ। ਪੰਜਾਬ ਵਿਚ ਡਰੱਗ ਦੇ ਮਾਮਲੇ ‘ਤੇ ਟਿੱਪਣੀ ਕਰਦਿਆਂ ‘ਆਪ’ ਦੇ ਆਗੂ ਨੇ ਕਿਹਾ ਕਿ ਜੇਕਰ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਕਰਦੀ ਹੈ ਤਾਂ ਨਤੀਜਾ ਜ਼ੀਰੋ ਨਿਕਲੇਗਾ। ਇਸ ਲਈ ਸੀæਬੀæਆਈ ਦੀ ਥਾਂ ਜੁਡੀਸ਼ੀਅਲ ਜਾਂਚ ਕਰਵਾਉਣੀ ਚਾਹੀਦੀ ਹੈ। ਪਾਰਟੀ ਪੰਜਾਬ ਵਿਚ 13 ਦੀਆਂ 13 ਲੋਕ ਸਭਾ ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ।

Be the first to comment

Leave a Reply

Your email address will not be published.